ਠੇਕੇ ’ਤੇ ਲਈ ਜ਼ਮੀਨ ਵਾਹੁਣ ਦੀ ਕੋਸ਼ਿਸ਼ ਕਰਨ ਤੋਂ ਰੋਕਣ ’ਤੇ ਵਿਅਕਤੀ ਨੂੰ ਮਾਰੀਆਂ ਸੱਟਾਂ
Wednesday, Dec 25, 2024 - 03:11 PM (IST)

ਗੁਰੂਹਰਸਹਾਏ (ਸਿਕਰੀ) : ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਕਾਹਨ ਸਿੰਘ ਵਾਲਾ ਵਿਖੇ ਠੇਕੇ 'ਤੇ ਲਈ ਜ਼ਮੀਨ ਨੂੰ ਵਾਹੁਣ ਦੀ ਕੋਸ਼ਿਸ਼ ਕਰਨ ਤੋਂ ਰੋਕਣ ’ਤੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਸ ਨੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੁਰਿੰਦਰ ਸਿੰਘ ਪੁੱਤਰ ਸਵ. ਮੰਦਰ ਸਿੰਘ ਵਾਸੀ ਪਿੰਡ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ਮਿਤੀ 14 ਦਸੰਬਰ 2024 ਨੂੰ ਦੋਸ਼ੀਅਨ ਜਸਵੰਤ ਸਿੰਘ, ਦਰਸ਼ਨ ਸਿੰਘ ਪੁੱਤਰਾਨ ਬਲਦੇਵ ਸਿੰਘ, ਅਰਮਨਜੋਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀਅਨ ਕਾਹਨ ਸਿੰਘ ਵਾਲਾ ਨੇ ਉਸ ਦੀ ਠੇਕੇ ’ਤੇ ਲਈ ਜ਼ਮੀਨ ਵਾਹੁਣ ਦੀ ਕੋਸ਼ਿਸ਼ ਕੀਤੀ।
ਜਦ ਉਸ ਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਦੋਸ਼ੀਅਨ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਵਜਾ ਰੰਜ਼ਿਸ਼ ਇਹ ਹੈ ਕਿ ਉਸ ਨੇ ਦੋਸ਼ੀ ਜਸਵੰਤ ਸਿੰਘ ਨੂੰ ਸਕਿਓਰਿਟੀ ਵਜੋਂ ਬਲਵਿੰਦਰ ਸਿੰਘ ਨੂੰ 50 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਸੀ, ਜਿਸ ਦੀ ਰਕਮ ਉਹ ਜਸਵੰਤ ਸਿੰਘ ਪਾਸੋਂ ਮੰਗਦਾ ਸੀ। ਜਿਸ ਕਰਕੇ ਦੋਸ਼ੀਅਨ ਨੇ ਉਸ ਦੀ ਰਕਮ ਵਾਪਸ ਕਰਨ ਦੀ ਬਜਾਏ ਉਸ ਦੀ ਠੇਕੇ ’ਤੇ ਲਈ ਜ਼ਮੀਨ ਵਾਹੁਣ ਦੀ ਕੋਸ਼ਿਸ਼ ਕੀਤੀ ਅਤੇ ਸੱਟਾਂ ਮਾਰੀਆਂ।
ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।