ਕੈਬਨਿਟ ਮੰਤਰੀ ਸਿੱਧੂ ਨੇ ਪੰਜਾਬ ਦੀ ਸਨਅਤ ਲਈ ਕੇਂਦਰ ਤੋਂ ਮੰਗਿਆ ਵਿਸ਼ੇਸ਼ ਪੈਕਜ

Tuesday, Jul 31, 2018 - 11:10 AM (IST)

ਮੋਹਾਲੀ (ਨਿਆਮੀਆਂ) : ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੇ ਜਾਰੀ ਬਿਆਨ 'ਚ ਕਿਹਾ ਕਿ ਸਨੇਟਾ ਵਿਖੇ ਲੜਕੀਆਂ ਲਈ ਕੌਮੀ ਹੁਨਰ ਸਿਖਲਾਈ ਸੰਸਥਾ ਦਾ ਜੋ ਨੀਂਹ ਪੱਥਰ ਰੱਖਿਆ ਗਿਆ ਹੈ, ਨਾਲ ਇਸ ਖੇਤਰ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਕਾਫੀ ਸਮੇਂ ਤੋਂ ਪੈਂਡਿੰਗ ਪਿਆ ਸੀ ਤੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਜੇ ਇਸ ਸਬੰਧੀ ਕੰਮ ਸ਼ੁਰੂ ਨਾ ਹੋਇਆ ਤਾਂ ਇਹ ਪ੍ਰਾਜੈਕਟ ਪੰਜਾਬ ਕੋਲੋਂ ਵਾਪਸ ਲੈ ਲਿਆ ਜਾਵੇਗਾ।
ਇਸ ਲਈ ਉਨ੍ਹਾਂ ਨੇ ਇਸ ਪ੍ਰਾਜੈਕਟ ਦੀ ਸ਼ੁਰੂਆਤ ਲਈ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਤੇ ਹੁਣ ਉਨ੍ਹਾਂ ਦੇ ਯਤਨਾਂ ਨੂੰ ਬੂਰ ਪਿਆ ਹੈ। ਪਿੰਡ ਸਨੇਟਾ ਦੀ ਪੰਚਾਇਤ ਨੇ ਇਸ ਸਸੰਥਾ ਲਈ ਲਗਭਗ 25 ਕਰੋੜ ਰੁਪਏ ਦੀ 5 ਏਕੜ ਜ਼ਮੀਨ ਦਿੱਤੀ ਹੈ, ਜਿਸ ਲਈ ਉਹ ਪਿੰਡ ਦੇ ਲੋਕਾਂ ਦੇ ਧੰਨਵਾਦੀ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੰਸਥਾ ਵਿਚਾਲੀਆਂ ਨੌਕਰੀਆਂ ਤੇ ਦਾਖਲਿਆਂ ਸਬੰਧੀ ਪਿੰਡ ਸਨੇਟਾ ਵਾਸੀਆਂ ਨੂੰ ਪਹਿਲ ਦਿੱਤੀ ਜਾਵੇ।
ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਦੀ ਆਜ਼ਾਦੀ 'ਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਕੀਤੀਆਂ ਹਨ ਤੇ ਫੌਜ ਵਿਚਲੇ ਪੰਜਾਬ ਦੇ ਪੁਰਾਣੇ ਕੋਟੇ ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ, ਇਸ ਨਾਲ ਬੇਰੋਜ਼ਗਾਰੀ ਦੀ ਸਮੱਸਿਆ ਵੱਡੇ ਪੱਧਰ 'ਤੇ ਹੱਲ ਹੋਵੇਗੀ। ਕੈਬਨਿਟ ਮੰਤਰੀ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਦੀ ਸਨਅਤ ਲਈ ਗੁਆਂਢੀ ਰਾਜਾਂ ਦੀ ਤਰ੍ਹਾਂ ਵਿਸ਼ੇਸ਼ ਪੈਕਜ ਦਿੱਤਾ ਜਾਵੇ ਤੇ ਦੇਸ਼ ਦੇ ਸਮੁੱਚੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਆਧਾਰਿਤ ਸੂਬਾ ਹੈ ਤੇ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਲਾਜ਼ਮੀ ਹੈ ਕਿ ਇੱਥੇ ਖੇਤੀ ਸਬੰਧੀ ਵੱਧ ਤੋਂ ਵੱਧ ਪ੍ਰੋਸੈਸਿੰਗ ਯੂਨਿਟ ਲਾਏ ਜਾਣ ਤੇ ਕਿਰਤ ਵਿਭਾਗ ਵਲੋਂ ਬਣਾਏ ਜਾਣ ਵਾਲੇ ਹੁਨਰ ਵਿਕਾਸ ਕੇਂਦਰਾਂ ਸਬੰਧੀ ਅੜਿੱਕਿਆਂ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਬਿਹਤਰੀ ਲਈ ਦਿਨ-ਰਾਤ ਇਕ ਕਰਕੇ ਕੰਮ ਕਰ ਰਹੀ ਹੈ ਤੇ ਉਹ ਖੁਦ ਵੀ ਨਿੱਠ ਕੇ ਪੰਜਾਬ ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਕੰੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਹਨ, ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ।


Related News