ਸਿਹਤ ਮੰਤਰੀ ਬਲਬੀਰ ਸਿੱਧੂ ਨੇ 50 ਸਟਾਫ਼ ਨਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ

Wednesday, Dec 09, 2020 - 04:38 PM (IST)

ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 50 ਸਟਾਫ਼ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਬਲਬੀਰ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਸਟਾਫ਼ ਨਰਸਾਂ ਦੀਆਂ 598 ਅਸਾਮੀਆਂ 'ਚੋਂ 50 ਸਟਾਫ਼ ਨਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਪੜਾਅ ਵਾਰ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਵੀ ਜਲਦ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਸਿਹਤ ਮਹਿਕਮੇ ਵੱਲੋਂ ਇਹ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ 'ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਸਿੱਧੂ ਨੇ ਸਿਹਤ ਮਹਿਕਮੇ 'ਚ ਨਵ-ਨਿਯੁਕਤ ਸਟਾਫ਼ ਨਰਸਾਂ ਨੂੰ ਵਧਾਈ ਦਿੰਦਿਆਂ ਕਿਹਾ ਉਹ ਹਸਪਤਾਲਾਂ 'ਚ ਜਾ ਕੇ ਈਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਸਿਹਤ ਮਹਿਕਮੇ ਦੇ ਸਟਾਫ਼ ਨੇ ਪੂਰੀ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸਿਹਤ ਮਹਿਕਮੇ ਪੰਜਾਬ ਵੱਲੋਂ ਸਾਲ 2017 ਤੋਂ 2019 ਤੱਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ-ਮੈਡੀਕਲ ਅਤੇ ਹੋਰ ਸਟਾਫ਼ ਦੀਆਂ 7000 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ, ਜਦੋਂ ਕਿ 3954 ਅਸਾਮੀਆਂ ਭਰਤੀ ਪ੍ਰਕਿਰਿਆ ਅਧੀਨ ਹੈ। ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਡਾ. ਪ੍ਰਭਦੀਪ ਕੌਰ ਜੌਹਲ ਨੇ ਨਵ-ਨਿਯੁਕਤ ਸਟਾਫ਼ ਨੂੰ ਸਿਹਤ ਮਹਿਕਮੇ 'ਚ ਨੌਕਰੀ ਪ੍ਰਾਪਤ ਕਰਨ ਲਈ ਜੀ ਆਇਆ ਕਿਹਾ।

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਅਜੇ ਤੱਕ ਖ਼ਤਮ ਨਹੀਂ ਹੋਈ ਹੈ ਅਤੇ ਰੋਜ਼ਾਨਾ ਸੈਂਕੜੇ ਕੇਸ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਤੋਂ ਬਚਾਅ ਲਈ ਮਾਸਕ ਪਹਿਨੋ ਅਤੇ ਹੱਥਾਂ ਨੂੰ ਸਮੇਂ-ਸਮੇਂ 'ਤੇ ਸਾਬਣ-ਪਾਣੀ ਨਾਲ ਧੋਣ ਤੇ ਸਮਾਜਿਕ ਦੂਰੀ ਬਣਾਉਣ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
 


Babita

Content Editor

Related News