ਬਹਿਬਲ ਕਲਾਂ ਗੋਲੀ ਕਾਂਡ ''ਚ ਸਾਬਕਾ ਇੰਸਪੈਕਟਰ ਪਰਦੀਪ ਸਿੰਘ ਨੂੰ ਹਾਈਕੋਰਟ ਤੋਂ ਰਾਹਤ
Wednesday, Feb 13, 2019 - 07:17 PM (IST)

ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸਾਬਕਾ ਇੰਸਪੈਕਟਰ ਪਰਦੀਪ ਸਿੰਘ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਪਰਦੀਪ ਸਿੰਘ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ। ਬੁੱਧਵਾਰ ਨੂੰ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਪਰਦੀਪ ਸਿੰਘ ਦੀ ਗ੍ਰਿਫ਼ਤਾਰੀ 'ਤੇ 21 ਮਈ ਤਕ ਲਈ ਰੋਕ ਲਗਾਉਣ ਦੇ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਵੀ ਇਸ ਮਾਮਲੇ 'ਤੇ ਜਵਾਬ ਤਲਬ ਕੀਤਾ ਹੈ।
ਦੱਸਣਯੋਗ ਹੈ ਕਿ ਅਕਤੂਬਰ 2015 ਨੂੰ ਬਹਿਬਲ ਕਲਾਂ ਤੇ ਕੋਟਕਪੂਰਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ ਸ਼ਾਂਤਮਈ ਰੋਸ ਪ੍ਰਗਟ ਕਰ ਰਹੇ ਸਿੱਖਾਂ 'ਤੇ ਪੁਲਸ ਨੇ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ ਸੀ, ਇਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ ਅਤੇ ਕਈ ਸਿੱਖ ਜ਼ਖ਼ਮੀ ਹੋ ਗਏ ਸਨ।
ਇਸ ਮਾਮਲੇ ਵਿਚ ਹੁਣ ਤਕ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਦੇ ਰੀਡਰ ਇੰਸਪੈਕਟਰ ਪਰਦੀਪ ਸਿੰਘ, ਫਾਜ਼ਿਲਕਾ ਦੇ ਐੱਸ. ਪੀ. ਬਿਕਰਮਜੀਤ ਸਿੰਘ ਤੇ ਥਾਣਾ ਬਾਜਾਖਾਨਾ ਦੇ ਇੰਚਾਰਜ ਸਬ ਇੰਸਪੈਕਟਰ ਅਮਰਜੀਤ ਸਿੰਘ ਕੁਲਾਰ ਵੀ ਇਸ ਮਾਮਲੇ 'ਚ ਨਾਮਜ਼ਦ ਹਨ। ਇਥੇ ਇਹ ਵੀ ਦੱਸ ਦੇਈਏ ਕਿ ਫਰੀਦਕੋਟ ਦੇ ਅਦਾਲਤ ਨੇ ਇਨ੍ਹਾਂ ਤਿੰਨਾਂ ਪੁਲਸ ਮੁਲਾਜ਼ਮਾਂ ਦੀਆਂ ਅਗਾਊਂ ਜ਼ਮਾਨਤ ਦੀਆਂ ਅਰਜ਼ੀਆਂ ਖਾਰਜ ਕਰ ਦਿੱਤੀਆਂ ਗਈਆਂ ਸਨ। ਇਸ ਦਰਮਿਆਨ ਐੱਸ. ਆਈ. ਟੀ. ਨੇ ਉਕਤ ਪੁਲਸ ਮੁਲਾਜ਼ਮਾਂ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਬਾਵਜੂਦ ਇਸ ਦੇ ਉਕਤ ਪੁਲਸ ਮੁਲਾਜ਼ਮ ਪੇਸ਼ ਨਹੀਂ ਹੋਏ। ਹੁਣ ਜਦੋਂ ਹਾਈਕੋਰਟ ਨੇ ਸਾਬਕਾ ਇੰਸਪੈਕਟਰ ਪਰਦੀਪ ਸਿੰਘ ਨੂੰ ਕੁਝ ਸਮੇਂ ਲਈ ਰਾਹਤ ਦੇ ਦਿੱਤੀ ਹੈ ਤਾਂ ਸੰਭਵ ਹੈ ਕਿ ਬਾਕੀ ਮੁਲਾਜ਼ਮ ਵੀ ਹਾਈਕੋਰਟ ਦਾ ਰੁਖ ਕਰ ਸਕਦੇ ਹਨ।