ਬਠਿੰਡਾ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਸਰਕਾਰ ’ਤੇ ਕੀਤੇ ਤਿੱਖੇ ਹਮਲੇ

Sunday, Mar 01, 2020 - 07:09 PM (IST)

ਬਠਿੰਡਾ ਰੈਲੀ ’ਚ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਸਰਕਾਰ ’ਤੇ ਕੀਤੇ ਤਿੱਖੇ ਹਮਲੇ

ਬਠਿੰਡਾ - ਕੈਪਟਨ ਸਰਕਾਰ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਬਠਿੰਡਾ ’ਚ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਅਤੇ ਇਸ ਪਾਰਟੀ ਦੇ ਆਗੂਆਂ ’ਤੇ ਤਿੱਖੇ ਹਮਲੇ ਕੀਤੇ। ਲੋਕਾਂ ਨੂੰ ਸੰਬੋਧਨ ਕਰਦੇ ਹੋਏ ਬਾਦਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਜਿਨ੍ਹਾਂ ’ਚੋਂ ਉਸ ਨੇ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਕੈਪਟਨ ਸਰਕਾਰ ਦੇ ਉਨ੍ਹਾਂ ਸਾਰੇ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਰੈਲੀ ਕੀਤੀ ਜਾ ਰਹੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਕੈਪਟਨ ਨੂੰ ਕਸੂਰਵਾਰ ਨਾ ਠਹਿਰਾਉਣ ਕਿਉਂਕਿ ਕਾਂਗਰਸ ਦੀ ਫਿਤਰਤ ਹੈ ਲੋਕਾਂ ਨਾਲ ਝੂਠੇ ਵਾਅਦੇ ਕਰਨਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਿਰਮਾਤਾਵਾਂ ਨੇ ਧਰਮ ਨਿਰਪੱਖਤਾ ਨੂੰ ਹਮੇਸ਼ਾ ਇਕ ਕੜੀ ਮੰਨਿਆ ਹੈ, ਜੋ ਸਾਡੇ ਦੇਸ਼ ’ਚ ਵੱਖ-ਵੱਖ ਪਿਛੋਕੜਾਂ, ਧਰਮਾਂ, ਭਾਸ਼ਾਵਾਂ ਅਤੇ ਸੱਭਿਆਚਾਰਕ ਲੋਕਾਂ ਨੂੰ ਆਪਸ ’ਚ ਜੋੜਦੀ ਹੈ।

ਸਭ ਅਹੁਦਿਆਂ ਦਾ ਆਨੰਦ ਮਾਣ ਕੇ ਟਕਸਾਲੀਆਂ ਨੇ ਮਾਰਿਆ ਪਾਰਟੀ ਦੀ ਪਿੱਠ ’ਚ ਛੁਰਾ
ਬਾਦਲ ਨੇ ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਿਆ, ਜੋ ਕਿ ਮਹਾਤਮਾ ਗਾਂਧੀ ਵਰਗੇ ਆਗੂਆਂ ਵਲੋਂ ਸਿੱਖ ਭਾਈਚਾਰੇ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਕੇ ਰਾਸ਼ਟਰਪਿਤਾ ਨਾਲ ਵੀ ਦਗਾ ਕਮਾ ਚੁੱਕੀ ਹੈ। ਉਨ੍ਹਾਂ ਨੇ ਗਾਂਧੀ ਜੀ ਦੇ ਬਿਆਨ ਦਾ ਹਵਾਲਾ ਦਿੱਤਾ, ਜਿਸ ’ਚ ਮਹਾਤਮਾ ਨੇ ਕਿਹਾ ਸੀ ਕਿ ਜੇਕਰ ਕਾਂਗਰਸ ਨੇ ਸਿੱਖਾਂ ਨਾਲ ਕੀਤੇ ਵਾਅਦਿਆਂ ਸਬੰਧੀ ਧੋਖਾ ਕੀਤਾ ਤਾਂ ਇਸ ਨਾਲ ਨਾ-ਸਿਰਫ ਕਾਂਗਰਸ ਪਾਰਟੀ ਦਾ ਸੱਤਿਆਨਾਸ਼ ਹੋਵੇਗਾ, ਸਗੋਂ ਪੂਰੇ ਮੁਲਕ ਦਾ ਵੀ ਨੁਕਸਾਨ ਹੋਵੇਗਾ। ਸਰਦਾਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਿਰਫ ਕਾਂਗਰਸ ਪਾਰਟੀ ਵਿਚਲੇ ਆਪਣੇ ਵਡੇਰਿਆਂ ਦੇ ਨਕਸ਼ੇ-ਕਦਮਾਂ ਉੱਤੇ ਚਲ ਰਿਹਾ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਰਿਹਾ ਹੈ। ਸਾਬਕਾ ਮੁੱਖ ਮੰਤਰੀ ਨੇ ਉਨ੍ਹਾਂ ਭਗੌੜਿਆਂ ਉੱਤੇ ਵੀ ਨਿਸ਼ਾਨਾ ਸਾਧਿਆ, ਜਿਹੜੇ ਉਸ ਪਾਰਟੀ ਦੀ ਪਿੱਠ ’ਚ ਛੁਰਾ ਮਾਰ ਕੇ ਗਏ ਹਨ, ਜਿਸ ਨੇ ਉਨ੍ਹਾਂ ਨੂੰ ਬੇਸ਼ੁਮਾਰ ਲਾਭ ਅਤੇ ਸਨਮਾਨ ਦਿੱਤੇ ਸਨ।

