ਬਹਿਬਲਕਲਾਂ ਗੋਲੀਕਾਂਡ : ਬਾਜਾਖਾਨਾ ਦੇ ਸਾਬਕਾ SHO ਸਣੇ 4 ਜਣਿਆਂ ਨੂੰ ਅਦਾਲਤ ''ਚ ਪੇਸ਼ ਹੋਣ ਦੇ ਹੁਕਮ
Friday, Oct 30, 2020 - 10:17 AM (IST)
ਫਰੀਦਕੋਟ (ਜਗਦੀਸ਼): ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਆਪਣੇ ਇਕ ਹੁਕਮ ਵਿਚ ਬਹਿਬਲਕਲਾਂ ਗੋਲੀਕਾਂਡ 'ਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਐੱਸ.ਪੀ.ਬਿਕਰਮਜੀਤ ਸਿੰਘ ਅਤੇ ਥਾਣਾ ਬਾਜਾਖਾਨਾ ਦੇ ਸਾਬਕਾ ਐੱਸ.ਐੱਚ.ਓ. ਅਮਰਜੀਤ ਸਿੰਘ ਕੁਲਾਰ, ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ ਅਤੇ ਸੁਹੇਲ ਸਿੰਘ ਬਰਾੜ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
ਜਾਣਕਾਰੀ ਦੇ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ 9 ਅਕਤੂਬਰ ਨੂੰ ਐੱਸ.ਪੀ.ਬਿਕਰਮ ਜੀਤ ਸਿੰਘ, ਬਾਜਾਖਾਨਾ ਦੇ ਸਾਬਕਾ ਐੱਸ.ਐੱਚ.ਓ. ਅਮਰਜੀਤ ਸਿੰਘ ਕੁਲਾਰ , ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ ਅਤੇ ਸੁਹੇਲ ਸਿੰਘ ਬਰਾੜ ਦੇ ਖ਼ਿਲਾਫ਼ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਸੀ ਪਰ ਉਸ ਦਿਨ ਅਮਰਜੀਤ ਸਿੰਘ ਕੁਲਾਰ, ਪੰਕਜ ਬਾਂਸਲ, ਬਿਕਰਮਜੀਤ ਸਿੰਘ ਅਤੇ ਸੁਹੇਲ ਸਿੰਘ ਬਰਾੜ ਉਸ ਦਿਨ ਅਦਾਲਤ ਵਿਚ ਪੇਸ਼ ਨਹੀਂ ਹੋਏ ਸਨ ਜਿਸ ਦੇ ਕਾਰਣ ਅਦਾਲਤ ਨੇ ਇਨ੍ਹਾਂ ਨੂੰ ਅਦਾਲਤ ਦੇ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਫਿਰ ਵੀ ਇਨ੍ਹਾਂ ਵਲੋਂ ਅਦਾਲਤ ਦੇ ਹੁਕਮਾਂ ਦੇ ਮੁਤਾਬਕ ਅਦਾਲਤ ਵਿਚ ਪੇਸ਼ ਨਹੀਂ ਹੋਏ।ਜਿਸ 'ਤੇ ਹੁਣ ਅਦਾਲਤ ਨੇ 18 ਨਵੰਬਰ ਲਈ ਇਨ੍ਹਾਂ ਸਾਰੇ ਵਿਅਕਤੀਆਂ ਨੂੰ ਦੁਬਾਰਾ ਨੋਟਿਸ ਜਾਰੀ ਕਰਦਿਆਂ ਅਦਾਲਤ 'ਚ ਪੇਸ਼ ਹੋਣ ਲਈ ਹੁਕਮ ਦਿੱਤੇ ਹਨ।ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਵਿਚ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕਰ ਚੁੱਕੀ ਹੈ।