ਮੁੱਖ ਮੰਤਰੀ ਨੇ ਬਟਾਲਾ ਵਿਖੇ ''ਪ੍ਰਕਾਸ਼ ਪੁਰਬ ਮਾਰਗ'' ਦਾ ਰੱਖਿਆ ਨੀਂਹ ਪੱਥਰ

10/25/2019 2:58:09 PM

ਬਟਾਲਾ (ਬੇਰੀ, ਗੋਰਾਇਆ, ਮਠਾਰੂ, ਜ. ਬ.) : ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨੇ ਆਸ ਪ੍ਰਗਟਾਉਂਦਿਆਂ ਕਿਹਾ ਕਿ ਪਾਕਿਸਤਾਨ ਸਿੱਖ ਧਰਮ ਦੀਆਂ ਭਾਵਨਾਵਾਂ ਅਤੇ ਰਵਾਇਤਾਂ ਨੂੰ ਸਮਝਦੇ ਹੋਏ ਭਾਰਤੀ ਸ਼ਰਧਾਲੂਆਂ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵਸੂਲੀ ਜਾਣ ਵਾਲੀ 20 ਡਾਲਰ ਦੀ ਫੀਸ ਨੂੰ ਮੁਆਫ ਕਰੇਗਾ। ਉਨ੍ਹਾਂ ਕਿਹਾ ਕਿ ਇਥੋਂ ਤਕ ਕਿ ਅਕਬਰ ਨੇ ਵੀ ਗੈਰ-ਮੁਸਲਿਮ ਧਰਮਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਜ਼ਜੀਆ ਟੈਕਸ ਮੁਆਫ ਕੀਤਾ ਸੀ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸਿੱਖ ਸ਼ਰਧਾਲੂਆਂ 'ਤੇ ਲਾਈ ਗਈ 20 ਡਾਲਰ ਦੀ ਫੀਸ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰੇ ਵਿਧਾਇਕਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਇਸ ਪਹਿਲੇ ਜਥੇ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪੂਰੀ ਵਜ਼ਾਰਤ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਕੀਤੇ ਜਾ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ ਗਿਆ।

ਉਨ੍ਹਾਂ ਵਲੋਂ 103 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 109 ਕਿਲੋਮੀਟਰ ਲੰਬਾਈ ਵਾਲੇ 'ਪ੍ਰਕਾਸ਼ ਪੁਰਬ ਮਾਰਗ' ਜੋ ਸੁਲਤਾਨਪੁਰ ਲੋਧੀ ਤੋਂ ਲੈ ਕੇ ਡੇਰਾ ਬਾਬਾ ਨਾਨਕ ਤਕ ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਸਰਕਾਰ ਵਲੋਂ 10 ਮੀਟਰ ਚੌੜਾ ਬਣਾਇਆ ਜਾ ਰਿਹਾ ਇਹ ਮਾਰਗ ਸੁਲਤਾਨਪੁਰ ਲੋਧੀ ਤੋਂ ਵਾਇਆ ਮੁੰਡੀ ਮੋੜ-ਕਪੂਰਥਲਾ-ਸੁਭਾਨਪੁਰ-ਬਿਆਸ-ਬਾਬਾ ਬਕਾਲਾ-ਬਟਾਲਾ ਵੱਲ ਦੀ ਡੇਰਾ ਬਾਬਾ ਨਾਨਕ ਤੱਕ ਜਾਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਬਟਾਲਾ ਵਿਖੇ 13 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਸਟੈਂਡ ਬਣਾਇਆ ਜਾਵੇਗਾ।

Baljeet Kaur

This news is Content Editor Baljeet Kaur