ਬਰਨਾਲਾ ਜ਼ਿਲ੍ਹੇ ਵਿਚ ਕੋਰੋਨਾ ਦੇ ਤਿੰਨ ਨਵੇਂ ਮਰੀਜ਼ਾਂ ਦੀ ਪੁਸ਼ਟੀ
Tuesday, Jun 23, 2020 - 04:49 PM (IST)
ਬਰਨਾਲਾ (ਕਮਲਜੀਤ) : ਬਰਨਾਲਾ ਜ਼ਿਲ੍ਹੇ ਵਿਚ ਕੋਰੋਨਾ ਦੇ ਤਿੰਨ ਨਵੇਂ ਮਰੀਜ਼ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਭਦੌੜ ਦੇ ਇਕ ਕਿਸਾਨ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦਕਿ ਇਕ ਮਰੀਜ਼ ਦਿੱਲੀ ਤੋਂ ਪਰਤਿਆ ਹੈ। ਉਥੇ ਹੀ ਤੀਸਰਾ ਕੋਰੋਨਾ ਪੀੜਤ ਮਰੀਜ਼ ਇਕ ਨਾਬਾਲਿਗ ਬੱਚੀ ਹੈ, ਜਿਸ ਦੇ ਦਾਦਾ ਜਲੰਧਰ ਰਹਿੰਦੇ ਹਨ ਅਤੇ ਉਨ੍ਹਾਂ ਨਾਲ ਹਾਦਸਾ ਵਾਪਰਨ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ ਸੀ, ਜਿਥੇ ਜਾਂਚ ਦੌਰਾਨ ਉਨ੍ਹਾਂ ਨੂੰ ਕੋਰੋਨਾ ਮਹਾਮਾਰੀ ਦੀ ਪੁਸ਼ਟੀ ਹੋਈ ਸੀ। ਇਸ ਤੋਂ ਬਾਅਦ ਉਕਤ ਬੱਚੀ ਵੀ ਉਨ੍ਹਾਂ ਨੂੰ ਮਿਲਣ ਲੁਧਿਆਣਾ ਗਈ ਸੀ, ਅੱਜ ਜਾਂਚ ਦੌਰਾਨ ਉਕਤ ਬੱਚੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਦੂਜੇ ਪਾਸੇ ਬਰਨਾਲਾ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 46 ਹੋ ਗਈ ਹੈ। ਜਿਨ੍ਹਾਂ ਵਿਚੋਂ 27 ਮਰੀਜ਼ ਠੀਕ ਹੋ ਚੁੱਕੇ ਹਨ ਜਦਕਿ 2 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਉਥੇ ਹੀ ਬਰਨਾਲਾ ਜ਼ਿਲ੍ਹੇ ਵਿਚ ਹੁਣ ਸਰਗਰਮ ਮਰੀਜ਼ਾਂ ਦੀ ਗਿਣਤੀ 17 ਹੋ ਚੁੱਕੀ ਹੈ।