ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ 5 ਨੂੰ ਹੋਵੇਗਾ ਰਵਾਨਾ

Saturday, Nov 02, 2019 - 07:13 PM (IST)

ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ 5 ਨੂੰ ਹੋਵੇਗਾ ਰਵਾਨਾ

ਅੰਮ੍ਰਿਤਸਰ, (ਦੀਪਕ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ 'ਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਵਿਸ਼ੇਸ਼ ਜਥਾ 5 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਸਿੱਖ ਸ਼ਰਧਾਲੂਆਂ ਦਾ ਇਹ ਜਥਾ 13 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਪਹਿਲਾਂ ਇਹ ਜਥਾ 10 ਨਵੰਬਰ ਨੂੰ ਪਾਕਿਸਤਾਨ ਭੇਜਿਆ ਜਾਣਾ ਸੀ, ਜੋ ਹੁਣ 5 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ੇ ਲਈ 1720 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਘਰ ਨੂੰ ਭੇਜੇ ਗਏ ਹਨ, ਜਿਨ੍ਹਾਂ 'ਚੋਂ 342 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਨਹੀਂ ਹੋ ਸਕੇ। ਇਸ ਵਾਰ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ ਅਤੇ ਬਾਬਾ ਚਰਨਜੀਤ ਸਿੰਘ ਜੱਸੋਵਾਲ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਸ਼ਰਧਾਲੂਆਂ ਦੇ ਵੀਜ਼ੇ ਰੱਦ ਨਹੀਂ ਕਰਨੇ ਚਾਹੀਦੇ, ਅਜਿਹਾ ਹੋਣ ਨਾਲ ਸ਼ਰਧਾਲੂਆਂ ਨੂੰ ਠੇਸ ਪੁੱਜਦੀ ਹੈ।   


author

KamalJeet Singh

Content Editor

Related News