ਪੰਜਾਬ : ਵਿਆਹ ਸਮਾਗਮਾਂ ''ਚ ਪਟਾਕੇ ਚਲਾਉਣ ਤੋਂ ਲੈ ਕੇ ਡਰੋਨ ਉਡਾਉਣ ਤਕ ਲੱਗੀ ਪਾਬੰਦੀ
Friday, Apr 11, 2025 - 08:41 PM (IST)

ਬਠਿੰਡਾ, (ਵਿਜੈ ਵਰਮਾ)- ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ’ਚ ਅਮਨ ਤੇ ਕਾਨੂੰਨ ਦੀ ਕਾਇਮੀ ਲਈ ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਪਟਾਕੇ, ਆਤਿਸ਼ਬਾਜ਼ੀ ਚਲਾਉਣ ਤੇ ਆਰਮ ਫਾਇਰ ਦੀ ਵਰਤੋਂ ਕਰਨ ਉੱਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜਾਰੀ ਹੁਕਮਾਂ ਅਨੁਸਾਰ ਉਕਤ ਦੇ ਮੱਦੇਨਜ਼ਰ ਕਾਨੂੰਨ ਅਤੇ ਵਿਵਸਥਾ ਨੂੰ ਸੰਚਾਰੂ ਰੂਪ ਨਾਲ ਚਲਾਉਣ ਲਈ ਕਿਸੇ ਵੀ ਵਿਅਕਤੀ ਦੇ ਪਾਣੀ ਦੀਆਂ ਟੈਕੀਆਂ ’ਤੇ ਚੜਣ ਜਾਂ ਅਜਿਹੀਆਂ ਉਚੀਆਂ ਥਾਵਾਂ ’ਤੇ ਚੜਣ ’ਤੇ ਪਾਬੰਦੀ ਲਗਾਈ ਜਾਂਦੀ ਹੈ।
ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਜੋ ਟਰੈਕਟਰ-ਟਰਾਲੀ ਅਤੇ ਹੋਰ ਆਵਾਜਾਈ ਦੇ ਸਾਧਨ ਜਿਸ ਰਾਹੀਂ ਬਰੇਤੀ/ਮਿੱਟੀ ਆਦਿ ਦੀ ਢੋਆ-ਢੁਆਈ ਕੀਤੀ ਜਾਂਦੀ ਹੈ ਅਤੇ ਇਸ ਬਰੇਤੀ/ਮਿੱਟੀ ਆਦਿ ਦੀ ਟਰਾਲੀ ਨੂੰ ਬਿਨਾਂ ਕਵਰ ਕੀਤੇ ਇੱਧਰ-ਉੱਧਰ ਲੈ ਕੇ ਜਾਣ 'ਤੇ ਪੂਰਨ ਰੋਕ ਲਗਾਈ ਹੈ।
ਜਾਰੀ ਹੁਕਮ ਅਨੁਸਾਰ ਸੈਂਟਰਲ ਜੇਲ੍ਹ ਬਠਿੰਡਾ ਦੀ ਹਦੂਦ ਅੰਦਰ ਅਤੇ ਹਦੂਦ ਤੋਂ 500 ਮੀਟਰ ਤੱਕ ਏਰੀਏ 'ਚ ਡਰੋਨ ਕੈਮਰਾ ਚਲਾਉਣ/ਉਡਾਉਣ 'ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਜੇਲ੍ਹ ਦੇ 500 ਮੀਟਰ ਘੇਰੇ ਦੇ ਅੰਦਰ ਕਿਸੇ ਵੀ ਵਿਅਕਤੀ ਦੇ ਘੁੰਮਣ-ਫ਼ਿਰਨ 'ਤੇ ਪਾੰਬਦੀ ਲਗਾਉਣ ਲਈ (ਸਿਵਾਏ ਮੇਨ ਰੋਡ) ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਅਧੀਨ ਧਾਰਾ 163 ਲਗਾਈ ਗਈ ਹੈ।
