ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਜਾਰੀ
Tuesday, Feb 06, 2024 - 05:48 AM (IST)
ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਹਾਜ਼ਰੀ ਵਿਚ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਪ੍ਰਗਤੀ ਅਧੀਨ ਕੰਮਾਂ ਦੀ ਜਾਇਜ਼ਾ ਮੀਟਿੰਗ ਕਰਦਿਆਂ ਨਵੇਂ ਪ੍ਰਾਜੈਕਟਾਂ ਦੀ ਦਫ਼ਤਰੀ ਪ੍ਰਕਿਰਿਆ ਛੇਤੀ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੇਪਰਾਂ 'ਚੋਂ ਫੇਲ੍ਹ ਹੋ ਕੇ ਘਰੋਂ ਭੱਜਿਆ ਪਾਕਿਸਤਾਨੀ ਨਾਬਾਲਿਗ, ਭਾਰਤੀ ਖੇਤਰ 'ਚ ਦਾਖ਼ਲ ਹੋਣ 'ਤੇ ਗ੍ਰਿਫ਼ਤਾਰ
ਮਿਉਂਸੀਪਲ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦੌਰਾਨ ਸਵੱਛ ਭਾਰਤ ਅਤੇ ਅਮਰੁੱਤ ਮਿਸ਼ਨ ਅਧੀਨ ਆਉਂਦੇ ਕੰਮਾਂ ਲਈ ਜਾਰੀ ਫੰਡਾਂ, ਕੰਮਾਂ ਦੀ ਮੌਜੂਦਾ ਸਥਿਤੀ, ਖ਼ਰਚ ਕੀਤੇ ਫੰਡਾਂ ਅਤੇ ਬਕਾਇਆ ਫੰਡਾਂ ਦੀ ਵਿਸਤ੍ਰਿਤ ਜਾਣਕਾਰੀ ਲੈਣ ਉਪਰੰਤ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਬਹੁ-ਪੱਖੀ ਅਤੇ ਯੋਜਨਾਬੱਧ ਵਿਕਾਸ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਕੈਬਨਿਟ ਮੰਤਰੀ ਵੱਲੋਂ ਇਕੱਲੀ-ਇਕੱਲੀ ਸਕੀਮ ਵਿੱਚ ਕਵਰ ਹੋਣ ਵਾਲੇ ਕੰਮਾਂ ਦੀ ਪ੍ਰਗਤੀ ਅਤੇ ਬਕਾਇਆ ਫੰਡਾਂ ਬਾਰੇ ਮੁਕੰਮਲ ਜਾਣਕਾਰੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨਾਲ ਸਾਂਝੀ ਕੀਤੀ ਗਈ।
ਕੈਬਨਿਟ ਮੰਤਰੀ ਨੇ ਸੀਨੀਅਰ ਅਤੇ ਖੇਤਰੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕੰਮਾਂ ਬਾਰੇ ਸਾਰੀ ਜਾਣਕਾਰੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨਾਲ ਸਾਂਝੀ ਕਰਨੀ ਯਕੀਨੀ ਬਣਾਉਣ ਤਾਂ ਜੋ ਆਮ ਜਨਤਾ ਦੀ ਸਹੂਲਤ/ਜ਼ਰੂਰਤ ਮੁਤਾਬਕ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨ੍ਹਾਂ ਨੇ ਅੱਗੇ ਕਿਹਾ ਕਿ ਜਿਨ੍ਹਾਂ ਪ੍ਰਾਜੈਕਟਾਂ ਦੀ ਡੀਪੀਆਰ ਸਟੇਟ ਪੱਧਰੀ ਟੈਕਨੀਕਲ ਕਮੇਟੀ ਤੋਂ ਮੰਜ਼ੂਰ ਹੋ ਚੁੱਕੀ ਹੈ, ਉਹਨਾਂ ਕੰਮਾਂ ਦਾ ਟੈਂਡਰ ਪ੍ਰਕਾਸ਼ਿਤ ਕਰਵਾਕੇ ਜਲਦੀ ਕੰਮ ਸ਼ੁਰੂ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਹੋਣ ਵਾਲੀ ਕਿਸੇ ਵੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸਿੱਧੂ ਤੇ ਬਾਜਵਾ ਨੂੰ ਦਿੱਤੀ ਨਸੀਹਤ; INDIA ਗਠਜੋੜ ਬਾਰੇ ਵੀ ਕਹੀਆਂ ਇਹ ਗੱਲਾਂ
