ਕੈਪਟਨ ਦੀ ਬਜਾਏ ਮਜੀਠੀਆ ਨੇ ਕੀਤਾ ਕਿਸਾਨ ਬੁੱਧ ਸਿੰਘ ਦਾ ਕਰਜ਼ਾ ਮੁਆਫ

02/07/2019 5:38:12 PM

ਬਟਾਲਾ (ਬੇਰੀ) : ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਅੱਜ ਬਟਾਲਾ ਦੇ ਪਿੰਡ ਕੋਟਲੀ ਸੂਰਤ ਦੇ ਕਿਸਾਨ ਬੁੱਧ ਸਿੰਘ ਨੂੰ 3 ਲੱਖ 86 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਗਿਆ। ਜਾਣਕਾਰੀ ਮੁਤਾਬਕ ਸੀਨੀਅਰ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਕਿਸਾਨ ਬੁੱਧ ਸਿੰਘ ਦੇ ਘਰ ਪਹੁੰਚੇ ਤੇ ਉਨ੍ਹਾਂ ਨੇ ਕਿਸਾਨ ਬੁੱਧ ਸਿੰਘ ਨੂੰ ਚੈੱਕ ਭੇਂਟ ਕਰਕੇ ਸਾਰਾ ਕਰਜ਼ਾ ਉਤਾਰਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਹੈ। ਉਸ ਦਾ ਝੂਠ ਹੁਣ ਲੋਕਾਂ ਦੇ ਸਾਹਮਣੇ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬੁੱਧ ਸਿੰਘ ਵੀ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। 

ਦੱਸਣਯੋਗ ਹੈ ਕਿ 12 ਅਕਤੂਬਰ, 2016 ਨੂੰ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਹਲਕੇ ਦੇ ਅੰਦਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ 'ਚ ਪ੍ਰਚਾਰ ਕਰਨ  ਲਈ ਆਏ ਸਨ। ਇਸ ਦੌਰਾਨ ਪਿੰਡ ਕੋਟਲੀ ਸੂਰਤ ਮੱਲੀ ਵਿਖੇ ਕਿਸਾਨ ਬੁੱਧ ਸਿੰਘ ਦੇ ਨਾਲ ਮੁਲਾਕਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਕਿਸਾਨਾਂ ਲਈ 'ਕਰਜ਼ਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ' ਦਾ ਨਾਅਰਾ ਦਿੱਤਾ ਗਿਆ ਸੀ, ਜਿਸ ਤਹਿਤ ਕਿਸਾਨ ਬੁੱਧ ਸਿੰਘ ਦਾ ਕਰਜ਼ਾ ਮੁਆਫ਼ੀ ਵਾਲਾ ਫਾਰਮ ਭਰ ਕੇ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਐਲਾਨ ਕਰਦਿਆਂ ਸਭ ਤੋਂ ਪਹਿਲਾਂ ਕਿਸਾਨ ਬੁੱਧ ਸਿੰਘ ਦਾ ਕਰਜ਼ਾ ਮੁਆਫ਼ ਕਰਨ ਲਈ ਵਾਅਦਾ ਕੀਤਾ ਸੀ। ਚੋਣਾਂ ਦੌਰਾਨ ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਕਿਸਾਨ ਬੁੱਧ ਸਿੰਘ ਦੀ ਤਸਵੀਰ ਵਾਲੇ ਪੋਸਟਰ ਵੀ ਜਾਰੀ ਕੀਤੇ ਗਏ ਸਨ ਪਰ 2 ਸਾਲ ਬੀਤਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਕਿਸਾਨ ਬੁੱਧ ਸਿੰਘ ਦਾ ਕਰਜ਼ਾ ਮੁਆਫ਼ ਨਹੀਂ ਕੀਤਾ ਗਿਆ, ਜਿਸ ਕਰਕੇ ਕਿਸਾਨ ਬੁੱਧ ਸਿੰਘ ਦੀ ਸ਼੍ਰੋਮਣੀ ਅਕਾਲੀ ਦਲ ਨੇ ਬਾਂਹ ਫੜੀ ਹੈ, ਜਿਸ ਤੋਂ ਬਾਅਦ ਕਿਸਾਨ ਬੁੱਧ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ ਧੰਨਵਾਦ ਕੀਤਾ ਹੈ।

Baljeet Kaur

This news is Content Editor Baljeet Kaur