ਰਾਜੋਆਣਾ ਨੂੰ ''ਸ੍ਰੀ ਅਕਾਲ ਤਖਤ'' ਦਾ ਜੱਥੇਦਾਰ ਲਾਉਣ ਦੀ ਤਿਆਰੀ!

Thursday, Aug 23, 2018 - 05:52 PM (IST)

ਰਾਜੋਆਣਾ ਨੂੰ ''ਸ੍ਰੀ ਅਕਾਲ ਤਖਤ'' ਦਾ ਜੱਥੇਦਾਰ ਲਾਉਣ ਦੀ ਤਿਆਰੀ!

ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜੱਥੇਦਾਰ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ 72 ਘੰਟਿਆਂ ਦੇ ਨੋਟਿਸ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ੁੱਕਰਵਾਰ ਨੂੰ ਹੋਣ ਵਾਲੀ ਮੀਟਿੰਗ 'ਚ ਵਿਚਾਰ ਕੀਤਾ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਨਾਲ ਦਮਦਮੀ ਟਕਸਾਲ ਤੇ ਸੰਤ ਸਮਾਜ ਪੂਰੀ ਤਰ੍ਹਾਂ ਸਹਿਮਤ ਹੈ।

ਸ਼੍ਰੋਮਣੀ ਕਮੇਟੀ ਦੇ ਇਕ ਉੱਚ ਅਧਿਕਾਰੀ ਨੇ ਨਾਮ ਨਾਂ ਛਪਣ ਦੀ ਸ਼ਰਤ 'ਤੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਹ ਫੈਸਲਾ ਕਰਵਾ ਕੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨਾਲ ਪੈਦਾ ਹੋਏ ਮੌਜੂਦਾ ਹਾਲਾਤ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ 10 ਨਵੰਬਰ, 2015 ਨੂੰ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਦੇ ਸਮਾਗਮ ਦੌਰਾਨ ਦਿੱਲੀ ਦੀ ਤਿਹਾੜ ਜੇਲ 'ਚ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜੱਥੇਦਾਰ ਐਲਾਨਿਆ ਗਿਆ ਸੀ, ਜਿਸ ਦਾ ਸਿੱਖ ਨੌਜਵਾਨਾਂ ਤੇ ਵਿਦੇਸ਼ਾਂ 'ਚ ਵੱਸਦੇ ਸਿੱਖਾਂ ਵਲੋਂ ਭਰਪੂਰ ਸਮਰਥਨ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਵੀ ਹੁਣ ਉਸੇ ਤਰਜ਼ 'ਤੇ ਬਲਵੰਤ ਸਿੰਘ ਰਾਜੋਆਣਾ ਨੂੰ ਜੱਥੇਦਾਰ ਲਾ ਕੇ ਸਾਬਕਾ ਜੱਥੇਦਾਰ ਗਿਆਨੀ ਰਣਜੀਤ ਸਿੰਘ ਵਾਂਗ ਉਸ ਦੀ ਰਿਹਾਈ ਕਰਾਉਣਾ ਚਾਹੁੰਦਾ ਹੈ।


Related News