ਫਿਰੋਜ਼ਪੁਰ 'ਚ ਬੇਅਦਬੀ ਦੀ ਘਟਨਾ, ਖੇਤਾਂ 'ਚ ਗੰਦਗੀ ਭਰੀ ਥਾਂ ਤੋਂ ਮਿਲਿਆ ਗੁਟਕਾ ਸਾਹਿਬ

11/11/2022 6:12:24 PM

ਫਿਰੋਜ਼ਪੁਰ (ਸੰਨੀ) : ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਗੁਟਕਾ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਮੰਦਭਾਗਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਮਹਾਲਮ ਤੋਂ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਭਾਈ ਲਖਵੀਰ ਸਿੰਘ ਮਹਾਲਮ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਪਤਾ ਲੱਗਾ ਕਿ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਖਾਲੀ ਥਾਂ 'ਤੇ ਗੁਟਕਾ ਸਾਹਿਬ ਪਿਆ ਹੋਇਆ ਹੈ। ਜਿਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਇੱਕ ਗੰਦਗੀ ਭਰੀ ਥਾਂ 'ਤੇ ਗੁਟਕਾ ਸਾਹਿਬ ਲਪੇਟ ਕੇ ਰੱਖਿਆ ਹੋਇਆ ਸੀ।

ਇਹ ਵੀ ਪੜ੍ਹੋ- ਅੱਧੀ ਰਾਤ ਨੂੰ ਸੜਕ ’ਤੇ ਤੜਫ ਰਹੇ ਵਿਅਕਤੀ ਲਈ ਫਰਿਸ਼ਤਾ ਬਣ ਕੇ ਆਇਆ ਏ. ਸੀ. ਪੀ., ਇੰਝ ਦਿੱਤਾ ਦੂਜਾ ਜਨਮ

ਗੁਟਕਾ ਸਾਹਿਬ ਨੂੰ ਅਜਿਹੀ ਸਥਿਤੀ 'ਚ ਦੇਖ ਕੇ ਉਨ੍ਹਾਂ ਨੇ ਮਰਿਆਦਾ ਅਨੁਸਾਰ ਗੁਟਕਾ ਸਾਹਿਬ ਨੂੰ ਚੁੱਕ ਕੇ ਪਿੰਡ ਦੇ ਗੁਰਦੁਆਰਾ ਸਾਹਿਬ ਲਿਆਂਦਾ ਅਤੇ ਇਸ ਮਾਮਲੇ ਦੀ ਸੂਚਨਾ ਸਥਾਨਕ ਪੁਲਸ ਥਾਣੇ ਦਿੱਤੀ। ਉਧਰ ਦੂਸਰੇ ਪਾਸੇ ਮੌਕੇ 'ਤੇ ਪਹੁੰਚੇ ਐੱਸ. ਪੀ. ਡੀ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਪਿੰਡ ਵਾਸੀਆਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੀ. ਸੀ. ਟੀ. ਵੀ. ਕੈਮਰੇ ਵੀ ਖੰਗਾਲੇ ਜਾ ਰਹੇ ਹਨ ਤਾਂ ਜੋ ਬੇਅਦਬੀ ਕਰਨ ਵਾਲੇ ਬਾਰੇ ਪਤਾ ਲੱਗ ਸਕੇ ਅਤੇ ਉਸ ਨੂੰ ਸਜ਼ਾ ਦਿੱਤੀ ਜਾ ਸਕੇ। ਇਸ ਘਟਨਾ ਨੂੰ ਲੈ ਕੇ ਇਲਾਕੇ ਭਰ 'ਚ ਰੋਸ ਪਾਇਆ ਜਾ ਰਿਹਾ ਹੈ ਅਤੇ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿਖੇ ਇਕੁੱਠੇ ਹੋ ਗਏ ਹਨ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News