ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਤੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਟਾਇਆ ਜਾਮ

02/19/2020 9:35:06 PM

ਬਰਨਾਲਾ: ਬਰਨਾਲਾ ਦੇ ਕਸਬਾ ਧਨੋਲਾ 'ਚ ਕੋਆਪਰੇਟਿਵ ਸੋਸਾਇਟੀ ਦੇ ਮੈਨੇਜਰ ਹਰਮੇਲ ਸਿੰਘ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ 'ਤੇ ਲਗਾਇਆ ਜਾਮ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਤੇ ਹੋਰ ਲੋਕਾਂ ਵਲੋਂ ਹਟਾ ਦਿੱਤਾ ਗਿਆ ਹੈ।  ਬਰਨਾਲਾ ਦੇ ਐਸ. ਡੀ. ਐਮ. ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਪ੍ਰਦਰਸ਼ਨਕਾਰੀਆਂ ਨੂੰ ਲਿਖਤ 'ਚ ਭਰੋਸਾ ਦਵਾਇਆ ਕਿ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ ਤੇ ਮ੍ਰਿਤਕ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ੇ ਲਈ ਸਰਕਾਰ ਨੂੰ ਪੱਤਰ ਭੇਜਿਆ ਜਾਵੇਗਾ। ਬਰਨਾਲਾ ਪੁਲਸ ਦੇ ਡੀ. ਐਸ. ਪੀ. ਬਲਜੀਤ ਸਿੰਘ ਨੇ ਦੱਸਿਆ ਕਿ 4 ਦੋਸ਼ੀਆਂ ਖਿਲਾਫ ਧਾਰਾ 306 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਸ ਦੀਆਂ ਟੀਮਾਂ ਵੱਖ-ਵੱਖ ਜਗ੍ਹਾ 'ਤੇ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਉਥੇ ਹੀ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਮੰਗਲਵਾਰ ਬਰਨਾਲਾ ਦੇ ਕਸਬਾ ਧਨੋਲਾ 'ਚ ਕੋਆਪਰੇਟਿਵ ਸੁਸਾਇਟੀ ਦੇ ਮੈਨੇਜਰ ਹਰਮੇਲ ਸਿੰਘ ਨੇ ਸੁਸਾਇਟੀ ਦੇ 4 ਅਹੁਦੇਦਾਰਾਂ ਵਲੋਂ ਪਰੇਸ਼ਾਨ ਕਰਨ ਦੇ ਕਾਰਨ ਖੁਦਕੁਸ਼ੀ ਕਰ ਲਈ ਸੀ, ਜਿਸ ਦੇ ਬਾਅਦ ਬੁੱਧਵਾਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਮਜ਼ਦੂਰ ਸੰਗਠਨ ਦੇ ਆਗੂਆਂ ਵਲੋਂ ਦੋਸ਼ੀਆਂ ਖਿਲਾਫ ਕਾਰਵਾਈ ਤੇ ਗ੍ਰਿਫਤਾਰੀ ਨੂੰ ਲੈ ਕੇ ਮ੍ਰਿਤਕ ਦੀ ਲਾਸ਼ ਰੱਖ ਕੇ ਧਨੋਲਾ ਬੱਸ ਸਟੈਂਡ 'ਤੇ ਧਰਨਾ ਦਿੱਤਾ ਸੀ ਪਰ ਪੁਲਸ ਵਲੋਂ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਗੁੱਸੇ 'ਚ ਆ ਕੇ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ ਸੀ।