ਬੰਦੀ ਛੋੜ ਦਿਵਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ: ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼

Friday, Nov 05, 2021 - 04:29 PM (IST)

ਬੰਦੀ ਛੋੜ ਦਿਵਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ: ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼

ਅੰਮ੍ਰਿਤਸਰ (ਦੀਪਕ ਸ਼ਰਮਾ): ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਗਵਾਲੀਅਰ ਦੀ ਕੈਦ ’ਚੋਂ 52 ਰਾਜਿਆਂ ਨੂੰ ਰਿਹਾਅ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਬੰਦੀ ਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੱਤਾ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਦੇ ਇਸ ਮਹਾਨ ਦਿਹਾੜੇ ’ਤੇ ਸਾਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਸੀ ਕੈਦੀਆਂ ਨੂੰ ਰਿਹਾਅ ਕਰਵਾ ਕੇ ਬਖ਼ਸ਼ੇ ਬੰਦੀ ਛੋੜ ਸਿਧਾਂਤ ਤੋਂ ਸੇਧ ਲੈਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਅੱਜ ਸਾਡੇ ਸਿੱਖ ਨੌਜਵਾਨ ਜਿਹੜੇ ਲੰਮੇ ਸਮੇਂ ਤੋਂ ਭਾਰਤ ਦੀਆਂ ਵੱਖ-ਵੱਖ ਜ਼ੇਲ੍ਹਾਂ ਵਿਚ ਬੰਦ ਹਨ ਅਤੇ ਅਦਾਲਤਾਂ ਵੱਲੋਂ ਨਿਰਧਾਰਤ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਪਰ ਭਾਰਤ ਸਰਕਾਰ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ। ਸਿੱਖ ਕੌਮ ਦੀਆਂ ਕੌਮੀ ਸੰਸਥਾਵਾਂ ਨੂੰ ਸੰਜੀਦਾ ਹੋ ਕੇ ਬੰਦੀ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਭਾਰਤ ਸਰਕਾਰ ’ਤੇ ਕੌਮੀ ਪੱਧਰ ਦਾ ਦਬਾਅ ਬਨਾਉਣ ਦੀ ਜ਼ਰੂਰਤ ਹੈ।

ਉਨ੍ਹਾਂ ਕਿਹਾ ਕਿ ਅੱਜ ਕੁਝ ਲੋਕ ਜ਼ਬਰਦਸਤੀ ਲਾਲਚ ਜਾਂ ਗੁੰਮਰਾਹ ਕਰਕੇ ਲੋਕਾਂ ਦਾ ਧਰਮ ਪਰਿਵਰਤਨ ਕਰਵਾ ਰਹੇ ਹਨ, ਜਿਸ ਲਈ ਕੌਮ ਨੂੰ ਸਾਵਧਾਨ ਹੋਣ ਦੀ ਲੋੜ ਹੈ। ਇਸ ਕਾਰਜ ਲਈ ਸਿੱਖ ਸੰਸਥਾਵਾਂ ਅਜਿਹੇ ਪ੍ਰੋਗਰਾਮ ਉਲੀਕਣ ਜਿਨ੍ਹਾਂ ਸਦਕਾ ਸਮੁੱਚਾ ਸਿੱਖ ਸਮਾਜ ਗੁਰਬਤ, ਅਨਪੜ੍ਹਤਾ, ਬਿਮਾਰੀ ਅਤੇ ਲਾਚਾਰੀ ਤੋਂ ਬੰਦੀ ਮੁਕਤ ਹੋ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਕੋਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਕਾਰਨ ਲੋਕ ਆਰਥਿਕ ਤੇ ਮਾਨਸਿਕ ਤੌਰ ’ਤੇ ਪੀੜਤ ਹੋਏ ਹਨ, ਹੁਣ ਮਾਹੌਲ ਠੀਕ ਹੋਣ ਸਮੇਂ ਇਸ ਤਰਾਸਦੀ ਤੋਂ ਉਭਰਣ ਲਈ ਇਕ ਸਿੱਖ ਦਾ ਦੂਜੇ ਸਿੱਖ ਨਾਲ ਸਹਿਯੋਗ ਕਰਨਾ ਅਤਿ ਲਾਜ਼ਮੀ ਹੈ। 