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਵਿਕਾਸ ਦੇ ਕੰਮਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਜੇਕਰ ਕਿਸੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਨੂੰ ਨਵੇਂ ਵਿਕਾਸ ਕਾਰਜਾਂ ਲਈ ਵਾਧੂ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ਼ ਤਿਆਰ ਕਰਕੇ ਭੇਜੀ ਜਾਵੇ। ਉਨ੍ਹਾਂ ਨੇ ਇਸ ਗੱਲ ਵੱਲ ਵੀ ਅਧਿਕਾਰੀਆਂ ਨੂੰ ਵਿਸ਼ੇਸ਼ ਧਿਆਨ ਦੇਣ ਲਈ ਆਖਿਆ ਕਿ ਬਕਾਇਆ ਫੰਡਾਂ ਨੂੰ ਵਿਕਾਸ ਕਾਰਜਾਂ ਲਈ ਨਿਰਧਾਰਿਤ ਸਮਾਂ ਸੀਮਾਂ ਵਿੱਚ ਖ਼ਰਚ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਿਰਾਸਤੀ ਰਹਿੰਦ-ਖੂਹੰਦ ਨੂੰ ਵਿਗਿਆਨਕ ਢੰਗ ਨਾਲ ਨਿਪਟਾਇਆ ਜਾਵੇ। ਇਸ ਤੋਂ ਇਲਾਵਾ ਸੁੱਕਾ ਅਤੇ ਗਿੱਲਾ ਕੁੜੇ ਦੀ ਡੋਰ ਟੂ ਡੋਰ ਇਕੱਠਾ ਕਰਕੇ ਸਰੋਤ ਵਾਲੀ ਜਗ੍ਹਾਂ ਤੋ ਹੀ ਵੱਖ-ਵੱਖ ਕਰਕੇ ਐੱਮ.ਆਰ.ਐੱਫ ਪਲਾਂਟ ਅਤੇ ਕੰਮਪੋਸਟ ਪਿੱਟਸ ਵਿਖੇ ਪ੍ਰੋਸੈਸਿੰਗ ਲਈ ਭੇਜਿਆ ਜਾਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸਦੀ ਰੀਸਾਈਕਲਿੰਗ ਉਪਰੰਤ ਇਸ ਦੀ ਖਾਦ ਬਣਾ ਕੇ ਇਸ ਨੂੰ ਵਰਤੋਂ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਆਪਣੇ ਖੇਤਰ ਵਿੱਚ ਸੀਵਰੇਜ ਆਦਿ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਵਿਕਾਸ ਕਾਰਜਾਂ ਵਿਚ ਗੁਣਵੱਤਾ ਅਤੇ ਪਾਰਦਰਸ਼ਤਾ ਵੱਲ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਚਿੱਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਭ੍ਰਿਸਟਾਚਾਰ ਵਿਚ ਲਿੱਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਸੁਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਸਰਪੰਚ ਨੂੰ ਭਰਾ ਦੇ ਵਿਆਹ 'ਤੇ ਹਵਾਈ ਫ਼ਾਇਰ ਕਰਨਾ ਪਿਆ ਮਹਿੰਗਾ, ਵੀਡੀਓ ਵਾਇਰਲ ਹੋਣ 'ਤੇ ਹੋਇਆ ਗ੍ਰਿਫ਼ਤਾਰ
ਇਸ ਮੀਟਿੰਗ ਵਿਚ ਵਿਧਾਇਕਾਂ/ਹਲਕਾ ਇੰਚਾਰਜਾਂ ਵਿਚ ਅਮਨਸ਼ੇਰ ਸਿੰਘ, ਰਮਨ ਬਹਿਲ, ਸ਼ਮਸ਼ੇਰ ਸਿੰਘ, ਜਗਰੂਪ ਸਿੰਘ, ਗੁਰਦੀਪ ਸਿੰਘ ਰੰਧਾਵਾਂ, ਭਿਪੂੱਤੀ ਸ਼ਰਮਾ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਕਮਿਸ਼ਨਰ ਨਗਰ ਨਿਗਮ, ਪਠਾਨਕੋਟ ਤੇ ਬਟਾਲਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ), ਗੁਰਦਾਸਪੁਰ ਤੇ ਪਠਾਨਕੋਟ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤਾਂ, ਗੁਰਦਾਸਪੁਰ, ਧਾਰੀਵਾਰ, ਦੀਨਾਨਗਰ, ਡੇਰਾ ਬਾਬਾ ਨਾਨਕ, ਫਤਿਹਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਸੁਜਾਨਪੁਰ ਅਤੇ ਨਰੋਟ ਜੈਮਲ ਸਿੰਘ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8