ਤੀਜੇ ਦਿਨ ''ਚ ਦਾਖ਼ਲ ਹੋਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ, ਪਾਣੀ ਪੀ ਕੇ ਗੁਜ਼ਾਰ ਰਹੇ ਦਿਨ

12/07/2023 4:20:40 PM

ਪਟਿਆਲਾ (ਵੈੱਬ ਡੈਸਕ, ਬਲਜਿੰਦਰ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ’ਚ ਫਾਂਸੀ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ’ਚ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਤੀਜੇ ਦਿਨ ਵਿਚ ਦਾਖ਼ਲ ਹੋ ਗਈ ਹੈ। ਉਥੇ ਹੀ ਰਾਜੋਆਣਾ ਦਾ ਰੁਟੀਨ ਚੈੱਕਅਪ ਵੀ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ। ਇਥੇ ਦੱਸ ਦੇਈਏ ਕਿ ਰਾਜੋਆਣਾ ਨੇ ਬੀਤੇ ਦਿਨ ਪਾਣੀ ਪੀ ਕੇ ਗੁਜ਼ਾਰਾ ਕੀਤਾ। ਹਾਲਾਂਕਿ ਜੇਲ੍ਹ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੋਬਾਰਾ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਪਰ ਉਨ੍ਹਾਂ ਨੇ ਸਾਫ਼ ਇਨਕਾਰ ਕਰ ਦਿੱਤਾ।

ਦੂਜੇ ਪਾਸੇ ਜੇਲ੍ਹ ਪ੍ਰਸ਼ਾਸਨ ਨੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਵੀ ਮੰਗਲਵਾਰ ਨੂੰ ਮੁਲਾਕਾਤ ਕਰਨ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਬਲਵੰਤ ਰਾਜੋਆਣਾ ਦੀ ਸਿਹਤ ਸਬੰਧੀ ਰੋਜ਼ਾਨਾ ਜਾਣਕਾਰੀ ਦੇਣ ਦਾ ਭਰੋਸਾ ਦਿੱਤਾ ਅਤੇ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਟੈਲੀਫੋਨ ’ਤੇ ਰੋਜ਼ਾਨਾ ਗੱਲਬਾਤ ਕਰਵਾ ਦਿੱਤੀ ਜਾਵੇਗੀ। ਕਮਲਦੀਪ ਕੌਰ ਰਾਜੋਆਣਾ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਰੋਜ਼ਾਨਾ ਮੁਲਾਕਾਤ ਕਰਨ ਦੀ ਆਗਿਆ ਦਿੱਤੀ ਜਾਵੇ ਕਿਉਂਕਿ ਉਹ ਆਪਣੇ ਭਰਾ ਦੀ ਸਿਹਤ ਸਬੰਧੀ ਰੋਜ਼ਾਨਾ ਜਾਣਕਾਰੀ ਲੈਣਾ ਚਾਹੁੰਣਗੇ।

ਇਹ ਵੀ ਪੜ੍ਹੋ : ਰਾਜ ਸਭਾ 'ਚ ਗਰਜੇ ਸੰਤ ਬਲਬੀਰ ਸਿੰਘ ਸੀਚੇਵਾਲ, ਚੁੱਕਿਆ ਖਾੜੀ ਦੇਸ਼ਾਂ 'ਚ ਔਰਤਾਂ ਨੂੰ ਵੇਚਣ ਦਾ ਮੁੱਦਾ

ਦੱਸਣਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰ ਦੇ ਕੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਂਸੀ ਦੀ ਸਜ਼ਾ ਨੂੰ ਮੁਆਫ਼ ਕਰਨ ਸਬੰਧੀ ਜਿਹੜੀ ਪਟੀਸ਼ਨ ਪਾਈ ਗਈ ਸੀ, ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਕੀਤੀ ਹੈ। ਇਸ ਨੂੰ ਲੈ ਕੇ ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ੁਦ ਮਿਲ ਕੇ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਸੀ ਪਰ ਉਨ੍ਹਾਂ ਨੇ ਲੰਮਾਂ ਸਮਾਂ ਬੀਤ ਜਾਣ ਕਾਰਨ ਅਤੇ ਪਟੀਸ਼ਨ ’ਤੇ ਕੋਈ ਫ਼ੈਸਲਾ ਨਾ ਲੈਣ ਕਾਰਨ ਇਹ ਭੁੱਖ ਹੜਤਾਲ ’ਤੇ ਬੈਠਣ ਦਾ ਫ਼ੈਸਲਾ ਕੀਤਾ ਹੈ।

