ਖਹਿਰਾ ਨਾਲ ਮਿਲ ਕੇ ਜਲਦ ਹੀ ਨਵਾਂ ਫ਼ਰੰਟ ਬਣਾਵਾਂਗੇ : ਬੈਂਸ
Saturday, Nov 10, 2018 - 03:58 PM (IST)

ਨਾਭਾ (ਭੁਪਿੰਦਰ ਭੂਪਾ, ਜਗਨਾਰ) : ਲੋਕ ਇਨਸਾਫ਼ ਪਾਰਟੀ ਉਸ ਪਾਰਟੀ ਨਾਲ ਸਮਝੌਤਾ ਕਰੇਗੀ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਦੇ ਹਿਤਾਂ ਦੀ ਗੱਲ ਕਰੇਗੀ। ਇਹ ਪ੍ਰਗਟਾਵਾ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਨੇ ਆਪਣੀ ਨਾਭਾ ਫੇਰੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਹ ਸੁਖਪਾਲ ਖਹਿਰਾ ਨਾਲ ਖੜ੍ਹੇ ਹਨ। ਅਸੀਂ ਮਿਲ ਕੇ ਜਲਦੀ ਹੀ ਨਵਾਂ ਫਰੰਟ ਬਣਾਵਾਂਗੇ। ਇਸ 'ਚ ਟਕਸਾਲੀ ਆਗੂ ਵੀ ਸ਼ਾਮਲ ਹੋਣਗੇ। ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਚੋਣਾਂ 'ਚ ਹਿੱਸਾ ਲਵੇਗੀ। ਅਕਾਲੀ ਦਲ ਦੇ ਕਬਜ਼ੇ 'ਚੋਂ ਇਸ ਸੰਸਥਾ ਨੂੰ ਅਜ਼ਾਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਧੋਖਾ ਕੀਤਾ ਹੈ। ਆਮ ਆਦਮੀ ਪਾਰਟੀ ਦਾ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਚੁੱਕਾ ਹੈ। ਪੰਜਾਬ 'ਚ ਲੋਕ 'ਆਪ' ਨੂੰ ਧੜਾਧੜ ਛੱਡ ਰਹੇ ਹਨ।
ਬਰਗਾੜੀ ਮੁੱਦੇ 'ਤੇ ਬੈਂਸ ਨੇ ਕਿਹਾ ਕਿ ਬੇਅਦਬੀ ਦੇ ਮਾਮਲੇ 'ਚ ਬਾਦਲਾਂ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਲੋਕ ਸਭਾ ਦੀਆਂ 13 ਸੀਟਾਂ ਜਿੱਤਣ ਦੇ ਦਾਅਵੇ ਸਬੰਧੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਨੂੰ ਸਬਕ ਸਿਖਾਉਣ ਲਈ ਲੋਕ ਸਭਾ ਦੀਆਂ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ। ਇਨ੍ਹਾਂ ਚੋਣਾਂ ਤੋਂ ਬਾਅਦ ਕੈਪਟਨ ਨੂੰ ਪਤਾ ਲੱਗ ਜਾਵੇਗਾ ਕਿ ਉਹ ਕਿੱਥੇ ਖੜ੍ਹੇ ਹਨ?