ਉਨ੍ਹਾਂ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ ਵੀ ਅਜਿਹਾ ਹੀ ਕੀਤਾ ਸੀ। ਨਹਿਰੂ ’ਤੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਨੇ 1946 ’ਚ ਸਟੇਟਮੈਂਟ ਦਿੱਤੀ ਸੀ ਕਿ ‘‘ਬਹਾਦਰ ਸਿੱਖ ਕੌਮ ਦਾ ਆਪਣੇ ਵਾਸਤੇ ਵਿਸ਼ੇਸ਼ ਅਧਿਕਾਰਾਂ ਦੀ ਮੰਗ ਕਰਨ ਦਾ ਪੂਰਾ ਹੱਕ ਹੈ।’’ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਹੀ ਲੋਕਾਂ ਨਾਲ ਵਾਅਦੇ ਕਰਕੇ ਪੂਰੇ ਨਹੀਂ ਕਰਦੀ, ਜਿਸ ਦੇ ਬਾਰੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਪਰ ਅੱਜ ਕੱਲ ਦੀ ਨੌਜਵਾਨ ਪੀੜ੍ਹੀ ਇਨ੍ਹਾਂ ਕਾਂਗਰਸੀਆਂ ਨੂੰ ਨਹੀਂ ਜਾਣਦੀ। ਉਨ੍ਹਾਂ ਕਿਹਾ ਕਿ ਵਾਅਦੇ ਪੂਰੇ ਕਰਨ ਦੀ ਥਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਖਜ਼ਾਨਾ ਖਾਲੀ ਹੋਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਪਾਰਟੀ ਨਹੀਂ ਜਿਸ ਨੇ ਕੌਮ ਲਈ ਕੋਈ ਲੜਾਈ ਲੜੀ ਹੋਵੇ। ਸ਼੍ਰੋਮਣੀ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ, ਜਿਸ ਨੇ ਕਈ ਲੜਾਈਆਂ ਲੜੀਆਂ ਅਤੇ ਜਿੱਤ ਹਾਸਲ ਕੀਤੀ। ਅਸੀਂ ਪੰਜਾਬੀ ਸੂਬੇ ਦੀ ਲੜਾਈ ਵੀ ਲੜੀ। ਪੰਜਾਬ ਦੇ ਲੋਕਾਂ ਨਾਲ ਧੋਖਾ, ਬੇ-ਵਫਾਈ ਅਤੇ ਵਾਅਦਾ ਕਰਕੇ ਮੁਕਰਨ ਵਾਲਾ ਇਕੱਲਾ ਕੈਪਟਨ ਅਮਰਿੰਦਰ ਸਿੰਘ ਨਹੀਂ, ਸਗੋਂ ਕਈ ਲੀਡਰ ਹਨ। ਕਾਂਗਰਸ ਦੇ ਕਈ ਲੀਡਰ ਅਜਿਹੇ ਹਨ, ਜਿਨ੍ਹਾਂ ਨੇ ਲੋਕਾਂ ਨਾਲ ਵਾਅਦੇ ਕੀਤੇ ਪਰ ਪੂਰੇ ਨਹੀਂ ਕੀਤੇ।

