ਭਾਜਪਾ ਤੇ RSS ਮਿਲ ਕੇ ਸਿੱਖ ਭਾਈਚਾਰੇ ਨੂੰ ਖਤਮ ਕਰਨਾ ਚਾਹੁੰਦੇ ਹਨ : ਮਾਨ
Monday, Apr 08, 2019 - 09:33 AM (IST)
ਬਠਿੰਡਾ (ਵਰਮਾ) : ਸ਼੍ਰੋਮਣੀ ਅਕਾਲੀ ਦਲ (ਅ) ਸਿਮਰਨਜੀਤ ਸਿੰਘ ਮਾਨ ਨੇ ਪ੍ਰੈੱਸ ਕਾਨਫਰੰਸ 'ਚ ਸਪੱਸ਼ਟ ਕੀਤਾ ਕਿ ਉਹ ਜੰਗ ਦੇ ਵਿਰੁੱਧ ਹਨ, ਇਸ ਨਾਲ ਦੇਸ਼ਾਂ ਦਾ ਵੱਡਾ ਨੁਕਸਾਨ ਹੁੰਦਾ ਹੈ, ਜਦਕਿ ਕੇਂਦਰ ਸਰਕਾਰ ਨੇ ਪੁਲਵਾਮਾ ਘਟਨਾ ਤੋਂ ਬਾਅਦ ਜੰਗ ਦੀ ਤਿਆਰੀ ਕੀਤੀ ਪਰ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਯੁੱਧ ਵਿਰੁੱਧ ਗੱਲ ਕਰਦਾ ਹੈ ਤਾਂ ਭਾਜਪਾ ਤੇ ਆਰ. ਐੱਸ. ਐੱਸ. ਉਸ ਨੂੰ ਦੇਸ਼ਧ੍ਰੋਹੀ ਮੰਨਦੇ ਹਨ, ਜੋ ਉਨ੍ਹਾਂ ਦੀਆਂ ਨੀਤੀਆਂ ਨਾਲ ਸਹਿਮਤ ਹੁੰਦਾ ਹੈ, ਉਸ ਨੂੰ ਉਹ ਵਫਾਦਾਰ ਮੰਨਦੇ ਹਨ।
ਮਾਨ ਨੇ ਕਿਹਾ ਕਿ ਭਾਜਪਾ ਤੇ ਆਰ. ਐੱਸ. ਐੱਸ. ਮਿਲ ਕੇ ਸਿੱਖ ਭਾਈਚਾਰੇ ਨੂੰ ਖਤਮ ਕਰਨਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਦਿੱਲੀ ਵਿਚ ਗੁਰਦੁਆਰਿਆਂ 'ਤੇ ਕਬਜ਼ਾ ਕੀਤਾ, ਜਦਕਿ ਉਥੋਂ ਦਾ ਪ੍ਰਧਾਨ ਭਾਜਪਾ ਦਾ ਵਿਧਾਇਕ ਹੈ। ਇਸ ਤਰ੍ਹਾਂ ਹਜ਼ੂਰ ਸਾਹਿਬ 'ਚ ਵੀ ਭਾਜਪਾ ਵਿਧਾਇਕ ਤਾਰਾ ਸਿੰਘ ਨੂੰ ਪ੍ਰਧਾਨ ਬਣਾ ਕੇ ਉਸ 'ਤੇ ਕਬਜ਼ਾ ਕੀਤਾ ਹੋਇਆ ਹੈ। ਉਹ ਸਿੱਖਾਂ ਦੀ ਵਿਰਾਸਤ ਨੂੰ ਖਤਮ ਕਰਨ 'ਤੇ ਤੁਲੀ ਹੈ ਪਰ ਅਕਾਲੀ ਦਲ (ਅ) ਇਸ ਦਾ ਸਖ਼ਤ ਵਿਰੋਧ ਕਰੇਗਾ। ਬਾਦਲਾਂ 'ਤੇ ਗਰਜਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਵੀ ਆਰ. ਐੱਸ. ਐੱਸ. ਨਾਲ ਮਿਲਿਆ ਹੋਇਆ ਹੈ ਅਤੇ ਉਨ੍ਹਾਂ ਦੀ ਹਜ਼ੂਰੀ 'ਚ ਲੱਗਾ ਹੈ। ਮਾਨ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਇਕ ਹੀ ਥਾਲੀ ਦੇ ਚੱਟੇ-ਵੱਟੇ ਹਨ। ਇਸ ਲਈ ਪੰਜਾਬ ਦੀ ਜਨਤਾ ਲੋਕ ਸਭਾ ਚੋਣਾਂ 'ਚ ਇਨ੍ਹਾਂ ਨੂੰ ਮੂੰਹ ਨਹੀਂ ਲਾ ਰਹੀ ਅਤੇ ਨਾ ਹੀ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਪਿੰਡਾਂ 'ਚ ਦਾਖਲ ਹੋਣ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨਾਲ ਮਿਲੇ ਹੋਏ ਹਨ, ਇਸ ਲਈ ਉਹ ਐੱਸ. ਆਈ. ਟੀ. ਦੇ ਆਈ. ਜੀ. ਨੂੰ ਬਦਲਣਾ ਚਾਹੁੰਦੇ ਹਨ ਤਾਂ ਕਿ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸਿੰਘ ਸੈਣੀ ਦੀ ਗ੍ਰਿਫਤਾਰੀ ਨਾ ਹੋਵੇ ਅਤੇ ਉਹ ਲੋਕਾਂ ਤੋਂ ਵੋਟਾਂ ਹਾਸਲ ਕਰਨ ਲੈਣ। ਇਸ ਮੌਕੇ ਉਨ੍ਹਾਂ ਨਾਲ ਬਠਿੰਡਾ ਲੋਕ ਸਭਾ ਹਲਕੇ ਦੇ ਉਮੀਦਵਾਰ ਗੁਰਸੇਵਕ ਸਿੰਘ ਜਵਾਹਰਕੇ, ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਤੇ ਹੋਰ ਮੌਜੂਦ ਸਨ।