ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਰਾਹੀਂ ਮਾਨਸੂਨ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

Monday, Jul 15, 2024 - 08:17 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸੂਬੇ ਵਿਚ ਬਰਸਾਤੀ ਪਾਣੀ ਦੀ ਮੁਕੰਮਲ ਨਿਕਾਸੀ, ਨਾਲੀਆਂ ਦੀ ਸਾਫ ਸਫਾਈ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮਿਉਨਿਸੀਪਲ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ, ਕਮੇਟੀਆਂ ਦੇ ਕਾਰਜ ਸਾਧਕ ਅਫਸਰਾਂ ਅਤੇ ਹੋਰ ਅਧਿਕਾਰੀ ਨਾਲ ਸੋਮਵਾਰ ਨੂੰ ਚੰਡੀਗੜ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। 

PunjabKesari

ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਆਉਣ ਵਾਲੇ ਮਾਨਸੂਨ ਦੇ ਅਗਲੇਰੇ ਪ੍ਰਬੰਧਾਂ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਨੂੰ ਹੋਣ ਵਾਲੀ ਮੁਸ਼ਕਲਾਂ ਨਾਲ ਨਜਿੱਠਣ ਲਈ ਵਿਭਾਗੀ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਸੀਵਰੇਜ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਸੀਵਰੇਜ ਬਲਾਕ ਹੁੰਦਾ ਹੈ ਤਾਂ ਲੋੜੀਦੀਆਂ ਬਕਟ ਮਸ਼ੀਨਾਂ, ਜੈਟਿੰਗ ਮਸ਼ੀਨਾਂ ਅਤੇ ਜੈੱਟ ਸੈਕਿੰਗ ਮਸ਼ੀਨਾਂ ਅਤੇ ਲੋੜੀਂਦੀ ਮੈਨ ਪਾਵਰ ਦਾ ਪ੍ਰਬੰਧ ਕਰਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਲਈ ਪੰਪਸ ਅਤੇ ਜਨਰੇਟਰ ਸੈੱਟ ਦਾ ਪ੍ਰਬੰਧ ਰੱਖਣਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਮੱਛਰ ਅਤੇ ਮੱਖੀ ਦੀ ਰੋਕਥਾਮ ਲਈ ਦਵਾਇਆਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਮੈਨ ਹੋਲਜ਼ ਚੰਗੀ ਤਰ੍ਹਾਂ ਕਵਰ ਹੋਣ ਤਾਂ ਜੋ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ। 

PunjabKesari

ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਏਰੀਏ ਵਿੱਚ ਹੜ੍ਹ ਵਰਗੀ ਸਥਿਤੀ ਬਣਦੀ ਹੈ ਤਾਂ ਉਥੇ ਦੇ ਲੋਕਾਂ ਨੂੰ ਸੇਫ ਬਿਲਡਿੰਗਾਂ ਵਿੱਚ ਸ਼ਿਫਟ ਕਰਨ ਲਈ ਹੋਰ ਬਿਲਡਿੰਗਾਂ ਦੀ ਅਗਲੇਰੇ ਪਛਾਣ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਕੱਚੇ ਘਰ ਜਿਨ੍ਹਾਂ ਦੇ ਬਰਸਾਤੀ ਮੌਸਮ ਵਿੱਚ ਢਹਿਣ ਦੀ ਸੰਭਾਵਨਾ ਹੈ ਉੱਥੇ ਰਹਿੰਦੇ ਲੋਕਾਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਯੋਗ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਰਸਾਤੀ ਪਾਣੀ ਦੀ ਮੁਕੰਮਲ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਸਮੇਂ-ਸਮੇਂ ਤੇ ਫੋਗਿੰਗ ਵੀ ਕਰਵਾਈ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੀਂਹ ਕਾਰਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਤੇਜ਼ੀ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇ।

PunjabKesari

ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਕਰਨੀ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਹੈ। ਇਸ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News