ਹੁਕਮਾਂ ਅਨੁਸਾਰ ਜ਼ਿਲੇ ’ਚ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਣ-ਅਧਿਕਾਰਤ ਤੌਰ ’ਤੇ ਵੇਚੇ ਜਾਂ ਖਰੀਦੇ ਜਾ ਰਹੇ ਸੀਮਨ ਦੀ ਵਰਤੋ ਕਰਨਾ ‘‘ਪੰਜਾਬ ਬੋਵਾਇਨ ਬਰੀਡਿੰਗ ਐਕਟ 2016 ਅਨੁਸਾਰ ਉਚਿਤ ਨਹੀਂ ਹੈ। ਅਜਿਹਾ ਕਰਨ ਨਾਲ ਸੂਬੇ ਦੇ ਪਸ਼ੂਧਨ ਦੀ ਸੁਧਰੀ ਨਸ਼ਲ ਖਰਾਬ ਹੋਣ ਦਾ ਖਦਸਾ ਹੈ ਕਿਉਂਕਿ ਅਜਿਹੇ ਸੀਮਨ ਦੀ ਪੈਡਿਗਰੀ ਅਤੇ ਬੀਮਾਰੀ ਰਹਿਤ ਹੋਣ ਬਾਰੇ ਕੁਝ ਪਤਾ ਨਹੀਂ ਹੁੰਦਾ। ਇਸ ਨਾਲ ਪਸ਼ੂਧਨ ਦੀ ਪ੍ਰੋਡਕਟੀਵਿਟੀ 'ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਇਸ ਤਰਾਂ ਜ਼ਿਲੇ ਭਰ ’ਚ ਅਣ-ਅਧਿਕਾਰਤ ਸੀਮਨ ਦਾ ਭੰਡਾਰ ਕਰਨ, ਟਰਾਂਸਪਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ ਹੈ।
ਇਹ ਹੁਕਮ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਤੇ ਪੋਲੀਕਲੀਨਿਕ, ਪੇਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਅਧੀਨ ਚੱਲ ਰਹੇ ਰੂਰਲ ਵੈਟਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ। ਪਸ਼ੂ ਪਾਲਣ ਵਿਭਾਗ ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ ਗਡਵਾਸੂ ਲੁਧਿਆਣਾ ਵਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇੰਸੈਮੀਨੇਸ਼ਨ ਸੈਂਟਰ। ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ। ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਹੁਕਮ ਲਾਗੂ ਨਹੀਂ ਹੋਣਗੇ।
ਹੁਕਮ ਅਨੁਸਾਰ ਉਨ੍ਹਾਂ ਜ਼ਿਲ੍ਹੇ ਅੰਦਰ ਸਾਰੇ ਪੀ. ਜੀ. ਮਾਲਕਾਂ ਨੂੰ ਪੀ. ਜੀ. ’ਚ ਰਹਿਣ ਵਾਲੇ ਵਿਦਿਆਰਥੀਆਂ/ਕਿਰਾਏਦਾਰਾਂ ਦੀ ਰਜਿਸਟ੍ਰੇਸ਼ਨ/ਵੈਰੀਫ਼ਿਕੇਸ਼ਨ ਸਬੰਧਤ ਪੁਲਸ ਥਾਣੇ/ਸਾਂਝ ਕੇਂਦਰ ਵਿਚ ਕਰਵਾਉਣ ਦਾ ਹੁਕਮ ਜਾਰੀ ਕੀਤਾ ਹੈ। ਹੁਕਮ ਅਨੁਸਾਰ ਜ਼ਿਲਾ ਬਠਿੰਡਾ ਅੰਦਰ ਅਮਨ ਕਾਨੂੰਨ ਵਿਵਸਥਾ ਅਤੇ ਸਮਾਜਿਕ ਸ਼ਾਂਤੀ ਨੂੰ ਮੁੱਖ ਰੱਖਦੇ ਹੋਏ ਹਰ ਪੀ.ਜੀ. ਮਾਲਕ ਆਪਣੀ ਪੀ. ਜੀ. ਨੂੰ ਰਜਿਸਟਰ ਕਰਵਾਉਂਦੇ ਹੋਏ ਪੀ. ਜੀ. ’ਚ ਰਹਿਣ ਵਾਲੇ ਬੱਚਿਆਂ/ਕਿਰਾਏਦਾਰਾਂ ਦੀ ਸਬੰਧਤ ਪੁਲਸ ਥਾਣੇ/ਸਾਂਝ ਕੇਂਦਰ ਰਾਹੀਂ ਰਜਿਸਟ੍ਰੇਸ਼ਨ/ਵੈਰੀਫ਼ਿਕੇਸ਼ਨ ਕਰਵਾਉਣ ਦਾ ਜ਼ਿੰਮੇਵਾਰ ਹੋਵੇਗਾ।
ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ।
ਇੱਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ ਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟੀ ਨਿਭਾਉਣਗੇ।
ਹੁਕਮਾਂ ਅਨੁਸਾਰ ਪੰਜਾਬ ਜੇਲ੍ਹ ਰੂਲਜ਼, 2022 ਤਹਿਤ ਜੇਲ੍ਹਾ ਵਿੱਚ ਲਾਗੂ ਹੋਣ ਵਾਲੇ ਕਿਸੇ ਹੋਰ ਕਾਨੂੰਨ ਦੇ ਅਧੀਨ ਕੇਂਦਰੀ ਜੇਲ੍ਹ ਬਠਿੰਡਾ ਅੰਦਰ ਗੈਰ ਕਾਨੂੰਨੀ ਅਪਰਾਧਿਕ ਗਤੀਵਿਧੀਆਂ ਅਤੇ ਅਜਿਹੀਆਂ ਪਾਬੰਦੀਸ਼ੁੱਦਾ ਵਸਤੂਆਂ ਰੱਖਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ।
ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ’ਚ ਮੌਜ਼ੂਦ ਹਵਾਈ ਅੱਡੇ ਦੇ ਘੇਰੇ ਤੋਂ ਦੋ ਕਿਲੋਮੀਟਰ ਅੰਦਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਆਦਿ ਦੀ ਵਰਤੋਂ ’ਤੇ ਰੋਕ ਲਗਾਈ ਹੈ।
ਸਿਵਲ ਏਅਰਪੋਰਟ ਵਿਰਕ ਕਲਾਂ, ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਰਾਮਾਂ, ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ, ਆਈ.ਓ.ਸੀ.ਐਲ, ਬੀ.ਪੀ.ਸੀ.ਐਲ., ਐਚ.ਪੀ.ਸੀ.ਐਲ., ਬਲਕ ਪੀ.ਓ.ਐਲ ਟਰਮੀਨਲ ਫੂਸ ਮੰਡੀ ਮਾਨਸਾ ਰੋਡ ਬਠਿੰਡਾ ਦੇ ਆਸ-ਪਾਸ ਦੇ ਏਰੀਏ ਵਿੱਚ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ।
ਅਗਲੇ ਹੁਕਮਾਂ ਅਨੁਸਾਰ ਏਅਰ ਫ਼ੋਰਸ, ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ ਏਰੀਏ ਦੀ ਹਦੂਦ ਅੰਦਰ ਪੁਲਸ ਵੈਰੀਫਿਕੇਸ਼ਨ ਕਰਵਾਏ ਤੋਂ ਬਿਨਾਂ ਲੋਕਾਂ ਵਲੋਂ ਦੁਕਾਨਾਂ ਬਣਾਕੇ ਕਾਰੋਬਾਰ ਕਰਨ ’ਤੇ ਪਾਬੰਦੀ ਲਗਾਈ ਹੈ। ਹੁਕਮ 9-6-2025 ਤੱਕ ਲਾਗੂ ਰਹਿਣਗੇ।