ਮੋਹਾਲੀ ਜ਼ਿਲ੍ਹੇ ''ਚ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ

Monday, Sep 21, 2026 - 11:46 AM (IST)

ਮੋਹਾਲੀ ਜ਼ਿਲ੍ਹੇ ''ਚ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ

ਮੋਹਾਲੀ (ਰਣਬੀਰ) : ਜ਼ਿਲ੍ਹੇ ’ਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕੰਬਾਈਨਾਂ ਚਲਾਉਣ ਨਾਲ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਤਰੇਲ ਅਤੇ ਬੇਮੌਸਮੀ ਬਰਸਾਤ ਕਾਰਨ ਝੋਨੇ ’ਚ ਨਮੀ ਵੱਧਣ ਨਾਲ ਕਿਸਾਨਾਂ ਨੂੰ ਫ਼ਸਲ ਦੀ ਵਿਕਰੀ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕਟਾਈ ਕਰਨ ਨਾਲ ਕੱਚੇ ਜਾਂ ਹਰੇ ਦਾਣਿਆਂ ਵਾਲੀ ਫ਼ਸਲ ’ਚ ਨਮੀ ਵਧ ਸਕਦੀ ਹੈ, ਜਿਸ ਕਾਰਨ ਝੋਨੇ ਦੀ ਗੁਣਵੱਤਾ ਪ੍ਰਭਾਵਿਤ ਹੋਣ ਦੇ ਨਾਲ ਸਰਕਾਰ ਵੱਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਖ਼ਰੀਦ ’ਚ ਵੀ ਸਮੱਸਿਆ ਆ ਸਕਦੀ ਹੈ। ਇਸ ਨਾਲ ਮੰਡੀਆਂ ’ਚ ਕਿਸਾਨਾਂ ਦੀ ਖੱਜਲ-ਖੁਆਰੀ ਅਤੇ ਅਮਨ-ਕਾਨੂੰਨ ਨਾਲ ਸਬੰਧਤ ਸਥਿਤੀ ਪੈਦਾ ਹੋਣ ਦਾ ਖ਼ਦਸ਼ਾ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਲਈ ਜ਼ਿਲ੍ਹੇ ’ਚ ਝੋਨੇ ਦੀ ਰਹਿੰਦ ਨੂੰ ਸਾੜਨ ’ਤੇ ਵੀ ਪੂਰਨ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਕੰਬਾਈਨ ਮਾਲਕ ਬਿਨਾਂ ਐੱਸ.ਐੱਮ.ਐੱਸ. ਲਗਾਏ ਝੋਨੇ ਦੀ ਕਟਾਈ ਨਹੀਂ ਕਰੇਗਾ।
ਹੁਕਮ 17 ਨਵੰਬਰ ਤੱਕ ਲਾਗੂ
ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਨਹੀਂ ਕੀਤੀ ਜਾ ਸਕੇਗੀ। ਝੋਨੇ ਦੀ ਰਹਿੰਦ-ਖੂੰਹਦ ਸਾੜਨ ’ਤੇ ਵੀ ਪੂਰਨ ਪਾਬੰਦੀ ਰਹੇਗੀ। ਇਹ ਹੁਕਮ 18 ਸਤੰਬਰ 2026 ਤੋਂ 17 ਨਵੰਬਰ 2026 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।
 


author

Babita

Content Editor

Related News