ਕੇਂਦਰ ਸਰਕਾਰ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ 31 ਦਸੰਬਰ ਤੱਕ ਰੱਦ ਕਰੇ: ਪੰਜ ਸਿੰਘ ਸਾਹਿਬਾਨ
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੀਤੇ ਦਿਨ ਹੋਈ ਸੀ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸ਼ਾਮਲ ਹੋਏ।

ਮੀਟਿੰਗ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਪੰਜਾਂ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੀ ਅਰਦਾਸ ਵਿਚ ਹਿੱਸਾ ਲਿਆ ਸੀ। ਇਸ ਇਕੱਤਰਤਾ ਦੌਰਾਨ ਸਿੱਖ ਕੌਮ ਦੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੇਜੀਆਂ ਪੱਤ੍ਰਿਕਾਵਾਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕਰਨ ਉਪਰੰਤ ਸਿੰਘ ਸਾਹਿਬਾਨ ਵੱਲੋਂ ਆਦੇਸ਼ ਜਾਰੀ ਕੀਤੇ ਗਏ, ਜਿਸ ਵਿਚ ਉਨ੍ਹਾਂ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਲਾਗੂ ਕਰਵਾਉਣ ਲਈ ਅਤੇ ਇਨ੍ਹਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਦਾ ਗਠਨ ਕੀਤਾ ਗਿਆ ਹੈ, ਜੋ ਤੁਰੰਤ ਹੀ ਆਪਣੀ ਕਾਰਵਾਈ ਆਰੰਭ ਕਰੇਗਾ।

ਇਹ ਵੀ ਪੜ੍ਹੋ : PPR ਮਾਰਕੀਟ ’ਚ ਜਾਣ ਵਾਲੇ ਸਾਵਧਾਨ, ਵੱਡੇ ਐਕਸ਼ਨ ਦੀ ਤਿਆਰੀ 'ਚ ਪੁਲਸ, ਮਾਲਕ ਵੀ ਨਹੀਂ ਜਾਣਗੇ ਬਖ਼ਸ਼ੇ

ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ 31 ਦਸੰਬਰ ਤੱਕ ਰੱਦ ਨਹੀਂ ਕਰਦੀ ਤਾਂ ਭਾਈ ਰਾਜੋਆਣਾ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਾਰ-ਵਾਰ ਪੁੱਜੀਆਂ ਪੱਤ੍ਰਿਕਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਪਾਈ ਹੋਈ ਅਪੀਲ ’ਤੇ ਵਿਚਾਰ ਕਰੇਗੀ। ਭਾਈ ਰਾਜੋਆਣਾ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਗਿਆ ਕਿ ਉਹ ਕਿਸੇ ਵੀ ਢੰਗ ਨਾਲ ਆਪਣੀ ਸਿਹਤ ਦਾ ਨੁਕਸਾਨ ਨਾ ਕਰਨ ਅਤੇ ਤੁਰੰਤ ਆਪਣੀ ਭੁੱਖ ਹੜਤਾਲ ਵਾਪਸ ਲੈ ਕੇ ਆਪਣੀ ਸਿਹਤ ਦਾ ਖਿਆਲ ਰੱਖਣ। ਮੀਟਿੰਗ ਦੇ ਅੰਤ ਵਿਚ ਉਨ੍ਹਾਂ ਕਿਹਾ ਕਿ ਜੇਕਰ ਦਿੱਤੇ ਸਮੇਂ ਦੇ ਅੰਦਰ-ਅੰਦਰ ਕੇਂਦਰ ਸਰਕਾਰ ਸੁਹਿਰਦਤਾ ਵਾਲਾ ਫ਼ੈਸਲਾ ਨਹੀਂ ਲੈਂਦੀ ਤਾਂ ਉਸ ਤੋਂ ਬਾਅਦ ਪੈਦਾ ਹੋਣ ਵਾਲੀ ਸਥਿਤੀ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।

ਇਹ ਵੀ ਪੜ੍ਹੋ : ਜਲੰਧਰ ਦੇ ਇਸ ਮਸਾਜ ਸੈਂਟਰ ’ਚ ਚੱਲ ਰਿਹੈ ਗੰਦਾ ਧੰਦਾ, ਸਾਹਮਣੇ ਆਏ ਸਟਿੰਗ ਨਾਲ ਹੋਇਆ ਵੱਡਾ ਖ਼ੁਲਾਸਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

shivani attri

This news is Content Editor shivani attri