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਜਾਤ-ਪਾਤ, ਵਰਣ-ਵੰਡ ਦੀਆਂ ਮਾਨਤਾਵਾਂ ਨੂੰ ਖ਼ਤਮ ਕਰਕੇ ਸੰਸਾਰ ਭਰ ਵਿਚ ਸਭਨਾਂ ਲਈ ਸਮਝਦਾਰੀ ਅਤੇ ਵਿਕਾਸ ਵਿਸਥਾਰ ਦਾ ਨਵਾਂ ਦੌਰ ਲਿਆਉਣ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ। ਸੰਸਾਰ ਵਿਚ ਸਿੱਖਾਂ ਸਮੇਤ ਸਮੂਹ ਘਟਗਿਣਤੀ ਕੌਮਾਂ, ਪੱਛੜੇ ਵਰਗਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀ ਜ਼ਿੰਦਗੀ ਸੁਖਦ ਬਨਾਉਣ ਲਈ ਸਸਤੀ ਤੇ ਚੰਗੀ ਵਿੱਦਿਆ, ਸਿਹਤ ਸੇਵਾਵਾਂ, ਨਿਆਂ, ਰੁਜ਼ਗਾਰ ਦੇ ਮੌਕੇ ਦੇਣ ਦੇ ਨਾਲ-ਨਾਲ ਨਫ਼ਰਤ ਭਰੀ ਵਿਤਕਰੇਬਾਜ਼ੀ ਬੰਦ ਹੋਵੇ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਵਰਗੀਆਂ ਘਟਨਾਵਾਂ ਨੇ ਅਨਿਆਂ ਅਤੇ ਕੁਸ਼ਾਸਨ ਦੀਆਂ ਹੱਦਾਂ ਪਾਰ ਕੀਤੀਆਂ, ਜਿਨ੍ਹਾਂ ਨੂੰ ਸੁਧਾਰਨ ਸਰਕਾਰ ਅਤੇ ਦੇਸ਼ ਲਈ ਅਤਿ ਜ਼ਰੂਰੀ ਮੁੱਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਛੋੜ ਦਿਹਾੜੇ ਦੀ ਸਮੂਹ ਸੰਗਤਾਂ ਨੂੰ ਵਧਾਈ ਵੀ ਦਿੱਤੀ।
 

