ਬਾਸਮਤੀ ਚੌਲਾਂ ਦੀ ਬਰਾਮਦ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਨਿਰਦੇਸ਼

08/18/2022 9:09:20 AM

ਪਟਿਆਲਾ (ਬਲਜਿੰਦਰ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ’ਚ ਰੁਕਾਵਟ ਪਾਉਣ ਵਾਲੇ ਕੁੱਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ’ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰ ਸਿੰਘ ਨੇ ਦੱਸਿਆ ਕਿ ਐਸੀਫੇਟ, ਬੁਪਰੋਫੇਜ਼ਿਨ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜ਼ੋਲ ਥਿਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜ਼ੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖ਼ਾਸ ਕਰ ਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖ਼ਪਤ ’ਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : CM ਮਾਨ ਵੱਲੋਂ ਪਟਿਆਲਾ ਵਿਖੇ 'ਪੰਜਾਬ ਐਵੀਏਸ਼ਨ ਮਿਊਜ਼ੀਅਮ' ਸਥਾਪਿਤ ਕਰਨ ਦੀ ਪ੍ਰਵਾਨਗੀ

ਉਨ੍ਹਾਂ ਕਿਹਾ ਕਿ ਉਪਰੋਕਤ ਕੀਟਨਾਸ਼ਕਾਂ ’ਤੇ ਪੰਜਾਬ ’ਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ। ਇਸ ਸਬੰਧੀ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਕੀਟਨਾਸ਼ਕ ਵਿਕਰੇਤਾਵਾਂ ਨੂੰ ਵੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਖੇਤੀ ਰਸਾਇਣਾਂ ਦੀ ਸਿਫ਼ਾਰਸ਼ ਕੀਤੀ ਹੈ, ਜੋ ਬਜ਼ਾਰ ’ਚ ਉਪਲੱਬਧ ਹਨ।

ਇਹ ਵੀ ਪੜ੍ਹੋ : 6 ਹਜ਼ਾਰ ਕਰੋੜ ਦੇ ਡਰੱਗ ਰੈਕਟ ਮਾਮਲੇ 'ਚ ਹਾਈਕੋਰਟ ਦੀ ਬੈਂਚ ਦਾ ਸੁਣਵਾਈ ਤੋਂ ਇਨਕਾਰ

ਜ਼ਿਕਰਯੋਗ ਹੈ ਕਿ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਦਰਜੇ ਦੇ ਕੀਟਨਾਸ਼ਕਾਂ ਦੀ ਵਿਕਰੀ ’ਤੇ ਨਜ਼ਰ ਰੱਖਣ ਅਤੇ ਅਜਿਹੀਆਂ ਕਾਰਵਾਈਆਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ। ਹੁਣ ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ’ਚ ਸੁਧਾਰ ਲਈ ਕਿਸਾਨਾਂ ਦੇ ਪੱਖ ’ਚ ਜਾਰੀ ਕੀਤੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News