ਕਣਕ ਦੇ ਨਾੜ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

Wednesday, Apr 01, 2026 - 06:39 PM (IST)

ਕਣਕ ਦੇ ਨਾੜ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ (ਹਰਮਨ): ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ/ਸਾੜਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਕਣਕ ਦੀ ਫ਼ਸਲ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਗਾਉਣ ‘ਤੇ ਰੋਕ ਲਗਾਈ ਹੈ।

ਉਨ੍ਹਾਂ ਕਿਹਾ ਕਿ ਸਾਲ 2026 ਦੌਰਾਨ ਕਣਕ (ਹਾੜੀ) ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ ਅਤੇ ਆਮ ਤੌਰ ‘ਤੇ ਦੇਖਿਆ ਗਿਆ ਹੈ ਕਿ ਕਈ ਕਿਸਾਨ ਕਟਾਈ ਮਗਰੋਂ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੰਦੇ ਹਨ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ। ਅੱਗ ਲੱਗਣ ਨਾਲ ਮਿੱਟੀ ਦੀ ਉੱਪਰੀ ਸਤ੍ਹਾ ‘ਚ ਮੌਜੂਦ ਲਾਭਦਾਇਕ ਜੀਵਾਣੂ ਨਸ਼ਟ ਹੋ ਜਾਂਦੇ ਹਨ ਅਤੇ ਆਲੇ-ਦੁਆਲੇ ਖੜੀ ਫ਼ਸਲ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ।

ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਨਾੜ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲਾ ਧੂੰਆ ਸੜਕਾਂ ‘ਤੇ ਦਿੱਖ ਘੱਟ ਕਰ ਦਿੰਦਾ ਹੈ, ਜਿਸ ਕਾਰਨ ਵੱਡੇ ਸੜਕੀ ਹਾਦਸੇ ਵਾਪਰਨ ਦਾ ਖ਼ਤਰਾ ਬਣ ਜਾਂਦਾ ਹੈ ਅਤੇ ਕਈ ਵਾਰ ਕੀਮਤੀ ਜਾਨਾਂ ਵੀ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਪਿੰਡਾਂ ਵਿਚ ਅੱਗ ਫੈਲਣ ਅਤੇ ਝਗੜਿਆਂ ਦੇ ਮਾਮਲੇ ਵੀ ਪੈਦਾ ਹੋ ਸਕਦੇ ਹਨ। ਇਹ ਹੁਕਮ 1 ਅਪ੍ਰੈਲ ਤੋਂ 10 ਜੂਨ 2026 ਤੱਕ ਲਾਗੂ ਰਹੇਗਾ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 


author

Anmol Tagra

Content Editor

Related News