ਮੁੱਖ ਗਵਾਹ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ : ਦਾਦੂਵਾਲ
Tuesday, Sep 24, 2019 - 09:40 AM (IST)
ਮੋਗਾ (ਗੋਪੀ ਰਾਊਕੇ)—ਉਪਰੋਕਤ ਮਾਮਲੇ 'ਚ ਸਬੰਧੀ ਅੱਜ ਇਥੇ ਵਿਸ਼ੇਸ਼ ਤੌਰ 'ਤੇ ਪੁੱਜੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਨ ਮਗਰੋਂ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੇ ਮੁੱਖ ਗਵਾਹ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਇਸ ਮਾਮਲੇ 'ਤੇ ਠੋਸ ਕਾਰਵਾਈ ਨਹੀਂ ਕਰ ਰਹੇ। ਕੁੱਝ ਦਿਨ ਪਹਿਲਾਂ ਹੀ ਮੁੱਖ ਗਵਾਹ ਸੇਵਕ ਸਿੰਘ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਅਤੇ ਦੋ ਲੱਖ ਰੁਪਏ ਦਾ ਚੈੱਕ ਵੀ ਭੇਜਿਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਚੈੱਕ ਦੇਣ ਵਾਲੇ ਡੇਰਾ ਸਿਰਸਾ ਦੇ ਪੈਰੋਕਾਰ ਹਨ। ਬੇਅਦਬੀ ਮਾਮਲੇ ਨੂੰ ਲੈ ਕੇ ਸਰਕਾਰ ਦੀ ਅਜੇ ਤੱਕ ਦੀ ਕਾਰਵਾਈ ਸਿਰਫ ਗੋਂਗਲੂਆਂ ਤੋਂ ਮਿੱਟੀ ਝਾੜਨ ਦੇ ਬਰਾਬਰ ਹੈ। ਜੇਕਰ ਸਰਕਾਰ ਸੱਚਮੁੱਚ ਹੀ ਮਾਮਲੇ ਦੇ ਹੱਲ ਲਈ ਯਤਨਸ਼ੀਲ ਹੈ ਤਾਂ ਬਾਬਾ ਰਾਮ ਰਹੀਮ ਸਿੰਘ ਨੂੰ ਪ੍ਰੋਟੈਕਸ਼ਨ ਵਾਰੰਟ 'ਤੇ ਲਿਆ ਕੇ ਉਸ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇ।
