ਮੰਗਾਂ ਮਨਵਾਉਣ ਲਈ ਪੰਜਾਬ ਭਰ ਤੋਂ ਬਠਿੰਡਾ ਪੁੱਜੇ ਠੇਕਾ ਮੁਲਾਜ਼ਮ, ਲਾਇਆ ਧਰਨਾ (ਵੀਡੀਓ)

Thursday, Oct 10, 2019 - 04:18 PM (IST)

ਬਠਿੰਡਾ(ਅਮਿਤ ਸ਼ਰਮਾ, ਪਰਮਿੰਦਰ) : ਵੱਖ-ਵੱਖ ਵਿਭਾਗਾਂ ਦੇ ਠੇਕੇ 'ਤੇ ਲੱਗੇ ਹਜ਼ਾਰਾਂ ਮੁਲਾਜ਼ਮਾਂ ਨੇ ਵੀਰਵਾਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਗਵਾਈ 'ਚ ਪਰਿਵਾਰਾਂ ਸਮੇਤ ਨਾ ਸਿਰਫ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦਿੱਤਾ ਬਲਕਿ ਸ਼ਹਿਰ 'ਚ ਰੋਸ ਮਾਰਚ ਕਰਦੇ ਹੋਏ ਹਨੂਮਾਨ ਚੌਕ 'ਤੇ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਸ ਵੱਲੋਂ ਰੋਕੇ ਜਾਣ 'ਤੇ ਮੁਲਾਜ਼ਮਾਂ ਤੇ ਪੁਲਸ ਦੇ ਦਰਮਿਆਨ ਕਾਫ਼ੀ ਧੱਕਾ-ਮੁੱਕੀ ਵੀ ਹੋਈ ਪਰ ਮੁਲਾਜ਼ਮ ਪੁਲਸ ਦੇ ਸਾਰੇ ਨਾਕੇ ਤੋੜ ਕੇ ਸੜਕਾਂ 'ਤੇ ਉੱਤਰ ਆਏ। ਰੋਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਔਰਤਾਂ ਤੇ ਬੱਚੇ ਸ਼ਾਮਲ ਸੀ। ਮੁਲਾਜ਼ਮਾਂ ਦੇ ਸੰਘਰਸ਼ ਨੂੰ ਵੇਖਦੇ ਹੋਏ ਵੱਡੀ ਗਿਣਤੀ 'ਚ ਪੁਲਸ ਦੀ ਤਾਇਨਾਤੀ ਕੀਤੀ ਗਈ ਸੀ। ਇਸ ਦੌਰਾਨ ਟ੍ਰੈਫਿਕ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ।

ਇਸ ਮੌਕੇ 'ਤੇ ਮੋਰਚਾ ਦੇ ਆਗੂਆਂ ਗੁਰਵਿੰਦਰ ਸਿੰਘ ਪਨੂੰ, ਵਰਿੰਦਰ ਸਿੰਘ ਮੋਕੀ, ਜਗਰੂਪ ਸਿੰਘ ਲਹਿਰਾ, ਭਗਤ ਸਿੰਘ ਭਗਤਾ, ਕੁਲਦੀਪ ਸਿੰਘ ਬੁੱਢਡੇਵਾਲ ਆਦਿ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਤੇ ਮਾਮਲਿਆਂ ਨੂੰ ਲੈ ਕੇ ਆਵਾਜ਼ ਉਠਾ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਕੋਈ ਗੱਲ ਸੁਨਣ ਨੂੰ ਤਿਆਰ ਨਹੀਂ ਹੈ। ਇਸ ਕਰ ਕੇ ਮੁਲਾਜ਼ਮਾਂ ਨੂੰ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਾ ਪਿਆ।

ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਵਿਭਾਗਾਂ 'ਚ ਲੱਗੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, 30 ਸਤੰਬਰ ਦੀ ਛਾਂਟੀ ਨੀਤੀ ਨੂੰ ਰੱਦ ਕੀਤਾ ਜਾਵੇ, ਮੁਲਾਜ਼ਮਾਂ ਦੀ ਭਲਾਈ ਲਈ ਬਣਾਇਆ ਗਿਆ ਮੁਲਾਜ਼ਮ ਵੈੱਲਫੇਅਰ ਐਕਟ-2016 ਲਾਗੂ ਕੀਤਾ ਜਾਵੇ ਤੇ ਮੁਲਾਜ਼ਮਾਂ ਨੂੰ ਬਣਦੇ ਸਾਰੇ ਤਰ੍ਹਾਂ ਦੇ ਲਾਭ ਦਿੱਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗਾਂ 'ਤੇ ਸਰਕਾਰ ਨੇ ਹੁਣ ਵੀ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੁਲਾਜ਼ਮਾਂ ਦੇ ਇਸ ਸੰਘਰਸ਼ 'ਚ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੇ ਇਲਾਵਾ ਕਿਸਾਨ, ਮਜ਼ਦੂਰ, ਵਿਦਿਆਰਥੀ ਤੇ ਹੋਰ ਸਮਾਜਿਕ ਸੰਗਠਨਾਂ ਦੇ ਵਰਕਰ ਵੀ ਸ਼ਾਮਲ ਹੋਏ।


author

cherry

Content Editor

Related News