ਉਨ੍ਹਾਂ ਕਿਹਾ ਕਿ ਅਸੀਂ ਇਕ ਅਜਿਹੀ ਪਹੁੰਚ ਰਾਹੀਂ ਭਾਰਤ ਨੂੰ ਮਜ਼ਬੂਤ ਬਣਾਉਣਾ ਹੈ, ਜੋ ਕਿ ਵੱਖ-ਵੱਖ ਭਾਈਚਾਰਿਆਂ ਵਿਚਾਲੇ ਆਪਸੀ ਸਮਝ ਅਤੇ ਸਤਿਕਾਰ ਉੱਤੇ ਆਧਾਰਿਤ ਹੁੰਦੀ ਹੈ। ਸਾਬਕਾ ਮੁੱਖ ਮੰਤਰੀ ਨੇ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਦੇਸ਼ ਅੰਦਰ ਫਿਰਕੂ ਸਬੰਧਾਂ ਨੂੰ ਸੁਧਾਰਨ ਲਈ ਠੋਸ ਕਦਮ ਚੁੱਕਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰਲਾ ਮਾਹੌਲ ਅਤੇ ਖਾਸ ਕਰ ਕੇ ਪਿਛਲੇ ਦਿਨੀਂ ਦਿੱਲੀ ’ਚ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਘੱਟ ਗਿਣਤੀਆਂ ਦੇ ਮਨਾਂ ’ਚ ਡਰ, ਅਸੁਰੱਖਿਆ ਅਤੇ ਅਨਿਸ਼ਚਿਤਤਾ ਦਾ ਮਾਹੌਲ ਲਗਾਤਾਰ ਵਧ ਰਿਹਾ ਹੈ, ਜਿਸ ਨੂੰ ਦੂਰ ਕਰਨਾ ਚਾਹੀਦਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਦੇਸ਼ ਅੰਦਰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਧਰਮ-ਨਿਰਪੱਖ ਕਦਰਾਂ-ਕੀਮਤਾਂ ਉੱਤੇ ਮੰਡਰਾਉਂਦੇ ਖਤਰਿਆਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵੱਖ-ਵੱਖ ਭਾਈਚਾਰਿਆਂ ਅੰਦਰ ਭਰੋਸਾ ਬਹਾਲ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਹਰ ਅਕਾਲੀ ਵਰਕਰ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਦੂਤ ਬਣਨ ਦੀ ਅਪੀਲ ਕੀਤੀ, ਜਿਸ ਦੀ ਸਿੱਖਿਆ ਮਹਾਨ ਗੁਰੂ ਸਾਹਿਬਾਨ ਨੇ ਦਿੱਤੀ ਹੈ। ਬਠਿੰਡਾ ਵਿਖੇ ਪੰਜਾਬ ਸਰਕਾਰ ਖਿਲਾਫ ਰੈਲੀ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਧਰਮ ਨਿਰਪੱਖਤਾ ਨੂੰ ਭਾਰਤ ਦੀ ਬੁਨਿਆਦ ਕਰਾਰ ਦਿੱਤਾ, ਜਿਸ ਉੱਤੇ ਪੂਰਾ ਦੇਸ਼ ਖੜ੍ਹਾ ਹੈ।

 

 


author

rajwinder kaur

Content Editor

Related News