''ਬੇਟੀ ਬਚਾਓ, ਬੇਟੀ ਪੜ੍ਹਾਓ'' ਸਕੀਮ ਅਧੀਨ ਲੜਕੀਆਂ ਨੂੰ 2 ਲੱਖ ਰੁਪਏ ਦੇਣ ਦੀ ਕੋਈ ਸਕੀਮ ਨਹੀ

Sunday, Oct 29, 2017 - 08:01 AM (IST)

''ਬੇਟੀ ਬਚਾਓ, ਬੇਟੀ ਪੜ੍ਹਾਓ'' ਸਕੀਮ ਅਧੀਨ ਲੜਕੀਆਂ ਨੂੰ 2 ਲੱਖ ਰੁਪਏ ਦੇਣ ਦੀ ਕੋਈ ਸਕੀਮ ਨਹੀ

ਸ੍ਰੀ ਮੁਕਤਸਰ ਸਾਹਿਬ  (ਖੁਰਾਣਾ, ਦਰਦੀ) - ਕੇਂਦਰ ਤੇ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਦਾ ਮੰਤਵ ਲੜਕੇ ਤੇ ਲੜਕੀ ਦੇ ਵਿਚਲੇ ਅਨੁਪਾਤ ਨੂੰ ਘਟਾ ਕੇ ਲੜਕੀ ਨੂੰ ਲੜਕੇ ਦੇ ਬਰਾਬਰ ਹੱਕ ਦਿਵਾਉਣਾ ਹੈ ਪਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਸ ਸਕੀਮ ਦੇ ਨਾਂ 'ਤੇ ਭੋਲੇ-ਭਾਲੇ ਪੇਂਡੂ ਲੋਕਾਂ ਕੋਲੋਂ ਲੱਖਾਂ ਰੁਪਏ ਠੱਗੇ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਡਾ. ਸੁਮੀਤ ਜਾਰੰਗਲ ਆਈ. ਏ. ਐੱਸ. ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ 2 ਲੱਖ ਰੁਪਏ ਦੇਣ ਦੀ ਕੋਈ ਯੋਜਨਾ ਨਹੀਂ ਬਣੀ ਹੈ।
ਇਸ ਸਬੰਧੀ ਜ਼ਿਲਾ ਪ੍ਰੋਗਰਾਮ ਅਫ਼ਸਰ ਜਗਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲੇ 'ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ 8 ਤੋਂ ਲੈ ਕੇ 32 ਸਾਲ ਤੱਕ ਦੀਆਂ ਲੜਕੀਆਂ ਨੂੰ 2,00,000/- ਰੁਪਏ ਦਿੱਤੇ ਜਾਣ ਦਾ ਝਾਂਸਾ ਦੇ ਕੇ ਫਾਰਮ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਿਸੇ ਤਰ੍ਹਾਂ ਦੀ ਨਕਦ ਰਾਸ਼ੀ ਦੇਣ ਜਾਂ ਇਸ ਤਰ੍ਹਾਂ ਦੀ ਕੋਈ ਸਕੀਮ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਸ ਸਬੰਧੀ ਝੂਠੇ ਫਾਰਮ ਤਿਆਰ ਕਰ ਕੇ ਪਿੰਡਾਂ ਦੇ ਭੋਲੇ-ਭਾਲੇ ਲੋਕਾਂ ਕੋਲੋਂ ਪ੍ਰਤੀ ਫਾਰਮ 100/- ਤੋਂ ਲੈ ਕੇ 200/- ਰੁਪਏ ਤੱਕ ਦੀ ਰਾਸ਼ੀ ਵਸੂਲ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਪਿੰਡ ਵਿਚ ਅਜਿਹਾ ਗਲਤ ਢੰਗ ਨਾਲ ਪ੍ਰਚਾਰ ਕਰ ਕੇ ਲੋਕਾਂ ਨੂੰ ਗੁੰਮਰਾਹ ਕਰ ਕੇ ਪੈਸੇ ਠੱਗਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਇਸ ਬਾਰੇ ਜ਼ਿਲਾ ਪ੍ਰੋਗਰਾਮ ਅਫ਼ਸਰ ਜਾਂ ਪੁਲਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ।


Related News