ਚੋਰੀ ਦੇ 8 ਮੋਟਰਸਾਈਕਲਾਂ ਸਮੇਤ 2 ਨੌਜਵਾਨ ਕਾਬੂ

Friday, Aug 23, 2019 - 06:13 PM (IST)

ਬਟਾਲਾ (ਧਰਮਿੰਦਰ ਠਾਕੁਰ) : ਬਟਾਲਾ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦ ਥਾਣਾ ਸਿਟੀ ਦੀ ਪੁਲਸ ਵਲੋਂ ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐੱਸ. ਐੱਚ. ਓ. ਸਿਟੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਏ. ਐੱਸ. ਆਈ. ਬਲਦੇਵ ਸਿੰਘ ਵਲੋਂ ਸਾਥੀ ਕਰਮਚਾਰੀਆਂ ਸਮੇਤ ਸਥਾਨਕ ਸੁੱਖਾ ਸਿੰਘ ਚੌਕ ਲਾਗੇ ਸਪੈਸ਼ਲ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਸੀ। ਐੱਸ. ਐੱਚ. ਓ. ਨੇ ਦੱਸਿਆ ਕਿ ਇਸ ਦੌਰਾਨ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਮੋਟਰਸਾਈਕਲ 'ਤੇ ਆਏ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਅਤੇ ਜਦ ਪੁਲਸ ਪਾਰਟੀ ਨੇ ਇਨ੍ਹਾਂ ਨੌਜਵਾਨਾਂ ਕੋਲੋਂ ਮੋਟਰਸਾਈਕਲ ਦੇ ਕਾਗਜ਼ਾਤ ਮੰਗੇ ਤਾਂ ਇਹ ਕੋਈ ਠੋਸ ਜਵਾਬ ਨਹੀਂ ਦੇ ਸਕੇ।

ਐੱਸ. ਐੱਚ. ਓ. ਨੇ ਦੱਸਿਆ ਕਿ ਜਦ ਏ. ਐੱਸ. ਆਈ. ਬਲਦੇਵ ਸਿੰਘ ਨੇ ਸਖਤੀ ਵਰਤਦੇ ਹੋਏ ਇਨ੍ਹਾਂ ਨੌਜਵਾਨਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਇਨ੍ਹਾਂ ਦੋਵਾਂ ਨੌਜਵਾਨਾਂ ਨੇ ਦੱਸਿਆ ਕਿ ਉਹ ਇਹ ਮੋਟਰਸਾਈਕਲ ਵੇਚਣ ਜਾ ਰਹੇ ਸਨ ਅਤੇ ਉਨ੍ਹਾਂ ਇਹ ਮੋਟਰਸਾਈਕਲ ਦੀਨਾਨਗਰ ਦੇ ਰੇਲਵੇ ਸਟੇਸ਼ਨ ਨੇੜਿਓਂ ਚੋਰੀ ਕੀਤਾ ਸੀ। ਐੱਸ. ਐੱਚ. ਓ. ਨੇ ਦੱਸਿਆ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਕੋਲੋਂ ਚੋਰੀ ਦੇ 7 ਹੋਰ ਮੋਟਰਸਾਈਕਲ ਵੀ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦੀ ਪਛਾਣ ਜੋਬਨਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਨੰਗਲ ਬੁੱਟਰ, ਗੁਰਜੰਟ ਸਿੰਘ ਉਰਫ਼ ਭੁੱਟੋ ਪੁੱਤਰ ਕਸ਼ਮੀਰ ਸਿੰਘ ਵਾਸੀ ਹਾਸਨਪੁਰਾ ਥਾਣਾ ਅਜਨਾਲਾ ਅੰਮ੍ਰਿਤਸਰ ਵਜੋਂ ਹੋਈ ਹੈ। ਜਿਨ੍ਹਾਂ ਦੇ ਵਿਰੁੱਧ ਬਣਦੀਆਂ ਧਾਰਾਵਾਂ ਤਹਿਤ ਥਾਣਾ ਸਿਟੀ ਵਿਖੇ ਮੁਕੱਦਮਾ ਨੰ. 130 ਦਰਜ ਕਰ ਲਿਆ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਉਨ੍ਹਾਂ ਦੋਵਾਂ ਨੌਜਵਾਨਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰ ਕੇ 3 ਦਿਨ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਨਾਲ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। 


Baljeet Kaur

Content Editor

Related News