80 ਫੀਸਦੀ ਲੋਕਾਂ ਕੋਲ ਨਹੀਂ ਹਨ ਪਾਸਪੋਰਟ ਕਿਵੇਂ ਜਾਣਗੇ ਕਰਤਾਰਪੁਰ

03/15/2019 5:07:31 PM

ਬਟਾਲਾ : ਕਰਤਾਰਪੁਰ ਲਾਂਘੇ ਲਈ ਅੱਜ ਦੋਵਾਂ ਦੇਸ਼ਾਂ ਦੇ ਉੱਚ ਅਧਿਕਾਰੀਆਂ ਦੀ ਹੋਈ ਮੀਟਿੰਗ ਦੌਰਾਨ ਸ਼ਰਧਾਲੂਆਂ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜੋ ਪਾਸਪੋਰਟ ਦੀ ਸ਼ਰਤ ਲਗਾਈ ਗਈ ਹੈ, ਉਸ ਨਾਲ ਸਰਹੱਦੀ ਖੇਤਰ ਸਮੇਤ ਹੋਰਨਾਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਝਟਕਾ ਲੱਗਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਆਗੂਆਂ ਨੇ ਕਿਹਾ ਕਿ ਇਸ ਸ਼ਰਤ ਨਾਲ ਲੱਖਾਂ ਸ਼ਰਧਾਲੂਆਂ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਸੁਪਨੇ ਅਧੂਰੇ ਰਹਿ ਜਾਣਗੇ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ 18 ਸਾਲਾਂ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਲਈ ਹਰ ਮੱਸਿਆ ਮੌਕੇ ਅਰਦਾਸ ਕੀਤੀ ਜਾਂਦੀ ਹੈ। ਉਨ੍ਹਾਂ ਦੀ ਜੱਦੋ-ਜਹਿਦ ਉਸ ਸਮੇਂ ਤੱਕ ਜਾਰੀ ਰਹੇਗੀ, ਜਦੋਂ ਤਕ ਸ਼ਰਧਾਲੂਆਂ ਨੂੰ ਬਿਨਾਂ ਵੀਜ਼ਾ ਅਤੇ ਪਾਸਪੋਰਟ ਦੇ ਦਰਸ਼ਨ ਨਹੀਂ ਹੁੰਦੇ। ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਪਾਸਪੋਰਟ ਦੀ ਸ਼ਰਤ ਖਤਮ ਕਰਨ ਅਤੇ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰਨ। ਡੇਰਾ ਬਾਬਾ ਨਾਨਕ ਤੋਂ ਐੱਸ.ਜੀ.ਪੀ.ਸੀ. ਮੈਂਬਰ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਸਰਹੱਦੀ ਖੇਤਰ ਦੇ 80 ਫੀਸਦੀ ਲੋਕਾਂ ਕੋਲ ਪਾਸਪੋਰਟ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇ ਸ਼ਰਧਾਲੂਆਂ 'ਤੇ ਪਾਸਪੋਰਟ ਦੀ ਸ਼ਰਤ ਲਗਾਉਣੀ ਹੈ ਤਾਂ ਉਹ ਤਾਂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਾਲ 'ਚ ਕਈ ਵਾਰ ਜਾਂਦੇ ਹਨ। ਜਥੇਦਾਰ ਸ਼ਾਹਪੁਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਸ਼ਰਤ 'ਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ।


Baljeet Kaur

Content Editor

Related News