ਕਿਸਾਨੀ ਹਿੱਤਾਂ ਨਾਲ ਕੀਤੀ ਗੱਦਾਰੀ ਕਾਰਨ ਬਾਦਲਾਂ ਨੂੰ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ : ਸਿਹਤ ਮੰਤਰੀ

12/05/2020 4:15:09 PM

ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਹੈ ਕਿ ਬਾਦਲ ਪਰਿਵਾਰ ਵੱਲੋਂ ਪੰਜਾਬੀਆਂ ਖ਼ਾਸ ਕਰ ਕੇ ਕਿਸਾਨਾਂ ਦੇ ਹਿੱਤਾਂ ਨਾਲ ਕੀਤੀ ਗਈ ਨੰਗੀ ਚਿੱਟੀ ਗੱਦਾਰੀ ਕਾਰਨ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਸਿਰਫ਼ ਆਪਣੀ ਕੁਰਸੀ ਬਚਾਉਣ ਲਈ ਕਿਸਾਨੀ ਅਤੇ ਪੰਜਾਬ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਦੀ ਪਹਿਲਾਂ ਮੰਤਰੀ ਮੰਡਲ 'ਚ ਹਮਾਇਤ ਕੀਤੀ ਅਤੇ ਫਿਰ ਪ੍ਰਕਾਸ਼ ਸਿੰਘ ਬਾਦਲ ਸਮੇਤ ਸਾਰੇ ਬਾਦਲ ਪਰਿਵਾਰ ਨੇ ਲਗਾਤਾਰ ਚਾਰ ਮਹੀਨੇ ਇਨ੍ਹਾਂ ਦੇ ਹੱਕ 'ਚ ਰੱਜ ਕੇ ਪ੍ਰਚਾਰ ਕੀਤਾ।

ਬਾਦਲ ਪਰਿਵਾਰ ਨੇ ਇਥੋਂ ਤੱਕ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਗੁੰਮਰਾਹ ਕਰ ਕੇ ਉਨ੍ਹਾਂ ਦਾ ਨੁਕਸਾਨ ਕਰ ਰਹੇ ਹਨ ਕਿਉਂਕਿ ਇਹ ਖੇਤੀ ਕਾਨੂੰਨ ਲਾਗੂ ਹੋਣ ਨਾਲ ਉਨ੍ਹਾਂ ਦਾ ਬਹੁਤ ਵੱਡਾ ਭਲਾ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਸਿਰਫ਼ ਉਸ ਸਮੇਂ ਕੀਤਾ, ਜਦੋਂ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੇ ਕਿਸੇ ਵੀ ਜੀਅ ਨੂੰ ਘਰੋਂ ਨਹੀਂ ਨਿਕਲਣ ਦੇਣਾ। ਬਲਬੀਰ ਸਿੱਧੂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਸਤੀ ਸ਼ੋਹਰਤ ਖੱਟਣ ਲਈ ‘ਪਦਮ ਵਿਭੂਸ਼ਣ’ ਪੁਰਸਕਾਰ ਵਾਪਸ ਕਰਨ ਦੇ ਐਲਾਨ ਦਾ ਕੋਈ ਮਾਇਨਾ ਨਹੀਂ ਹੈ ਕਿਉਂਕਿ ਇਹ ਕਾਰਵਾਈ ਰੋਗੀ ਨੂੰ ਮੌਤ ਤੋਂ ਬਾਅਦ ਦਿੱਤੀ ਜਾਣ ਵਾਲੀ ਦਵਾਈ ਦੇਣ ਵਾਂਗ ਹੈ।

ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਪੁਰਸਕਾਰ ਵੀ ਕੇਂਦਰ ਸਰਕਾਰ ਵੱਲੋਂ ਹਰਸਿਮਰਤ ਕੌਰ ਬਾਦਲ ਦੀ ਵਜ਼ੀਰੀ ਬਦਲੇ ਪੰਜਾਬ ਦੇ ਹਿੱਤਾਂ ਨੂੰ ਮੋਦੀ ਸਰਕਾਰ ਕੋਲ ਗਹਿਣੇ ਰੱਖ ਦੇਣ ਕਾਰਨ ਹੀ ਦਿੱਤਾ ਗਿਆ ਸੀ। ਸਿਹਤ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਕਿਸੇ ਵੇਲੇ ਦਿੱਤੇ ਗਏ ਪੰਥ ਰਤਨ ਫਖ਼ਰ-ਏ-ਕੌਮ ਦਾ ਪੁਰਸਕਾਰ ਵਾਪਸ ਲੈ ਲੈਣਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਕਿਸਾਨਾਂ ਨੂੰ ਬੜਾ ਸਖ਼ਤ ਅਤੇ ਲੰਬਾ ਸੰਘਰਸ਼ ਲੜਨਾ ਪੈ ਰਿਹਾ ਹੈ ਉਨ੍ਹਾਂ ਨੂੰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੀ ਭਾਰਤੀ ਜਨਤਾ ਪਾਰਟੀ ਦੇ ਬਰਾਬਰ ਦਾ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਪੰਜਾਬ ਦੇ ਬੱਚੇ-ਬੱਚੇ ਨੂੰ ਸਪੱਸ਼ਟ ਹੈ, ਇਸ ਲਈ ਸ਼੍ਰੋਮਣੀ ਅਕਾਲੀ ਦਲ 'ਤੇ ਕਾਬਜ਼ ਬਾਦਲ ਪਰਿਵਾਰ ਨੂੰ ਹੁਣ ਕੋਈ ਮੂੰਹ ਲਾਉਣ ਨੂੰ ਤਿਆਰ ਨਹੀਂ ਹੈ।


 


Babita

Content Editor

Related News