ਮਨਪ੍ਰੀਤ ਬਾਦਲ ਦਾ ਦਫਤਰ ਘੇਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਸ ਨਾਲ ਧੱਕਾ-ਮੁੱਕੀ
Sunday, Sep 08, 2019 - 02:45 PM (IST)

ਬਠਿੰਡਾ (ਅਮਿਤ ਸ਼ਰਮਾ) : ਆਪਣੀਆਂ ਮੰਗਾਂ ਨੂੰ ਲੈ ਕੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨਾਲ ਪੁਲਸ ਵੱਲੋਂ ਧੱਕਾ-ਮੁੱਕੀ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਤੋਂ ਬਾਅਦ ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਗੱਲਬਾਤ ਦੌਰਾਨ ਅਧਿਆਪਕਾਂ ਨੇ ਦੱਸਿਆ ਕਿ ਬੀਤੇ ਮਹੀਨੇ 11 ਅਗਸਤ ਨੂੰ ਉਨ੍ਹਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੀ, ਉਦੋਂ ਸਿੱਖਿਆ ਮੰਤਰੀ ਨੇ ਐਲਾਨ ਕੀਤਾ ਸੀ ਕਿ ਜੋ ਵੀ ਯੂਨੀਅਨ ਦੀਆਂ ਮੰਗਾਂ ਹਨ ਉਨ੍ਹਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।
ਮੁੱਖ ਮੰਗਾਂ ਵਿਚ 15 ਹਜ਼ਾਰ ਪੋਸਟਾਂ ਨੂੰ ਭਰਨ, 55 ਫੀਸਦੀ ਨੰਬਰਾਂ ਦੀ ਸ਼ਰਤ ਨੂੰ ਹਟਾਉਣ, ਉਮਰ ਹੱਦ ਪਾਰ ਕਰ ਚੁੱਕੇ ਅਧਿਆਕਾਂ ਨੂੰ ਛੋਟ ਦੇਣ ਲਈ ਕਿਹਾ ਗਿਆ ਸੀ, ਜਿਸ 'ਤੇ ਸਿੱਖਿਆ ਮੰਤਰੀ ਵੱਲੋਂ 7 ਸਤੰਬਰ ਨੂੰ ਪੈਨਲ ਮੀਟਿੰਗ ਕਰਨ ਦਾ ਵਾਅਦਾ ਕੀਤਾ ਸੀ ਪਰ ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਮੀਟਿੰਗ ਨਹੀਂ ਰੱਖੀ ਗਈ, ਜਿਸ 'ਤੇ ਅੱਜ ਉਨ੍ਹਾਂ ਵੱਲੋਂ ਵਿੱਤ ਮੰਤਰੀ ਬਾਦਲ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਪੁਤਲਾ ਫੂਕ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਸੀ ਪਰ ਪੁਲਸ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨਾਲ ਧੱਕਾ-ਮੁੱਕੀ ਕੀਤੀ ਗਈ। ਉਨ੍ਹਾਂ ਕਿਹਾ ਇਸੇ ਤਹਿਤ ਅੱਜ ਸ਼ਾਮ ਤੋਂ ਸੰਗਰੂਰ ਵਿਚ ਉਹ ਪੱਕੇ ਤੌਰ 'ਤੇ ਧਰਨਾ ਸ਼ੁਰੂ ਕਰਨ ਜਾ ਰਹੇ ਹਨ।