ਬਹਿਬਲ ਕਲਾਂ ਕਾਂਡ ਦੇ ਗਵਾਹ ਦੀ ਮੌਤ ਦੇ ਮਾਮਲੇ 'ਚ ਜਸਟਿਸ ਰਣਜੀਤ ਸਿੰਘ ਨੇ ਲਿਖੀ ਕੈਪਟਨ ਨੂੰ ਚਿੱਠੀ

Monday, Feb 10, 2020 - 06:54 PM (IST)

ਬਹਿਬਲ ਕਲਾਂ ਕਾਂਡ ਦੇ ਗਵਾਹ ਦੀ ਮੌਤ ਦੇ ਮਾਮਲੇ 'ਚ ਜਸਟਿਸ ਰਣਜੀਤ ਸਿੰਘ ਨੇ ਲਿਖੀ ਕੈਪਟਨ ਨੂੰ ਚਿੱਠੀ

ਚੰਡੀਗੜ੍ਹ/ਫਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਮਾਮਲੇ ਵਿਚ ਸਾਬਕਾ ਜਸਟਿਸ ਰਣਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਹੈ। ਬੇਅਦਬੀ ਮਾਮਲਿਆਂ ਦੀ ਜਾਂਚ ਕਰ ਚੁੱਕੇ ਸਾਬਕਾ ਜਸਟਿਸ ਰਣਜੀਤ ਸਿੰਘ ਨੇ ਮੁੱਖ ਮੰਤਰੀ ਲਿਖੀ ਚਾਰ ਪੰਨ੍ਹਿਆਂ ਦੀ ਚਿੱਠੀ ਵਿਚ ਕਿਹਾ ਹੈ ਕਿ ਇਨਸਾਫ ਲਈ ਦੇਰੀ 'ਚ ਅਸੀਂ ਸਾਰੇ ਜ਼ਿੰਮੇਵਾਰ ਹਾਂ। ਲਿਹਾਜ਼ਾ ਹੁਣ ਸਾਨੂੰ ਮੌਤ ਦੇ ਮੂੰਹ ਵਿਚ ਗਏ ਗਵਾਹ ਸੁਰਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ ਦੇਣਾ ਚਾਹੀਦਾ ਹੈ। 

ਜਸਟਿਸ ਰਣਜੀਤ ਸਿੰਘ ਨੇ ਮੁੱਖ ਮੰਤਰੀ ਨੂੰ ਮੰਗ ਕੀਤੀ ਕਿ ਜਿਨ੍ਹਾਂ ਖਿਲਾਫ ਸੁਰਜੀਤ ਸਿੰਘ ਵੱਲੋਂ ਸ਼ਿਕਾਇਤ ਦਰਜ ਕੀਤੀ ਗਈ ਸੀ, ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਜਿਨ੍ਹਾਂ ਨੇ ਸ਼ਿਕਾਇਤ ਲੈ ਕੇ ਅੱਗੇ ਕੋਈ ਕਾਰਵਾਈ ਨਹੀਂ ਵਧਾਈ ਉਨ੍ਹਾਂ ਖਿਲਾਫ ਵੀ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ 15 ਜਨਵਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਦੋਸ਼ ਲਗਾਇਆ ਸੀ ਕਿ ਸਿਆਸੀ ਦਬਾਅ ਦੇ ਚੱਲਦੇ ਹੀ ਉਸ ਦੇ ਪਤੀ ਦੀ ਮੌਤ ਹੋਈ ਹੈ। ਜਿਸ ਦੇ ਚੱਲਦੇ ਤਿੰਨ ਵਿਅਕਤੀਆਂ ਮਨਜਿੰਦਰ ਸਿੰਘ ਉਰਫ਼ ਬਿੱਟਾ, ਉਸ ਦੇ ਭਰਾ ਜਗਦੀਪ ਸਿੰਘ ਅਤੇ ਚਚੇਰੇ ਭਰਾ ਲਵਪ੍ਰੀਤ ਸਿੰਘ ਉਰਫ਼ ਲਵਲੀ
ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 336/506/34 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

 


author

Gurminder Singh

Content Editor

Related News