ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਕੈਪਟਨ ਅਮਰਿੰਦਰ ਸਿੰਘ ਤਨਖਾਹੀਆ ਕਰਾਰ
Sunday, Dec 05, 2021 - 11:07 PM (IST)
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਚ ਅਰਦਾਸ ਕਰਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨੇ ਬਰਗਾੜੀ ਮੋਰਚੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਝੂਠਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮੋਰਚੇ ਦੇ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ।
ਇਹ ਵੀ ਪੜ੍ਹੋ : ਭਗਵੰਤ ਮਾਨ ਦਾ ਵੱਡਾ ਖ਼ੁਲਾਸਾ, ਭਾਜਪਾ ਦੇ ਵੱਡੇ ਲੀਡਰ ਨੇ ਫੋਨ ਕਰਕੇ ਦਿੱਤਾ ਆਫ਼ਰ
ਉਨ੍ਹਾਂ ਕਿਹਾ ਕਿ ਇਸ ਮੋਰਚੇ ਨੂੰ ਖ਼ਰਾਬ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਪੂਰਾ ਹੱਥ ਹੈ। ਮੰਡ ਨੇ ਪੰਜ ਪਿਆਰਿਆਂ ਦੀ ਅਗਵਾਈ ’ਚ ਬਰਗਾੜੀ ਮੋਰਚਾ ਚੁੱਕਵਾਉਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਾਜ਼ਰ ਨਾ ਹੋਣ ’ਤੇ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਭਾਈ ਮੰਡ ਨੇ ਅੱਗੇ ਬੋਲਦੇ ਹੋਏ ਇਹ ਵੀ ਕਿਹਾ ਕਿ ਜਦੋਂ ਤੱਕ ਕੈਪਟਨ ਅਮਰਿੰਦਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਉਨ੍ਹਾਂ ਨੂੰ ਕਿਸੇ ਵੀ ਧਾਰਿਮਕ ਸਮਾਗਮ ’ਚ ਬੋਲਣ ਨਹੀਂ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਕੈਪਟਨ-ਭਾਜਪਾ ਨਾਲ ਗਠਜੋੜ ਨੂੰ ਲੈ ਕੇ ਸੁਖਦੇਵ ਢੀਂਡਸਾ ਨੇ ਆਖੀ ਵੱਡੀ ਗੱਲ
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਪਲਾਜ਼ਾ ਵਿਖੇ ਪੰਜ ਸਿੰਘਾਂ ਦੀ ਮੌਜੂਦਗੀ ਪਹੁੰਚੇ ਜਿੱਥੇ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਧੋਖੇ ਨਾਲ ਬਰਗਾੜੀ ਮੋਰਚਾ ਉਠਵਾਉਣ ਅਤੇ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨ੍ਹਾਂ ਵਲੋਂ ਸੱਦੇ ਜਾਣ ’ਤੇ ਹਾਜ਼ਰ ਨਾ ਹੋਣ ਤੇ ਤਨਖ਼ਾਹੀਆ ਕਰਾਰ ਦੇਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : ਤਲਵੰਡੀ ਭਾਈ ਨੇੜੇ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਡਰਾਇਵਰ ਦੀ ਮੌਕੇ ’ਤੇ ਮੌਤ
ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਨਾ ਤਾਂ ਕਿਸੇ ਗੁਰਦੁਆਰਾ ਸਾਹਿਬ ਦੀ ਸਟੇਜ ਤੇ ਨਾ ਹੀ ਕਿਤੋਂ ਹੋਰ ਬੋਲਣ ਦੇਵੇ ਤੇ ਨਾ ਹੀ ਉਸ ਨਾਲ ਕਿਸੇ ਤਰ੍ਹਾਂ ਦੀ ਕੋਈ ਸਾਂਝ ਰੱਖੇ। ਉਨ੍ਹਾਂ ਮੌਜੂਦਾ ਸਰਕਾਰ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਕਾਰਜਕਾਲ ਸਮੇਂ ਹੀ ਚੌਣ ਜ਼ਾਬਤੇ ਤੋਂ ਪਹਿਲਾਂ-ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ਼ ਦੇਵੇ ਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਹਾਸਲ ਕਰੇ। ਜੇਕਰ ਚੌਣ ਜ਼ਾਬਤੇ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਾ ਦਿੱਤੀਆਂ ਗਈਆਂ ਤਾਂ ਇਨ੍ਹਾਂ ਦੋਵਾਂ ਮੰਤਰੀਆਂ, ਵਿਧਾਇਕਾਂ ਤੇ ਸਰਕਾਰ ਖ਼ਿਲਾਫ਼ ਇਕੱਤਰਤਾ ਕਰਕੇ ਪੰਜ ਸਿੰਘ ਸਾਹਿਬਾਨ ਕੋਈ ਫੈਂਸਲਾ ਕਰਨਗੇ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?