ਲੋਕ ਸਭਾ ਚੋਣਾਂ ਤੋਂ ਪਹਿਲਾਂ ਨਵੀਂ ਪਾਰਟੀ ਦਾ ਕਰਾਂਗੇ ਗਠਨ : ਸੁਖਪਾਲ ਖਹਿਰਾ
Sunday, Nov 18, 2018 - 11:50 AM (IST)

ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਕੰਵਲਜੀਤ) : ਆਪ ਤੋਂ ਮੁਅੱਤਲ ਕੀਤੇ ਗਏ ਸੁਖਪਾਲ ਸਿੰਘ ਖਹਿਰਾ ਅੱਜ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੀ ਸਰਹੱਦ 'ਤੇ ਪਹੁੰਚੇ, ਜਿਥੇ ਉਨ੍ਹਾਂ ਸਪੱਸ਼ਟ ਤੌਰ 'ਤੇ ਦਿਖਾਈ ਦਿੰਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਦਰਾਸ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਉਨ੍ਹਾਂ ਨਾਲ ਸਨ। ਸੁਖਪਾਲ ਖਹਿਰਾ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿਚ 500 ਤੋਂ ਵੱਧ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ ਪਰ ਕੈਪਟਨ ਸਰਕਾਰ ਨੂੰ ਕਿਸਾਨਾਂ ਦੀ ਕੋਈ ਚਿੰਤਾ ਨਹੀਂ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਬਹਿਬਲ ਕਲਾਂ ਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਨਾਮਜ਼ਦ ਕਰ ਕੇ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਸਜ਼ਾਵਾਂ ਦੇਣੀਆਂ ਚਾਹੁੰਦੀਆਂ ਹਨ ਪਰ ਕੈਪਟਨ ਸਰਕਾਰ ਵਲੋਂ ਬਣਾਏ ਗਏ ਪਹਲਾਂ ਰਣਜੀਤ ਸਿੰਘ ਕਮੀਸ਼ਨ ਅਤੇ ਹੁਣ ਐੱਸ. ਆਈ. ਟੀ. ਵਲੋਂ ਕੇਵਲ ਜਾਂਚ ਦੇ ਨਾਂ 'ਤੇ ਖਾਨਾਪੂਰਤੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਕਿਸੇ ਵੀ ਦੋਸ਼ੀ ਦਾ ਨਾਮ ਸਾਹਮਣੇ ਨਹੀਂ ਆਇਆ, ਜਿਸ ਨੂੰ ਲੈ ਕੇ ਸੰਗਤਾਂ ਅੰਦਰ ਭਾਰੀ ਰੋਸ ਹੈ।
ਖਹਿਰਾ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਕਾਨੂੰਨ ਦੀ ਹਾਲਤ ਬੱਦ ਤੋਂ ਬੱਦਤਰ ਹੈ ਅਤੇ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਬੇਰੋਜ਼ਗਾਰੀ ਆਏ ਦਿਨ ਵਧ ਰਹੀ ਹੈ ਪਰ ਸਰਕਾਰ ਨੂੰ ਕੋਈ ਚਿੰਤਾ ਨਹੀਂ। ਖਹਿਰਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਸੀਂ ਹਮਖਿਆਲੀ ਪਾਰਟੀਆਂ ਨਾਲ ਮਿਲ ਕੇ ਨਵੀਂ ਪਾਰਟੀ ਦਾ ਗਠਨ ਕਰ ਸਕਦੇ ਹਾਂ। ਇਸ ਮੌਕੇ ਕੰਵਲਜੀਤ ਸਿੰਘ ਖੁਸ਼ਹਾਲਪੁਰ, ਚੰਦਾ ਸਿੰਘ ਹਰੂਵਾਲ, ਕ੍ਰਿਪਾਲ ਸਿੰਘ, ਮਹਿੰਦਰ ਸਿੰਘ, ਹਰਜੀਤ ਸਿੰਘ ਠੇਠਰਕੇ, ਗੁਰਨਾਮ ਸਿੰਘ, ਕੁਲਦੀਪ ਸਿੰਘ ਬੇਦੀ, ਰਣਜੀਤ ਸਿੰਘ ਝੰਗੀ ਤੋਂ ਇਲਾਵਾ ਆਪ ਵਰਕਰ ਹਾਜ਼ਰ ਸਨ।