ਜ਼ਿਲ੍ਹੇ ਭਰ ’ਚ ਕੰਬਾਈਨਾਂ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਚਲਾਉਣ ’ਤੇ ਪਾਬੰਦੀ

Thursday, Sep 19, 2024 - 12:11 PM (IST)

ਜ਼ਿਲ੍ਹੇ ਭਰ ’ਚ ਕੰਬਾਈਨਾਂ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਚਲਾਉਣ ’ਤੇ ਪਾਬੰਦੀ

ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜੇਕਰ ਇਸ ਸਮੇਂ ਦੌਰਾਨ ਕੋਈ ਕੰਬਾਈਨ ਝੋਨੇ ਦੀ ਫਸਲ ਕੱਟਦੀ ਫੜ੍ਹੀ ਗਈ ਤਾਂ ਉਸ ਨੂੰ ਤੁਰੰਤ ਜ਼ਬਤ ਕੀਤਾ ਜਾਵੇਗਾ। ਹੁਕਮ ਅਨੁਸਾਰ ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਆਮ ਤੌਰ ’ਤੇ ਦੇਖਿਆ ਗਿਆ ਹੈ ਕਿ ਝੋਨੇ ਦੀ ਕਟਾਈ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ।

ਰਾਤ ਸਮੇਂ ਕੰਬਾਈਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਅਤੇ ਦੁਰਘਟਨਾ ਵਾਪਰਨ ਦਾ ਡਰ ਰਹਿੰਦਾ ਹੈ। ਇਸ ਤੋਂ ਇਲਾਵਾ ਕੰਬਾਈਨਾਂ ਰਾਤ ਵੇਲੇ ਹਰਾ ਝੋਨਾ ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਵੀ ਝੋਨੇ ਦੀ ਖ਼ਰੀਦ ਕਰਨ ਤੋਂ ਝਿਜਕਦੀਆਂ ਹਨ। ਇਸੇ ਤਰ੍ਹਾਂ ਹੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਬਠਿੰਡਾ ਅੰਦਰ ਝੋਨੇ ਦੀ ਫ਼ਸਲ ਕੱਟਣ ਤੋਂ ਬਾਅਦ ਖੇਤਾਂ ਵਿਚ ਪਏ ਝੋਨੇ ਦੀ ਪਰਾਲੀ ਆਦਿ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਲਗਾਈ ਹੈ।

ਉਨ੍ਹਾਂ ਕਿਹਾ ਕਿ ਦੇਖਣ ’ਚ ਆਇਆ ਹੈ ਕਿ ਝੋਨਾ ਕੱਟਣ ਉਪਰੰਤ ਪਰਾਲੀ ਨੂੰ ਕਿਸਾਨਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਜ਼ਮੀਨ ਦੀ ਉਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਤੇ ਆਲੇ-ਦੁਆਲੇ ਖੜ੍ਹੀ ਫ਼ਸਲ, ਗੋਦਾਮਾਂ ਵਿਚ ਸਟੋਰ ਕੀਤੀ ਗਈ ਫ਼ਸਲ, ਗੋਲਾ ਬਰੂਦ ਦੇ ਡਿਪੂ ਵਿਚ ਅੱਗ ਲੱਗ ਕੇ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ ਅਤੇ ਵਾਤਾਵਰਣ ਵੀ ਕਾਫੀ ਪ੍ਰਭਾਵਿਤ ਹੁੰਦਾ ਹੈ। ਹਵਾ ਵਿਚ ਧੂੰਏਂ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਇਸ ਲਈ ਇਸ ਦੀ ਰੋਕਥਾਮ ਕਰਨ ਦੀ ਲੋੜ ਨੂੰ ਦੇਖਦਿਆਂ ਇਹ ਪਾਬੰਦੀ ਲਗਾਈ ਗਈ ਹੈ।


author

Babita

Content Editor

Related News