ਪ੍ਰਧਾਨ ਮੰਤਰੀ ਮੋਦੀ ਦੇ ਡੇਰਾ ਬਾਬਾ ਨਾਨਕ ਦੌਰੇ ਨੂੰ ਲੈ ਕੇ ਪੁਲਸ ਨੇ ਵਧਾਈ ਸੁਰੱਖਿਆ

10/31/2019 12:35:08 PM

ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਤਿਆਰ ਕੀਤੇ ਗਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਦਾ ਕੰਮ 98 ਫੀਸਦੀ ਮੁਕੰਮਲ ਹੋ ਚੁੱਕਾ ਹੈ। ਡੇਰਾ ਬਾਬਾ ਨਾਨਕ ਵਿਖੇ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤਾ ਜਾਵੇਗਾ, ਜਿਸ ਨੂੰ ਲੈ ਕੇ ਪੁਲਸ ਵਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਪੰਜ ਹਜ਼ਾਰ ਪੁਲਸ ਜਵਾਨ ਤਾਇਨਾਤ ਕੀਤੇ ਜਾਣਗੇ। ਇਸ ਦੇ ਲਈ ਪੁਲਸ ਵਲੋਂ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਐੱਸ.ਐੱਸ.ਪੀ. ਬਟਾਲਾ ਨੇ ਹੋਰਨਾਂ ਪੁਲਸ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਦਿੱਤੀ। ਉਨ੍ਹਾਂ ਦੱਸਿਆ ਕਿ ਬਟਾਲਾ ਤੋਂ ਲੈ ਕੇ ਡੇਰਾ ਬਾਬਾ ਨਾਨਕ ਤੱਕ ਸੁਰੱਖਿਆ ਦੇ ਪੁਖਤਾ ਪ੍ਰਬੰਧ ਰਹਿਣਗੇ। 

ਦੱਸ ਦੇਈਏ ਕਿ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਰਮਿਆਨ ਚੱਲ ਰਹੇ ਕਰੈਡਿਟ ਵਾਰ ਦੇ ਅਸਰ ਕਾਰਣ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵਲੋਂ ਕਸਬੇ ਤੋਂ ਲਗਭਗ 10 ਕਿਲੋਮੀਟਰ ਦੂਰ ਪੈਂਦੇ ਬੀ. ਐੱਸ. ਐੱਫ. ਦੇ ਸ਼ਿਕਾਰ ਮਾਛੀਆਂ ਹੈੱਡਕੁਆਰਟਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਖਰੀ ਸਟੇਜ ਲਾਈ ਜਾ ਰਹੀ ਹੈ। ਸਟੇਜ ਨੂੰ ਬਣਾਉਣ ਲਈ ਸਬੰਧਤ ਸਾਮਾਨ ਬੀ. ਐੱਸ. ਐੱਫ. ਹੈਡਕੁਆਰਟਰ ਪੁੱਜ ਚੁੱਕਾ ਹੈ। ਬੀ. ਐੱਸ. ਐੱਫ. ਦੇ ਅਧਿਕਾਰੀ ਅਧਿਕਾਰਤ ਤੌਰ 'ਤੇ ਇਸ ਸਬੰਧੀ ਕੁਝ ਵੀ ਕਹਿਣ ਤੋਂ ਝਿਜਕ ਰਹੇ ਹਨ ਪਰ ਸੂਤਰਾਂ ਅਨੁਸਾਰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਆਪਣੀ ਭਾਈਵਾਲ ਪਾਰਟੀ ਅਕਾਲੀ ਦਲ ਬਾਦਲ ਦੀ ਗੱਲ ਨੂੰ ਪੁਗਾਉਂਦਿਆਂ ਹੋਇਆਂ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕਰੈਡਿਟ ਆਪ ਲੈਣ ਲਈ ਵੱਖਰੀ ਸਟੇਜ ਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਦੇ ਮੁੱਖ ਦੁਆਰ 'ਤੇ ਬਹੁਤ ਵੱਡੀ ਸਟੇਜ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਆਖਰੀ ਪੜਾਅ ਵਿਚ ਹੈ।

ਇਥੇ ਤੁਹਾਨੂੰ ਇਹ ਵੀ ਦੱਸ ਦਈਏ ਕਿ ਬੀ. ਐੱਸ. ਐੱਫ. ਦੇ ਉਪਰੋਕਤ ਹੈੱਡਕੁਆਰਟਰ ਵਿਖੇ ਮਿਲੀਆਂ ਖਬਰਾਂ ਅਨੁਸਾਰ 10 ਹਜ਼ਾਰ ਵਿਅਕਤੀਆਂ ਦੇ ਬੈਠਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਜੋ ਕਿ ਇਕ ਤਰ੍ਹਾਂ ਨਾਲ ਕਰੈਡਿਟ ਲੈਣ ਦੀ ਹੋੜ ਅਤੇ ਅਕਾਲੀ ਦਲ (ਬਾਦਲ)-ਭਾਜਪਾ ਵੱਲੋਂ ਸ਼ਕਤੀ ਪ੍ਰਦਰਸ਼ਨ ਵੀ ਮੰਨਿਆ ਜਾ ਰਿਹਾ ਹੈ। ਬੀ. ਐੱਸ. ਐੱਫ. ਦੇ ਹੈੱਡਕੁਆਰਟਰ ਵਿਖੇ ਬੀ. ਐੱਸ. ਐੱਫ. ਦੇ ਕਿਸੇ ਵੀ ਅਧਿਕਾਰੀ ਦੀ ਇਸ ਸਬੰਧੀ ਡਿਊਟੀ ਨਹੀਂ ਲਾਈ ਗਈ ਅਤੇ ਉਨ੍ਹਾਂ ਵੱਲੋਂ ਸਿਰਫ ਪ੍ਰੋਗਰਾਮ ਲਈ ਜਗ੍ਹਾ ਮੁਹੱਈਆ ਕਰਵਾਈ ਗਈ ਹੈ।


Baljeet Kaur

Content Editor

Related News