ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਦੂਜੇ ਦਿਨ ''ਚ ਦਾਖਲ, ਦੋ ਕਿਲੋ ਭਾਰ ਘਟਿਆ

07/17/2018 7:23:19 PM

ਪਟਿਆਲਾ (ਬਲਜਿੰਦਰ) : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿਚ ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਦੂਜੇ ਦਿਨ ਵਿਚ ਦਾਖਲ ਹੋ ਗਈ ਹੈ। ਮੰਗਲਵਾਰ ਸਵੇਰੇ ਅਤੇ ਸ਼ਾਮ ਮਾਤਾ ਕੌਸ਼ਲਿਆ ਹਸਪਤਾਲ ਦੇ ਮੈਡੀਕਲ ਅਫਸਰਾਂ ਵਲੋਂ ਰਾਜੋਆਣਾ ਦੀ ਸਿਹਤ ਦੀ ਜਾਂਚ ਕੀਤੀ ਗਈ। ਸ਼ਾਮ ਤੱਕ ਉਨ੍ਹਾਂ ਦਾ 2 ਕਿਲੋ ਵਜ਼ਨ ਘਟ ਚੁੱਕਾ ਸੀ। ਦੂਜੇ ਪਾਸੇ ਭਲਕੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮੈਂਟ ਮੈਂਬਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਵਫਦ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲੇਗਾ। ਜੇਕਰ ਰਾਜੋਆਣਾ ਦੀ ਫਾਂਸੀ ਦੀ ਅਪੀਲ ਸੰਬੰਧੀ ਕੋਈ ਫੈਸਲਾ ਹੋ ਜਾਂਦਾ ਹੈ ਤਾਂ ਰਾਜੋਆਣਾ ਵਲੋਂ ਭੁੱਖ ਹੜਤਾਲ ਖਤਮ ਕਰ ਦਿੱਤੀ ਜਾਵੇਗੀ ਨਹੀਂ ਤਾਂ ਉਨ੍ਹਾਂ ਵਲੋਂ ਭੁੱਖ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। 
ਜਿਥੇ ਕਲ ਰਾਜੋਆਣਾ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਇਕ ਵਫਦ ਵੀ ਮਿਲਿਆ ਸੀ ਪਰ ਉਨ੍ਹਾਂ ਦੀ ਭੁੱਖ ਹੜਤਾਲ ਦੀ ਅਪੀਲ ਨੂੰ ਖਾਰਜ ਕਰ ਦਿੱਤਾ। ਇਸ ਤੋਂ ਪਹਿਲਾਂ ਵੀ ਅਕਾਲੀ ਦਲ ਦੇ ਐੱਮ. ਪੀ. ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕਰ ਚੁੱਕੇ ਹਨ ਪਰ ਰਾਜੋਆਣਾ ਅਜੇ ਆਪਣੀ ਗੱਲ 'ਤੇ ਅੜੇ ਹੋਏ ਹਨ।