ਗੁਰਦੁਆਰਾ ਸ੍ਰੀ ਕੰਧ ਸਾਹਿਬ ਮਨਮੋਹਕ ਤੇ ਰੰਗ-ਬਿਰੰਗੀਆਂ ਲਾਈਟਾਂ ਨਾਲ ਜਗਮਗਾਇਆ

11/08/2019 12:23:29 PM

ਬਟਾਲਾ (ਬੇਰੀ) : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਸਬੰਧੀ ਸੇਵਾਦਾਰਾਂ ਦੀਆਂ ਡਿਊਟੀਆਂ ਵੀ ਲਾ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਮੈਂਬਰ ਐੱਸ. ਜੀ. ਪੀ. ਸੀ . ਗੁਰਿੰਦਰਪਾਲ ਸਿੰਘ ਗੋਰਾ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਮੈਨੇਜਰ ਗੁਰਤਿੰਦਰਪਾਲ ਸਿੰਘ ਮਾਂਟੂ ਭਾਟੀਆ ਨੇ ਸਾਂਝੇ ਤੌਰ 'ਤੇ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਇਸ ਲਈ 10 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ, ਜਿੰਨ੍ਹਾਂ ਦੇ ਭੋਗ 12 ਨਵੰਬਰ ਨੂੰ ਸਵੇਰੇ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਿਨ ਗੁਰਦੁਆਰਾ ਸਾਹਿਬ ਵਿਖੇ ਧਾਰਮਕ ਦੀਵਾਨ ਵੀ ਸੱਜਣਗੇ, ਜਿੰਨ੍ਹਾਂ 'ਚ ਹਜ਼ੂਰੀ ਰਾਗੀ, ਕਵੀਸ਼ਰੀ ਜਥੇ, ਢਾਡੀ ਜਥੇ, ਕਥਾਵਾਚਕ ਅਤੇ ਪ੍ਰਚਾਰਕ ਸਾਹਿਬਾਨ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕਰਨਗੇ ਅਤੇ ਗੁਰਬਾਣੀ ਦਾ ਮਨੋਹਰ ਸ਼ਬਦ ਕੀਰਤਨ ਕਰ ਕੇ ਆਈ ਸੰਗਤ ਨੂੰ ਨਿਹਾਲ ਕਰਨਗੇ।
PunjabKesari
ਜ. ਗੋਰਾ ਤੇ ਮੈਨੇਜਰ ਮਾਂਟੂ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਮਨਮੋਹਕ ਅਤੇ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸੰਗਤਾਂ ਵੱਲੋਂ ਦੀਪਮਾਲਾ ਵੀ ਕੀਤੀ ਜਾਵੇਗੀ। ਜ. ਗੋਰਾ ਤੇ ਮੈਨੇਜਰ ਮਾਂਟੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਲੈ ਕੇ ਰਾਤ ਤੱਕ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤ ਨੂੰ ਬੇਨਤੀ ਕਰਦਿਆਂ ਕਿਹਾ ਕਿ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ 550 ਸਾਲਾ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਨਾਲ ਮਨਾਉਣ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ।


Baljeet Kaur

Content Editor

Related News