ਛੇਵੇਂ ਪਾਤਸ਼ਾਹ ਨੇ ਮਨੁੱਖ ਦੇ ਬੁਨਿਆਦੀ ਹੱਕਾਂ ਦੀ ਰਖਵਾਲੀ ਦਾ ਸੁਨੇਹਾ ਦਿੰਦਿਆਂ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਰਾਹ ਦਿਖਾਇਆ-ਬੀਬੀ ਜਗੀਰ ਕੌਰ
ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੇ ਖਾਲਸਾ ਪੰਥ ਨੂੰ ਇਕਜੁਟ ਹੋ ਕੇ ਗੁਰਬਾਣੀ, ਗੁਰ-ਇਤਿਹਾਸ ਅਤੇ ਗੁਰਮਤਿ ਰਹਿਣੀ ਦੇ ਪ੍ਰਚਾਰ-ਪ੍ਰਸਾਰ ਲਈ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ ਕੌਮ ਦੇ ਨਿਰਾਲੇ ਇਤਿਹਾਸ ਦੀ ਵਿਲੱਖਣ ਗਾਥਾ ਹੈ, ਇਸ ਨੇ ਮਨੁੱਖੀ ਅਜ਼ਾਦੀ ਦੇ ਨਾਲ-ਨਾਲ ਹੱਕ, ਸੱਚ ਅਤੇ ਇਨਸਾਫ ਲਈ ਮਿਸਾਲੀ ਉਦਾਹਰਣ ਪੇਸ਼ ਕੀਤੀ। ਛੇਵੇਂ ਪਾਤਸ਼ਾਹ ਨੇ 52 ਰਾਜਿਆਂ ਨੂੰ ਗਵਾਲੀਅਰ ਦੀ ਕੈਦ ਵਿੱਚੋਂ ਰਿਹਾਅ ਕਰਵਾ ਕੇ ਮਨੁੱਖ ਦੇ ਬੁਨਿਆਦੀ ਹੱਕਾਂ ਦੀ ਰਖਵਾਲੀ ਦਾ ਸੁਨੇਹਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਰਾਹ ਦਿਖਾਇਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਸਮੇਂ ਦੀਆਂ ਹਕੂਮਤਾਂ ਨੇ ਸਦਾ ਹੀ ਸਿੱਖ ਕੌਮ ਨੂੰ ਦਬਾਉਣ ਦਾ ਯਤਨ ਕੀਤਾ। ਅੱਜ ਵੀ ਇਹ ਵਰਤਾਰਾ ਬੰਦ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ 18ਵੀਂ ਸਦੀ ਵਿਚ ਸਿੱਖ ਪੰਥ ਅੰਮ੍ਰਿਤਸਰ ਵਿਖੇ ਇਕੱਠਾ ਹੋ ਕੇ ਕੌਮ ਲੇਖਾ-ਜੋਖਾ ਕਰਦਿਆਂ ਭਵਿੱਖਮੁਖੀ ਤਰਜ਼ੀਹਾਂ ਨਿਰਧਾਰਤ ਕਰਨ ਲਈ ਵਿਉਂਤਾਂ ਉਲੀਕਿਆ ਕਰਦਾ ਹੈ, ਜੋ ਹਕੂਮਤ ਦੇ ਸਖਤੀ ਭਰੇ ਦੌਰ ਵਿਚ ਵੀ ਸਿੱਖ ਪੰਥ ਨੂੰ ਚੜ੍ਹਦੀ ਕਲਾ, ਹਿੰਮਤ, ਅਣਖ, ਦਲੇ੍ਹਰੀ ਅਤੇ ਚੇਤਨਤਾ ਨਾਲ ਜੋੜਦਾ ਰਿਹਾ। ਉਨ੍ਹਾਂ ਕਿਹਾ ਕਿ ਅੱਜ ਵੀ ਕੌਮ ਨੂੰ ਇਕੱਠੇ ਹੋ ਕੇ ਸਿਰਜੋੜ ਬੈਠਣ ਦੀ ਜ਼ਰੂਰਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਸੰਬੋਧਨ ਦੌਰਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਨੇ ਕੌਮ ਅੰਦਰ ਇਕਜੁਟਤਾ ਅਤੇ ਕੌਮੀ ਜ਼ਜਬਾ ਹੋਰ ਤਿੱਖਾ ਕਰ ਦਿੱਤਾ। ਉਨ੍ਹਾਂ ਨੇ ਭਾਈ ਮਨੀ ਸਿੰਘ ਜੀ ਦੇ ਜੀਵਨ ਤੋਂ ਸੰਗਤਾਂ ਅਤੇ ਖ਼ਾਸਕਰ ਸਿੱਖ ਨੌਜੁਆਨੀ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਸਟੇਜ ਸੰਚਾਲਨ ਦੀ ਸੇਵਾ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਨੇ ਨਿਭਾਈ।
 

ਸ੍ਰੀ ਦਰਬਾਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਸੰਗਤ ਨੇ ਮਾਣਿਆ ਅਨੰਦ
ਸੱਚਖੰਡ ਸ੍ਰੀਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਬੀਤੇ ਤਿੰਨ ਦਿਨਾਂ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ-ਜਸ ਸਰਵਣ ਕਰਵਾਇਆ। ਬੰਦੀ ਛੋੜ ਦਿਹਾੜੇ ਮੌਕੇ ਰਹਰਾਸਿ ਸਾਹਿਬ ਦੇ ਪਾਠ ਮਗਰੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੰਕੇਤਕ ਰੂਪ ਵਿਚ ਕੁਝ ਮਿੰਟ ਆਤਿਸ਼ਬਾਜ਼ੀ ਹੋਈ, ਜਿਸ ਦਾ ਸੰਗਤ ਨੇ ਭਰਪੂਰ ਅਨੰਦ ਮਾਣਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਕੀਤੀ ਦੀਪਮਾਲਾ ਵੀ ਸੰਗਤ ਲਈ ਖਿੱਚ ਦਾ ਕੇਂਦਰ ਰਹੀ। 
 

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ
ਬੰਦੀ ਛੋੜ ਦਿਵਸ ਮੌਕੇ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਨੁਮਾਇੰਦਿਆਂ ਨੂੰ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਵਿਚ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲਾ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਮੇਜਰ ਸਿੰਘ, ਬਾਬਾ ਤਰਲੋਕ ਸਿੰਘ ਆਦਿ ਮੌਜੂਦ ਸਨ।


author

Shyna

Content Editor

Related News