ਬਹਿਬਲ ਕਲਾਂ ਗੋਲੀਕਾਂਡ ''ਚ ਡੀ. ਜੀ. ਪੀ. ਸਮੇਤ 9 ਪੁਲਸ ਅਧਿਕਾਰੀਆਂ ਖਿਲਾਫ ਕੇਸ ਦਰਜ

Thursday, Oct 15, 2020 - 01:34 AM (IST)

ਫਰੀਦਕੋਟ,(ਜਗਦੀਸ਼)-ਸਾਲ 2015 ਵਿਚ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਪੀੜਤਾਂ ਨੂੰ ਅਜੇ ਤੱਕ ਇਨਸਾਫ ਦੀ ਆਸ ਦਿਖਾਈ ਨਹੀਂ ਦੇ ਰਹੀ । ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਉਸ ਵੇਲੇ ਦੇ ਡੀ.ਜੀ.ਪੀ. ਸੁਮੇਧ ਸੈਣੀ, ਆਈ. ਜੀ. ਉਮਰਾਨੰਗਲ, ਐੱਸ. ਐੱਸ. ਪੀ. ਚਰਨਜੀਤ ਸ਼ਰਮਾ, ਐੱਸ. ਪੀ. ਬਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਨੂ, ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਥਾਣਾ ਬਾਜਾਖਾਨਾ ਦੇ ਤਤਕਾਲੀ ਐੱਸ. ਐੱਚ. ਓ. ਅਮਰਜੀਤ ਸਿੰਘ ਕੁਲੇਰ ਅਤੇ ਸਿਟੀ ਕੋਟਕਪੂਰਾ ਦੇ ਐੱਸ. ਐੱਚ. ਓ. ਗੁਰਦੀਪ ਸਿੰਘ ਪਧੇਰ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਲਿਆ ਹੈ ਪਰ ਜਾਂਚ ਟੀਮ ਕੋਸ਼ਿਸ਼ਾਂ ਦੇ ਬਾਵਜੂਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ, ਉਮਰਾਨੰਗਲ ਅਤੇ ਬਾਕੀ ਪੁਲਸ ਅਧਿਕਾਰੀਆਂ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕਰ ਸਕੀ ।
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੂੰ ਵੀ ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਵੱਲੋਂ ਨਾਮਜ਼ਦ ਕੀਤਾ ਗਿਆ ਹੈ । ਬਹਿਬਲ ਕਲਾਂ ਗੋਲੀਕਾਂਡ ਵਿਚ 14 ਅਕਤੂਬਰ ਨੂੰ ਸਵੇਰੇ ਪੁਲਸ ਦੀ ਗੋਲੀ ਨਾਲ ਪਿੰਡ ਨਿਆਮੀਵਾਲਾ ਦੇ ਵਸਨੀਕ ਕ੍ਰਿਸ਼ਨ ਭਗਵਾਨ ਸਿੰਘ ਅਤੇ ਪਿੰਡ ਸਰਾਵਾਂ ਦੇ ਵਸਨੀਕ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ ਅਤੇ 33 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਸਨ । ਇਸ ਘਟਨਾ ਮਗਰੋਂ ਡੀ. ਜੀ. ਪੀ. ਸੁਮੇਧ ਸੈਣੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਮਾਮਲੇ ਦੀ ਜਾਂਚ ਜਸਟਿਸ ਜੋਰਾ ਸਿੰਘ ਕਮਿਸ਼ਨ ਨੂੰ ਸੌਂਪ ਦਿੱਤੀ ਗਈ । ਸੂਬੇ ਵਿਚ ਸਰਕਾਰ ਬਦਲਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਥਾਪਿਤ ਕੀਤਾ, ਜਿਨਾਂ ਨੇ ਆਪਣੀ ਰਿਪੋਰਟ ਵਚ ਬਹਿਬਲ ਗੋਲੀਕਾਂਡ ਲਈ ਪੁਲਸ ਨੂੰ ਕਸੂਰਵਾਰ ਮੰਨਿਆ ।

ਇਸੇ ਕਮਿਸ਼ਨ ਦੀਆਂ ਸਿਫਾਰਸ਼ਾਂ 'ਤੇ ਪੰਜਾਬ ਸਰਕਾਰ ਨੇ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਕਾਇਮ ਕੀਤੀ, ਜਿਸ ਵਿਚ ਆਈ. ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਅਹਿਮ ਭੂਮਿਕਾ ਨਿਭਾਅ ਰਹੇ ਹਨ । ਵਿਸ਼ੇਸ਼ ਜਾਂਚ ਟੀਮ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ 80 ਫੀਸਦੀ ਤੋਂ ਵੱਧ ਪੜਤਾਲ ਮੁਕੰਮਲ ਕਰ ਲਈ ਹੈ । ਜਾਂਚ ਟੀਮ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਿਚ ਹੁਣ ਤਕ ਦੋ- ਦੋ ਚਲਾਨ ਪੇਸ਼ ਕਰ ਚੁੱਕੀ ਹੈ । ਜਾਂਚ ਟੀਮ ਨੇ ਆਪਣੀ ਪੜਤਾਲ ਵਿਚ ਦਾਅਵਾ ਕੀਤਾ ਹੈ ਕਿ ਨਿਹੱਥੇ ਲੋਕਾਂ'ਤੇ ਗੋਲੀ ਚਲਾਉਣ ਲਈ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ , ਡੀ. ਜੀ. ਪੀ. ਸੁਮੇਧ ਸੈਣੀ ਅਤੇ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਥਿਤ ਤੌਰ 'ਤੇ ਸਾਜ਼ਿਸ਼ ਰਚੀ ਪਰ ਇਸ ਦਾਅਵੇ ਦੇ ਬਾਵਜੂਦ ਜਾਂਚ ਟੀਮ ਅਜੇ ਤਕ ਸੁਖਬੀਰ ਸਿੰਘ ਬਾਦਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਨਹੀਂ ਕਰ ਸਕੀ । ਸੂਤਰਾਂ ਅਨੁਸਾਰ ਅਗਲੇ ਦਿਨਾਂ ਵਿਚ ਜਾਂਚ ਟੀਮ ਗੁਰਮੀਤ ਰਾਮ ਰਹੀਮ ਤਕ ਪਹੁੰਚ ਸਕਦੀ ਹੈ । ਪੁਲਸ ਦੀ ਗੋਲੀ ਨਾਲ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਦੇ ਲੜਕੇ ਸੁਖਰਾਜ ਸਿੰਘ ਨੇ ਕਿਹਾ ਕਿ ਇਨਸਾਫ ਦੀ ਉਡੀਕ ਬਹੁਤ ਲੰਮੀ ਹੋ ਗਈ ਹੈ ਅਜੇ ਵੀ ਨਹੀਂ ਪਤਾ ਕਿ ਮੁਲਜ਼ਮਾਂ ਬਾਰੇ ਅਦਾਲਤ ਦਾ ਫੈਸਲਾ ਕਦੋਂ ਆਵੇਗਾ ।      
 


Deepak Kumar

Content Editor

Related News