ਮੰਤਰੀ ਲਾਲਜੀਤ ਭੁੱਲਰ ਦੀ ਵੱਡੀ ਕਾਰਵਾਈ, ਬਠਿੰਡਾ ਦੇ ਆਰ.ਟੀ.ਏ. ਅਫ਼ਸਰ ਨੂੰ ਕੀਤਾ ਸਸਪੈਂਡ

05/27/2022 11:52:01 AM

ਬਠਿੰਡਾ (ਕੁਨਾਲ ਬਾਂਸਲ) : ਪੰਜਾਬ ਮੰਤਰੀ ਮੰਡਲ ਹਰ ਦਿਨ ਐਕਸ਼ਨ 'ਚ ਨਜ਼ਰ ਆ ਰਿਹਾ ਹੈ। ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਆਰ.ਟੀ.ਏ. ਅਫ਼ਸਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਪਿਛਲੀ ਸਰਕਾਰ ਦੇ ਕਾਰਜਕਾਲ 'ਚ ਵੱਧ ਪਰਮਿਟ ਜਾਰੀ ਕਰਨ ਦੇ ਮਾਮਲੇ 'ਚ ਆਰ. ਟੀ. ਏ. ਅਫ਼ਸਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ- ਵਧ ਸਕਦੀਆਂ ਨੇ ਬਰਖ਼ਾਸਤ ਸਿਹਤ ਮੰਤਰੀ ਸਿੰਗਲਾ ਦੀਆਂ ਮੁਸ਼ਕਿਲਾਂ, ਮਾਮਲੇ ਦੀ ਕਰ ਸਕਦੀ ਹੈ ED ਜਾਂਚ

ਦੱਸ ਦਈਏ ਕਿ ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਸਮੇਂ ਤੋਂ ਹੀ ਬੱਸ ਪਰਮਿਟ ਦਾ ਮੁੱਦਾ ਭਖਿਆ ਹੋਇਆ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 16 ਮਈ ਨੂੰ ਆਰ. ਟੀ. ਏ. ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਵੱਲੋਂ ਪਰਮਿਟਾਂ ਅਤੇ ਬੱਸਾਂ ਦੇ ਟਾਈਮ-ਟੇਬਲ ਵਿਚ ਕੁਝ ਬੇਨਿਯਮੀਆਂ ਪਾਈਆਂ ਗਈਆਂ ਸਨ। ਉਸ ਸਮੇਂ ਉਨ੍ਹਾਂ ਨੇ ਪ੍ਰਮੁੱਖ ਸਕੱਤਰ (ਟਰਾਂਸਪੋਰਟ) ਵਿਕਾਸ ਗਰਗ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਇਕ ਹਫ਼ਤੇ ਵਿੱਚ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਸਨ। ਰਿਪੋਰਟ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ- ਸਿੰਗਲਾ ਦੀ ਬਰਖ਼ਾਸਤਗੀ ਤਾਂ ਸ਼ੁਰੂਆਤ ਹੈ, ‘ਆਪ’ ਦੇ ਅੱਧੇ ਵਿਧਾਇਕ ਬੇਨਕਾਬ ਹੋਣਗੇ : ਕਾਲੀਆ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਟਰਾਂਸਪੋਰਟ ਮੰਤਰੀ ਨੇ ਸਰਕਾਰੀ ਬੱਸਾਂ 'ਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਬੰਦ ਹੋਣ ਦੀਆਂ ਅਫ਼ਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਵੀ ਸਖ਼ਤੀ ਚਿਤਾਵਨੀ ਦਿੱਤੀ ਸੀ। ਮੰਤਰੀ ਲਾਲਜੀਤ ਭੁੱਲਰ ਨੇ ਸਪੱਸ਼ਟ ਕੀਤਾ ਸੀ ਕਿ ਸਰਕਾਰੀ ਬੱਸਾਂ 'ਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਪਹਿਲਾਂ ਵਾਂਗ ਹੀ ਜਾਰੀ ਰਹੇਗੀ ਅਤੇ ਕਿਹਾ ਸੀ ਕਿ ਇਸ ਨੂੰ ਲੈ ਕੇ ਜੇਕਰ ਸੋਸ਼ਲ ਮੀਡੀਆ 'ਤੇ ਕਿਸੇ ਨੇ ਅਫ਼ਵਾਹ ਫੈਲਾਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ। 

Anuradha

This news is Content Editor Anuradha