ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦੇ ਮਾਮਲੇ ''ਚ ਬਲਬੀਰ ਸਿੱਧੂ ਦਾ ਬਿਆਨ
Tuesday, May 13, 2025 - 04:47 PM (IST)

ਮੋਹਾਲੀ : ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਹੋਈ 15 ਲੋਕਾਂ ਦੀ ਮੌਤ 'ਤੇ ਡੂੰਘੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਇਹ ਘਟਨਾ ਨਾ ਸਿਰਫ਼ ਦੁਖਦਾਇਕ ਹੈ, ਸਗੋਂ ਇਹ ਸਾਫ਼ ਤੌਰ 'ਤੇ ਆਮ ਆਦਮੀ ਪਾਰਟੀ ਦੀ ਅਣਗਹਿਲੀ ਦਾ ਨਤੀਜਾ ਹੈ।
ਸਿੱਧੂ ਨੇ ਮਾਨ ਸਰਕਾਰ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲਾਂ ਦੇ ਦੌਰਾਨ ਇਹ ਤੀਜੀ ਵਾਰ ਹੈ, ਜਦੋਂ ਜ਼ਹਿਰੀਲੀ ਸ਼ਰਾਬ ਨੇ ਮਾਸੂਮ ਲੋਕਾਂ ਦੀ ਜਾਨ ਲਈ ਹੈ। ਉਨ੍ਹਾਂ ਨੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ, ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।