ਮੋਗਾ ਹਾਦਸੇ ਦੇ ਜ਼ਖਮੀਆਂ ਦਾ ਹਾਲ ਜਾਨਣ ਸਿਵਲ ਹਸਪਤਾਲ ਪੁੱਜੇ ਬਲਬੀਰ ਸਿੱਧੂ

07/26/2021 4:22:08 PM

ਚੰਡੀਗੜ੍ਹ/ਮੋਗਾ : ਬੀਤੇ ਦਿਨੀਂ ਮੋਗਾ-ਕੋਟ ਇਸੇ ਖਾਂ ਸੜਕ 'ਤੇ ਹੋਏ ਹਾਦਸੇ ਵਿੱਚ ਜਖਮੀ ਹੋਏ ਮਰੀਜ਼ਾਂ ਦਾ ਹਾਲ-ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ 'ਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਡਾਕਟਰ ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ, ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਕੁਲਬੀਰ ਸਿੰਘ ਜੀਰਾ (ਸਾਰੇ ਵਿਧਾਇਕ), ਸਾਬਕਾ ਮੰਤਰੀ ਮਾਲਤੀ ਥਾਪਰ, ਸਾਬਕਾ ਵਿਧਾਇਕ ਵਿਜੈ ਸਾਥੀ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਹਰਕੇਸ਼ ਚੰਦ ਸ਼ਰਮਾ ਰਾਜਸੀ ਸਕੱਤਰ ਸਿਹਤ ਮੰਤਰੀ ਪੰਜਾਬ, ਅਤੇ ਹੋਰ ਕਈ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਕੋਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਸਿਹਤ ਵਿਭਾਗ ਨੇ ਪਿਛਲੇ ਸਮੇਂ ਦੌਰਾਨ ਇਸ ਦਿਸ਼ਾ ਵਿੱਚ ਕਾਫੀ ਮਿਹਨਤ ਕੀਤੀ ਹੈ। ਅੱਜ ਵਿਭਾਗ ਪਹਿਲੀ ਅਤੇ ਦੂਜੀ ਲਹਿਰ ਦੇ ਮੁਕਾਬਲੇ 25 ਫ਼ੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੋ ਗਿਆ ਹੈ। ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਗਿਣਤੀ ਹੋਰ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 78 ਪੀ. ਐੱਸ. ਏ. ਪਲਾਂਟ ਸਥਾਪਿਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਕਸੀਜਨ ਟੈਂਕਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।

ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ, ਜ਼ਖਮੀਆਂ ਨੂੰ 50-50 ਹਜ਼ਾਰ ਅਤੇ ਮੁਫ਼ਤ ਇਲਾਜ ਕਰਾਇਆ ਜਾਵੇਗਾ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਇਸ ਦੁੱਖ ਵਿੱਚ ਪਰਿਵਾਰਾਂ ਨੂੰ ਹੌਂਸਲਾ ਦੇਣ ਲਈ ਉਹ ਹਮੇਸ਼ਾਂ ਨਾਲ ਖੜ੍ਹੇ ਹਨ। ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜੇਰੇ ਇਲਾਜ ਮਰੀਜ਼ਾਂ ਨੂੰ ਜਲਦ ਠੀਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ।
 

Babita

This news is Content Editor Babita