ਪੰਜਾਬ ''ਚ ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਜਾਮ! ਵਾਹਨਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ, ਕੜਾਕੇ ਦੀ ਧੁੱਪ ''ਚ...

Sunday, Jun 28, 2026 - 11:58 AM (IST)

ਪੰਜਾਬ ''ਚ ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਜਾਮ! ਵਾਹਨਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ, ਕੜਾਕੇ ਦੀ ਧੁੱਪ ''ਚ...

ਤਪਾ ਮੰਡੀ (ਸ਼ਾਮ, ਗਰਗ) : ਕੜਾਕੇ ਦੀ ਪੈ ਰਹੀ ਗਰਮੀ ਅਤੇ ਧੁੱਪ ‘ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਉਗਰਾਹਾਂ ਦੇ ਆਗੂਆਂ ਨੇ ਪਿੰਡ ਤਾਜੋਕੇ ਵਿਖੇ ਕਿਸਾਨਾਂ ਨਾਲ ਮਿਲ ਕੇ ਖੇਤੀ ਸੈਕਟਰ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਬਠਿੰਡਾ-ਬਰਨਾਲਾ ਹਾਈਵੇ ਜਾਮ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਦੇਣ ਦੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਇਸ ਮੌਕੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰੂੜੇਕੇ ਕਲਾਂ, ਬਲਾਕ ਪ੍ਰਧਾਨ ਲੱਖੋਵਾਲ ਮੰਦਿਰ ਸਿੰਘ ਤਾਜੋਕੇ ਅਤੇ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੰਘ ਸਿਧੂ ਨੇ ਕਿਹਾ ਕਿ ਸੱਤਾਧਾਰੀ ਸਰਕਾਰ ਨੇ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਝੋਨੇ ਦੀ ਲਵਾਈ ਸਮੇਂ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ ਪਰ ਹਕੀਕਤ ਵਿੱਚ ਸਿਰਫ਼ ਤਿੰਨ ਤੋਂ ਚਾਰ ਘੰਟੇ ਹੀ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਖੇਤਾਂ ਵਿੱਚ ਝੋਨੇ ਦੀ ਫ਼ਸਲ ਸੁੱਕਣ ਲੱਗ ਪਈ ਹੈ ਅਤੇ ਕਿਸਾਨਾਂ ਨੂੰ ਡੀਜ਼ਲ, ਖਾਦ ਅਤੇ ਮਜ਼ਦੂਰੀ ਵਰਗੇ ਵਾਧੂ ਖ਼ਰਚੇ ਝੱਲਣੇ ਪੈ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ ਵਧਾਈ ਟੈਨਸ਼ਨ

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਿਸਾਨਾਂ ਵੱਲੋਂ ਧਰਨਾ ਦਿੱਤਾ ਗਿਆ ਸੀ, ਜਿਸ ਦੌਰਾਨ ਪ੍ਰਸ਼ਾਸਨ ਨੇ ਜਲਦੀ ਹੀ ਪੂਰੀ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਸੀ ਪਰ ਹਾਲਾਤ ‘ਚ ਕੋਈ ਸੁਧਾਰ ਨਾ ਆਉਣ ਕਾਰਨ ਕਿਸਾਨਾਂ ਨੂੰ ਮੁੜ ਸੜਕਾਂ ’ਤੇ ਉਤਰਨਾ ਪਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਖੇਤੀ ਸੈਕਟਰ ਲਈ ਲੋੜੀਂਦੀ ਬਿਜਲੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋੜ ਪੈਣ ’ਤੇ ਹਾਈਵੇ ਦੇ ਨਾਲ-ਨਾਲ ਹੋਰ ਮੁੱਖ ਸੜਕਾਂ ਵੀ ਜਾਮ ਕੀਤੀਆਂ ਜਾਣਗੀਆਂ। ਹਾਈਵੇ ਜਾਮ ਹੋਣ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਸਮੇਤ ਪੁਲਸ ਪਾਰਟੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸੜਕ ਦੇ ਇੱਕ ਪਾਸੇ ਬੈਠਣ ਦੀ ਅਪੀਲ ਕੀਤੀ ਪਰ ਕਿਸਾਨ ਆਪਣੀਆਂ ਮੰਗਾਂ ’ਤੇ ਡਟੇ ਰਹੇ। ਗਰਿੱਡ ‘ਤੇ ਹਾਜ਼ਰ ਮੁਲਾਜ਼ਮ ਦਾ ਕਹਿਣਾ ਹੈ ਇੱਥੋਂ 18 ਫੀਡਰ ਪਿੰਡਾਂ ਨੂੰ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਕਿਸੇ ਨਾਲ ਵੀ ਭੇਦਭਾਵ ਨਹੀਂ ਕੀਤਾ ਜਾ ਰਿਹਾ, ਸਾਰਿਆਂ ਨੂੰ ਬਰਾਬਰ ਦੀ ਸਪਲਾਈ ਦਿੱਤੀ ਜਾ ਰਹੀ ਹੈ ਪਰ ਤਾਜੋਕੇ ਅਤੇ ਘੁੜੈਲਾ ਵਾਲੇ ਕਿਸਾਨ ਕਹਿ ਰਹੇ ਹਨ ਕਿ ਬਿਜਲੀ ਸਪਲਾਈ ਘੱਟ ਮਿਲ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ ਵਾਪਸੀ ਮਗਰੋਂ ਹੋਵੇਗਾ ਵੱਡਾ ਐਲਾਨ?

ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਖੇਤੀ ਸੈਕਟਰ ਨੂੰ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਪਾਵਰਕਾਮ ਵੱਲੋਂ ਕੱਟਾਂ ਸਬੰਧੀ ਦੱਸਿਆ ਜਾਂਦਾ ਹੈ।  ਹਾਈਵੇ ਜਾਮ ਕਾਰਨ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕਈ ਵਾਹਨ ਲੰਬੇ ਸਮੇਂ ਤੱਕ ਜਾਮ ਵਿੱਚ ਫਸੇ ਰਹੇ, ਜਦੋਂ ਕਿ ਬੱਸਾਂ ਵੀ ਆਪਣੇ ਨਿਰਧਾਰਿਤ ਸਮੇਂ ਨਾਲੋਂ ਦੇਰ ਨਾਲ ਮੰਜ਼ਿਲਾਂ ’ਤੇ ਪਹੁੰਚੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਜਸ਼ਕਰਨ ਸਿੰਘ ਬਰਾੜ, ਸ਼ਹਿਣਾ ਥਾਣਾ ਦੀ ਐੱਸ. ਐੱਚ. ਓ. ਰੇਣੂ ਪਰੋਚਾ ਤੋਂ ਇਲਾਵਾ ਪਾਵਰਕਾਮ ਦੇ ਉਚ-ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਕਿਸਾਨਾਂ ਨੂੰ ਜਾਣੂੰ ਕਰਵਾਇਆ ਕਿ ਇਹ ਬਿਜਲੀ ਕੱਟ ਪਾਵਰਕਾਮ ਦੇ ਨਿਰਦੇਸ਼ਾਂ ਕਾਰਨ ਹੀ ਲਗਾਏ ਜਾ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਜਦ ਤੱਕ ਸਰਕਾਰ ਆਪਣੇ ਵਾਅਦੇ ਮੁਤਾਬਕ ਪੂਰੀ ਬਿਜਲੀ ਸਪਲਾਈ ਨਹੀਂ ਦਿੰਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੇਵਕ ਸਿੰਘ ਭੁੱਲਰ,ਗੁਲਾਬ ਸਿੰਘ ਤਪਾ,ਜਗਤਾਰ ਸਿੰਘ ਬਾਸੀ ਤਪਾ,ਨੰਬਰਦਾਰ ਮੋਹਣ ਸਿੰਘ ਤਾਜੋਕੇ,ਸਾਬਕਾ ਸਰਪੰਚ ਤਾਜੋਕੇ ਗੁਰਮੀਤ ਸਿੰਘ,ਜਗਦੇਵ ਸਿੰਘ,ਜੈਲਦਾਰ ਜਸਵਿੰਦਰ ਸਿੰਘ,ਇਕਬਾਲ ਸਿੰਘ,ਜੈਲਦਾਰ ਪਰਮਜੀਤ ਪੰਮਾ,ਗੁਰਦੀਪ ਚੱਠਾ,ਜੱਗਾ ਸਿੰਘ ਬੱਲ੍ਹੋਕੇ,ਬਲਵੀਰ ਸਿੰਘ,ਜਗਸੀਰ ਸਿੰਘ ਲਾਡੀ,ਜਸਵੰਤ ਸਿੰਘ,ਭੋਲਾ ਸਿੰਘ ਭੁੱਲਰ ਆਦਿ ਵੱਡੀ ਗਿਣਤੀ ‘ਚ ਕਿਸਾਨਾਂ ਨੇ ਚੱਕਾ ਜਾਮ ‘ਚ ਸਮੂਲੀਅਤ ਕੀਤੀ। ਖਬਰ ਲਿਖੇ ਜਾਣ ਤੱਕ ਜਾਮ ਜਾਰੀ ਸੀ।   

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News