ਬਠਿੰਡਾ ''ਚ ਜਵਾਨ ਕੁੜੀ-ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
Sunday, Sep 20, 2026 - 07:19 PM (IST)
ਬਠਿੰਡਾ (ਵਿਜੈ ਵਰਮਾ): ਸਥਾਨਕ ਬੱਸ ਸਟੈਂਡ ਦੇ ਪਿੱਛੇ ਐਤਵਾਰ ਦੁਪਹਿਰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਨੌਜਵਾਨ ਅਤੇ ਮੁਟਿਆਰ ਸ਼ੱਕੀ ਹਾਲਾਤ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਏ ਮਿਲੇ। ਦੋਵਾਂ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਟੀਮ ਮੌਕੇ ’ਤੇ ਪਹੁੰਚੀ ਅਤੇ ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਦੀ ਐਮਰਜੈਂਸੀ ਵਿਚ ਦਾਖਲ ਕਰਵਾਇਆ। ਉੱਥੇ ਡਿਊਟੀ ’ਤੇ ਤਾਇਨਾਤ ਡਾਕਟਰ ਨੇ ਮੁਟਿਆਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਨੌਜਵਾਨ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਕਰੀਬ ਸਾਢੇ 12 ਵਜੇ ਬੱਸ ਸਟੈਂਡ ਦੀ ਬੈਕ ਸਾਈਡ ’ਤੇ ਲੋਕਾਂ ਨੇ ਇਕ ਨੌਜਵਾਨ ਅਤੇ ਮੁਟਿਆਰ ਨੂੰ ਸੜਕ ਕਿਨਾਰੇ ਬੇਹੋਸ਼ੀ ਦੀ ਹਾਲਤ ਵਿਚ ਦੇਖਿਆ। ਦੋਵਾਂ ਦੇ ਨੇੜੇ ਜ਼ਹਿਰੀਲਾ ਪਦਾਰਥ ਪਿਆ ਹੋਣ ਦੀ ਗੱਲ ਸਾਹਮਣੇ ਆਉਣ ’ਤੇ ਸਹਾਰਾ ਜਨ ਸੇਵਾ ਸੰਸਥਾ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਸਹਾਰਾ ਟੀਮ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੀ ਅਤੇ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਮੁਟਿਆਰ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਮੁਟਿਆਰ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ, ਜਦਕਿ ਨੌਜਵਾਨ ਦੀ ਪਛਾਣ ਪਿੰਡ ਕੋਟਫੱਤਾ ਵਾਸੀ 20 ਸਾਲਾ ਕ੍ਰਿਸ਼ਨ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਬੱਸ ਸਟੈਂਡ ਪੁਲਸ ਚੌਕੀ ਅਤੇ ਥਾਣਾ ਕੋਤਵਾਲੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਮੁਟਿਆਰ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਪੁਲਸ ਨੂੰ ਮੁਟਿਆਰ ਕੋਲੋਂ ਇਕ ਮੋਬਾਈਲ ਫੋਨ ਵੀ ਮਿਲਿਆ ਹੈ, ਜਿਸ ’ਤੇ ਪੈਟਰਨ ਲਾਕ ਲੱਗਾ ਹੋਇਆ ਹੈ। ਪੁਲਸ ਮੋਬਾਈਲ ਨੂੰ ਖੋਲ੍ਹ ਕੇ ਉਸ ਦੀ ਪਛਾਣ ਅਤੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਢਲੀ ਜਾਂਚ ਦੌਰਾਨ ਦੋਵਾਂ ਵਿਚਕਾਰ ਪ੍ਰੇਮ ਸਬੰਧ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਪਰ ਉਨ੍ਹਾਂ ਨੇ ਜ਼ਹਿਰੀਲਾ ਪਦਾਰਥ ਕਿਉਂ ਨਿਗਲਿਆ, ਇਸ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੁਲਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਜਾਂਚ ਤੋਂ ਬਾਅਦ ਹੀ ਘਟਨਾ ਦੀ ਪੂਰੀ ਤਸਵੀਰ ਸਪੱਸ਼ਟ ਹੋਵੇਗੀ।
ਉਧਰ, ਨੌਜਵਾਨ ਕ੍ਰਿਸ਼ਨ ਸਿੰਘ ਦੇ ਮਾਤਾ-ਪਿਤਾ ਵੀ ਹਸਪਤਾਲ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਅਜੇ ਤੱਕ ਪੁਲਸ ਨੂੰ ਕੋਈ ਬਿਆਨ ਦਰਜ ਨਹੀਂ ਕਰਵਾਇਆ। ਨੌਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਹ ਫਿਲਹਾਲ ਬਿਆਨ ਦੇਣ ਦੀ ਸਥਿਤੀ ਵਿਚ ਨਹੀਂ ਹੈ। ਪਰਿਵਾਰਕ ਮੈਂਬਰ ਉਸ ਨੂੰ ਬਿਹਤਰ ਇਲਾਜ ਲਈ ਏਮਜ਼ ਬਠਿੰਡਾ ਲੈ ਗਏ ਹਨ।
ਥਾਣਾ ਕੋਤਵਾਲੀ ਦੇ ਇੰਚਾਰਜ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮੁਟਿਆਰ ਦੀ ਪਛਾਣ ਅਜੇ ਨਹੀਂ ਹੋ ਸਕੀ। ਉਸ ਦਾ ਮੋਬਾਈਲ ਫੋਨ ਬਰਾਮਦ ਹੋਇਆ ਹੈ, ਜਿਸ ’ਤੇ ਪੈਟਰਨ ਲਾਕ ਲੱਗਾ ਹੋਇਆ ਹੈ। ਪੁਲਸ ਮੋਬਾਈਲ ਰਾਹੀਂ ਮੁਟਿਆਰ ਦੀ ਪਛਾਣ ਕਰਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਣ ਦੇ ਯਤਨ ਕਰ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਜ਼ਹਿਰੀਲਾ ਪਦਾਰਥ ਨਿਗਲਣ ਦੇ ਅਸਲ ਕਾਰਨ ਸਾਹਮਣੇ ਆ ਸਕਣਗੇ।
