ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI
Tuesday, Sep 29, 2026 - 06:33 PM (IST)
ਪਟਿਆਲਾ : ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਅੱਖਾਂ ਦੀ ਜਾਂਚ ਅਤੇ ਇਲਾਜ ਲਈ PGI ਚੰਡੀਗੜ੍ਹ ਲਿਆਂਦਾ ਗਿਆ। ਇਸ ਦੌਰਾਨ ਚੰਡੀਗੜ੍ਹ ਪੁਲਸ ਅਤੇ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਸਨ। ਜਾਣਕਾਰਾਂ ਮੁਤਾਬਕ ਰਾਜੋਆਣਾ ਦੋ ਤੋਂ ਤਿੰਨ ਘੰਟੇ ਪੀਜੀਆਈ ਦੇ ਡਾਕਟਰਾਂ ਦੀ ਦੇਖ-ਰੇਖ ਹੇਠ ਰਹੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਪਟਿਆਲਾ ਜੇਲ੍ਹ ਲਈ ਰਵਾਨਾ ਕਰ ਦਿੱਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰ ਸਰਕਾਰ, ਸੁਪਰੀਮ ਕੋਰਟ ਅਤੇ ਦੇਸ਼ ਦੀ ਨਿਆਇਕ ਪ੍ਰਣਾਲੀ ਉੱਤੇ ਤਿੱਖੇ ਨਿਸ਼ਾਨੇ ਸਾਧੇ। ਰਾਜੋਆਣਾ ਨੇ ਕਿਹਾ ਕਿ ਪਿਛਲੇ 15 ਸਾਲਾਂ ਤੋਂ ਉਨ੍ਹਾਂ ਦੀ ਪਟੀਸ਼ਨ ਕੇਂਦਰ ਸਰਕਾਰ ਅਤੇ ਰਾਸ਼ਟਰਪਤੀ ਕੋਲ ਵਿਚਾਰ ਅਧੀਨ ਹੈ, ਜਿਸ ਉੱਤੇ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ।
ਰਾਜੋਆਣਾ ਨੇ ਸਪੱਸ਼ਟ ਕੀਤਾ ਕਿ ਮੈਂ ਆਪ ਕਦੇ ਸਰਕਾਰ ਜਾਂ ਰਾਸ਼ਟਰਪਤੀ ਨੂੰ ਇਹ ਅਪੀਲ ਨਹੀਂ ਸੀ ਕੀਤੀ ਕਿ ਮੇਰੀ ਫਾਂਸੀ ਦੀ ਸਜ਼ਾ ‘ਤੇ ਰੋਕ ਲਗਾਈ ਜਾਵੇ ਜਾਂ ਮੇਰੀ ਪਟੀਸ਼ਨ ਸਵੀਕਾਰ ਕੀਤੀ ਜਾਵੇ। ਇਹ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਈ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਨੇ ਇਸ ਅਪੀਲ ਨੂੰ ਸਵੀਕਾਰ ਕੀਤਾ ਸੀ ਅਤੇ ਫਾਂਸੀ ਉੱਤੇ ਰੋਕ ਲਗਾਈ ਸੀ ਤਾਂ ਹੁਣ ਇਸ ਉੱਤੇ ਅੰਤਿਮ ਫੈਸਲਾ ਕਰਨਾ ਵੀ ਉਨ੍ਹਾਂ ਦਾ ਹੀ ਫਰਜ਼ ਬਣਦਾ ਹੈ। ਜੋ ਵੀ ਫੈਸਲਾ ਸਰਕਾਰ ਕਰਨਾ ਚਾਹੁੰਦੀ ਹੈ, ਉਹ ਜਲਦ ਤੋਂ ਜਲਦ ਕਰੇ। 15 ਸਾਲਾਂ ਤੱਕ ਕਿਸੇ ਮਾਮਲੇ ਨੂੰ ਲਟਕਾ ਕੇ ਰੱਖਣਾ ਆਪਣੇ ਆਪ ਵਿੱਚ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ।
