ਬਠਿੰਡਾ ਦੇ ਪਿੰਡ ਬੱਲ੍ਹੋ ਦੀ ਪੰਚਾਇਤ ਦਾ ਸ਼ਲਾਘਾਯੋਗ ਕਦਮ, ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਦੇਵੇਗੀ ਸਬਸਿਡੀ

09/27/2022 4:54:07 PM

ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਦੀ ਗ੍ਰਾਮ ਪੰਚਾਇਤ ਨੇ ਪਿੰਡ ਦੇ ਕਿਸਾਨਾਂ ਲਈ ਇਕ ਐਲਾਨ ਕੀਤਾ ਹੈ। ਪੰਚਾਇਤ ਨੇ ਉਨ੍ਹਾਂ ਕਿਸਾਨਾਂ ਨੂੰ 500 ਰੁਪਏ ਪ੍ਰਤੀ ਏਕੜ ਸਬਸਿਡੀ ਦੇਣ ਦਾ ਫ਼ੈਸਲਾ ਕੀਤਾ ਹੈ , ਜੋ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ। ਬੇਸ਼ੱਕ ਇਸ ਦਾ ਵਾਅਦਾ ਪੰਜਾਬ ਸਰਕਾਰ ਵੱਲੋਂ ਵੀ ਕੀਤਾ ਗਿਆ ਸੀ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇਗੀ ਪਰ ਹੁਣ ਸਰਕਾਰ ਨੇ ਇਸ ਤੋਂ ਮੂੰਹ ਫੇਰ ਲਿਆ ਹੈ। ਇਸ ਲਈ ਪਿੰਡ ਦੀ ਪੰਚਾਇਤ ਨੇ ਹੀ ਇਸ ਦਾ ਐਲਾਨ ਕਰ ਦਿੱਤਾ ਅਤੇ ਇਸ ਦੌਰਾਨ ਕਿਹਾ ਕਿ ਉਨ੍ਹਾਂ ਦਾ 'ਕੰਮ ਬੋਲੇਗਾ'। 

ਇਹ ਵੀ ਪੜ੍ਹੋ- ਤਲਵੰਡੀ ਭਾਈ 'ਚ ਵੱਡੀ ਵਾਰਦਾਤ, ਤੈਸ਼ 'ਚ ਆਏ ਪੋਤੇ ਨੇ ਤੰਗਲੀ ਮਾਰ ਕੀਤਾ ਦਾਦੇ ਦਾ ਕਤਲ

ਦੱਸ ਦੇਈਏ ਕਿ ਸਬਸਿਡੀ ਦੀ ਸਾਰੀ ਰਾਸ਼ੀ ਮਰਹੂਮ ਗੁਰਬਚਨ ਸਿੰਘ ਬੁੱਲੋ ਸੇਵਾ ਸੁਸਾਇਟੀ ਵੱਲੋਂ ਦਿੱਤੀ ਜਾਵੇਗੀ। ਇਸ ਸੰਬੰਧੀ 5 ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਸੂਚੀ ਤਿਆਰ ਕਰੇਗੀ ਅਤੇ ਸਬਸਿਡੀ ਦੀ ਵੰਡ ਕਰੇਗੀ। ਜ਼ਿਕਰਯੋਗ ਹੈ ਕਿ ਪਿੰਡ ਦੀ ਪੰਚਾਇਤ ਨੇ ਇਸ ਤੋਂ ਪਹਿਲਾਂ ਵੀ ਪਿੰਡ ਨੂੰ ਹਰਿਆ-ਭਰਿਆ ਰੱਖਣ ਲਈ ਕਈ ਕੰਮਾਂ ਦੀ ਸ਼ੁਰੂਆਤ ਕੀਤੀ ਹੈ। ਦੱਸਣਯੋਗ ਹੈ ਕਿ ਪਿੰਡ ਬੱਲ੍ਹੋ ਦਾ ਕਰੀਬ 3200 ਏਕੜ ਦਾ ਰਕਬਾ ਹੈ ਅਤੇ ਪਿਛਲੇ ਸੀਜ਼ਨ ਵਿੱਚ 2430 ਏਕੜ ਪਰਾਲੀ ਸਾੜੀ ਗਈ ਸੀ। ਦੱਸਿਆ ਗਿਆ ਹੈ ਕਿ ਕਰੀਬ 250 ਏਕੜ ਰਕਬੇ 'ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ। ਜਿਸ ਤੋਂ ਬਾਅਦ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਸੀ ਅਤੇ ਪਿੰਡ ਵਿੱਚ ਹੁਣ ਰੁੱਖ ਲਗਾਓ ਮੁਹਿੰਮ ਦੀ ਵੀ ਸ਼ੁਰੂਆਤ ਕੀਤਾ ਗਈ ਹੈ। ਇਸ ਤੋਂ ਇਲਾਵਾ ਇਕ ਖੂਬਸੂਰਤ ਪਾਰਕ ਵੀ ਬਣਾਇਆ ਜਾ ਰਿਹਾ ਹੈ। ਸੇਵਾ ਸੋਸਾਇਟੀ ਦੇ ਮੈਂਬਰ ਨੇ ਦੱਸਿਆ ਕਿ ਪਿੰਡ 'ਚ ਛੱਪੜਾਂ ਦੇ ਸੁਧਾਰ ਦਾ ਕੰਮ ਵੀ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਇਸ ਤੋਂ ਪਹਿਲਾਂ ਪਿੰਡ ਦੀ ਪੰਚਾਇਤ ਨੇ ਸਰਕਾਰੀ ਸਹਾਇਤਾ ਤੋਂ ਬਿਨ੍ਹਾਂ ਇਕ ਹਸਪਤਾਲ ਵੀ ਬਣਾਇਆ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News