ਚੋਣ ਮੈਦਾਨ 'ਚ ਨਿੱਤਰੇ ਬਲਬੀਰ ਰਾਜੇਵਾਲ, ਇਸ ਹਲਕੇ ਤੋਂ ਲੜਨਗੇ ਚੋਣ

Tuesday, Jan 11, 2022 - 03:48 PM (IST)

ਚੋਣ ਮੈਦਾਨ 'ਚ ਨਿੱਤਰੇ ਬਲਬੀਰ ਰਾਜੇਵਾਲ, ਇਸ ਹਲਕੇ ਤੋਂ ਲੜਨਗੇ ਚੋਣ

ਮਾਛੀਵਾੜਾ ਸਾਹਿਬ (ਟੱਕਰ) : ਦਿੱਲੀ ਕਿਸਾਨ ਅੰਦੋਲਨ ਦੌਰਾਨ ਅੰਤਰਰਾਸ਼ਟਰੀ ਪੱਧਰ ਦੀ ਪਹਿਚਾਣ ਬਣੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਹਲਕਾ ਸਮਰਾਲਾ ਤੋਂ ਚੋਣ ਲੜਨ ਦਾ ਬਿਗੁਲ ਵਜਾਉਂਦਿਆਂ ਇਲਾਕੇ ’ਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਚੋਣ ਮੈਦਾਨ ’ਚ ਉਤਰਨ ਤੋਂ ਬਾਅਦ ਹਲਕਾ ਸਮਰਾਲਾ ’ਚ ਕਾਫ਼ੀ ਸਿਆਸੀ ਉੱਥਲ-ਪੁਥਲ ਹੋਵੇਗੀ ਕਿਉਂਕਿ ਉਕਤ ਕਿਸਾਨ ਆਗੂ ਜਿੱਥੇ ਇਸ ਹਲਕੇ ਨਾਲ ਸਬੰਧ ਰੱਖਦੇ ਹਨ ਉੱਥੇ ਹੀ ਉਨ੍ਹਾਂ ਦਾ ਹਰੇਕ ਸਿਆਸੀ ਪਾਰਟੀ ਦੇ ਆਗੂਆਂ ਨਾਲ ਸਿੱਧਾ ਰਾਬਤਾ ਵੀ ਹੈ। 

ਇਹ ਵੀ ਪੜ੍ਹੋ : ਪੰਜਾਬੀ ਮਾਂ ਬੋਲੀ 'ਤੇ ਇਕ ਹੋਰ ਹਮਲਾ, ਹੁਣ ਆਰਮੀ ਪਬਲਿਕ ਸਕੂਲਾਂ ’ਚ ਮਾਂ ਬੋਲੀ ਦੀ ‘ਬਲੀ’

ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਰਾਜੇਵਾਲ ਸਿਆਸਤ ਵਿਚ ਕੋਈ ਨਵੇਂ ਨਹੀਂ ਅਤੇ ਕਈ ਸਾਲ ਪਹਿਲਾਂ ਉਨ੍ਹਾਂ ਦੀਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਨਜ਼ਦੀਕੀਆਂ ਰਹੀਆਂ। ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਉਨ੍ਹਾਂ ਦੀਆਂ ਚੋਣ ਲੜਨ ਦੀਆਂ ਚਰਚਾਵਾਂ ਜ਼ੋਰਾਂ ’ਤੇ ਰਹੀਆਂ ਅਤੇ ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬੰਸ ਸਿੰਘ ਮਾਣਕੀ ਦਾ ਵੀ ਸਮਰਥਨ ਕੀਤਾ ਸੀ। ਕਿਸਾਨੀ ਮੁੱਦਿਆਂ ਦੇ ਮਾਹਿਰ, ਪੜ੍ਹੇ-ਲਿਖੇ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਨੇੜਤਾ ਰੱਖਣ ਵਾਲੇ ਬਲਬੀਰ ਸਿੰਘ ਰਾਜੇਵਾਲ ਨੂੰ ਚੋਣਾਂ ’ਚ ਕਾਫ਼ੀ ਲਾਭ ਮਿਲ ਸਕਦਾ ਹੈ।

ਇਹ ਵੀ ਪੜ੍ਹੋ : ਰਾਘਵ ਚੱਢਾ ਦਾ ਹਰਸਿਮਰਤ ਬਾਦਲ ਨੂੰ ਤਿੱਖਾ ਸਵਾਲ, CM ਚੰਨੀ 'ਤੇ ਵੀ ਲਾਇਆ ਵੱਡਾ ਇਲਜ਼ਾਮ

 ਕਿਸਾਨ ਅੰਦੋਲਨ ਜਿੱਤਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੀਆਂ 42 ਕਿਸਾਨ ਜਥੇਬੰਦੀਆਂ ’ਚੋਂ 22 ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਨਾਮ ਦੀ ਨਵੀਂ ਪਾਰਟੀ ਦਾ ਗਠਨ ਕਰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 117 ਸੀਟਾਂ ਤੋਂ ਉਮੀਦਵਾਰ ਉਤਾਰਨ ਦਾ ਐਲਾਨ ਕਰ ਦਿੱਤਾ ਹੈ। ਬੇਸ਼ੱਕ ਸੰਯੁਕਤ ਸਮਾਜ ਮੋਰਚਾ ਵੱਲੋਂ ਅਜੇ ਤੱਕ ਕਿਸੇ ਵੀ ਸੀਟ ’ਤੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਬਲਕਿ ਇਸ ਪਾਰਟੀ ਦੇ ਸੁਪਰੀਮੋ ਬਲਬੀਰ ਸਿੰਘ ਰਾਜੇਵਾਲ ਵੱਲੋਂ ਅੱਜ ਹਲਕਾ ਸਮਰਾਲਾ ’ਚ ਆਪਣੀਆਂ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਉਹ ਆਪਣੇ ਸਮਰਥਕਾਂ ਸਮੇਤ ਮਾਛੀਵਾੜਾ ਇਲਾਕੇ ’ਚ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਦਿਖਾਈ ਦਿੱਤੇ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਅੱਜ ਹਲਕਾ ਸਮਰਾਲਾ ਦੀਆਂ ਸਰਗਰਮੀਆਂ ਵਿਚ ਕਈ ਅਕਾਲੀ ਦਲ ਅਤੇ ਕਾਂਗਰਸ ਦੇ ਆਗੂ ਵੀ ਨਜ਼ਰ ਆਏ ਜੋ ਕਿ ਵਿਰੋਧੀ ਸਿਆਸੀ ਪਾਰਟੀਆਂ ਲਈ ਵੀ ਖ਼ਤਰੇ ਦੀ ਘੰਟੀ ਹੈ ਕਿ ਉਨ੍ਹਾਂ ਦਾ ਵੋਟ ਬੈਂਕ ਨਾ ਬਿਖ਼ਰ ਜਾਵੇ। 

ਨੋਟ : ਬਲਬੀਰ ਰਾਜੇਵਾਲ ਦੇ ਇਸ ਫ਼ੈਸਲੇ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ


author

Harnek Seechewal

Content Editor

Related News