ਸਿਹਤ ਮੰਤਰੀ ਬਲਬੀਰ ਸਿੱਧੂ ਨੇ 160 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Thursday, Nov 26, 2020 - 05:32 PM (IST)

ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 160 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮਹਿਕਮੇ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ 160 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ 'ਚ 102 ਰੇਡੀਓਗ੍ਰਾਫਰ, 52 ਓਟੀ ਅਸਿਸਟੈਂਟ ਤੇ 6 ਈ. ਸੀ. ਜੀ. ਟੈਕਨੀਸ਼ੀਅਨ ਸ਼ਾਮਲ ਹਨ। ਮਹਿਕਮੇ ਅਧੀਨ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ `ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।

ਬਲਬੀਰ ਸਿੰਘ ਸਿੱਧੂ ਨੇ ਸਿਹਤ ਮਹਿਕਮੇ ਵੱਲੋਂ ਨਵੇਂ ਨਿਯੁਕਤ ਕੀਤੇ ਗਏ ਸਟਾਫ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਈਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਣਾਲੀ ਦੀ ਸ਼ਾਖ਼ 'ਚ ਸੁਧਾਰ ਲਿਆਂਦਾ ਜਾਵੇਗਾ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਟਾਫ਼ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੌਰਾਨ ਸਿਹਤ ਮਹਿਕਮੇ ਦੇ ਸਟਾਫ਼ ਨੇ ਪੂਰੀ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਈ ਹੈ ਅਤੇ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ ਹੈ।

ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਮਹਿਕਮੇ 'ਚ ਘਰ-ਘਰ ਰੋਜ਼ਗਾਰ ਮੁਹਿੰਮ ਅਧੀਨ ਲਗਭਗ 6000 ਨੌਕਰੀਆਂ ਦਿੱਤੀਆਂ ਗਈਆਂ, ਜਿਸ 'ਚ ਰੇਗੂਲਰ ਤੌਰ 'ਤੇ 249 ਮਾਹਿਰ ਡਾਕਟਰ, 375 ਮੈਡੀਕਲ ਅਫ਼ਸਰ, 35 ਡੈਂਟਲ ਅਫ਼ਸਰਾਂ ਤੋਂ ਇਲਾਵਾ ਪੈਰਾ ਮੈਡੀਕਲ ਤੇ ਹੋਰ ਸਟਾਫ਼ ਸ਼ਾਮਲ ਹੈ। ਇਸ ਤੋਂ ਇਲਾਵਾ ਐਨ. ਐਚ. ਐਮ. ਅਧੀਨ ਸਪੈਸ਼ਲਿਸਟ, ਪੈਰਾ ਮੈਡੀਕਲ ਤੇ ਹੋਰ ਸਟਾਫ਼ ਦੀ ਭਰਤੀ ਕੀਤੀ ਗਈ ਹੈ। ਆਉਂਦੇ 4 ਮਹੀਨਿਆਂ 'ਚ ਲਗਭਗ 4000 ਹੋਰ ਨਿਯੁਕਤੀਆਂ ਕੀਤੀਆਂ ਜਾਣਗੀਆਂ। ਸਿਹਤ ਤੇ ਪਰਿਵਾਰ ਭਲਾਈ ਮਹਿਕਮੇ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਨਵੇਂ ਨਿਯੁਕਤ ਕੀਤੇ ਸਟਾਫ਼ ਨੂੰ ਸਿਹਤ ਮਹਿਕਮੇ 'ਚ ਨੌਕਰੀ ਪ੍ਰਾਪਤ ਕਰਨ ਲਈ ਜੀ ਆਇਆਂ ਕਿਹਾ।

ਉਨ੍ਹਾਂ ਕਿਹਾ ਕਿ ਸਭ ਦੀ ਮੈਰਿਟ ਦੇ ਆਧਾਰ 'ਤੇ ਪਾਰਦਰਸ਼ੀ ਢੰਗ ਨਾਲ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਲਾਗ ਨੂੰ ਕਾਫੀ ਹੱਦ ਤੱਕ ਕੰਟਰੋਲ ਕਰ ਲਿਆ ਗਿਆ ਹੈ ਅਤੇ ਇਹ ਬੀਮਾਰੀ ਅਜੇ ਖਤਮ ਨਹੀਂ ਹੋਈ ਹੈ ਅਤੇ ਰੋਜ਼ਾਨਾ ਸੈਂਕੜੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਤੋਂ ਬਚਾਅ ਲਈ ਮਾਸਕ ਪਾਉਣ, ਹੱਥਾਂ ਨੂੰ ਸਮੇਂ-ਸਮੇਂ ਤੇ ਧੋਣ ਤੇ ਸਮਾਜਿਕ ਦੂਰੀ ਬਣਾਉਣ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।


Babita

Content Editor

Related News