''ਬੇਟੀ ਬਚਾਓ, ਬੇਟੀ ਪੜ੍ਹਾਓ'' ਸਕੀਮ ਦੇ ਨਾਂ ''ਤੇ ਹੋ ਰਹੀ ਧੋਖਾਧੜੀ ਬਾਰੇ ਵਿਭਾਗ ਨੇ ਲੋਕਾਂ ਨੂੰ ਕੀਤਾ ਸੁਚੇਤ

06/04/2019 12:55:38 PM

ਚੰਡੀਗੜ੍ਹ (ਭੁੱਲਰ) : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਧਿਆਨ 'ਚ ਆਇਆ ਹੈ ਕਿ ਕੁਝ ਗਲਤ ਅਨਸਰਾਂ ਅਤੇ ਗੈਰ-ਸਰਕਾਰੀ ਸੰਗਠਨਾਂ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਦੇ ਨਾਂ 'ਤੇ ਧੋਖਾਧੜੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਦਿਆਂ ਅਜਿਹੇ ਕਿਸੇ ਵੀ ਗੁੰਮਰਾਹਕੁੰਨ ਪ੍ਰਚਾਰ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਵਿਭਾਗ ਨੇ ਗਲਤ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਕਰਦਿਆਂ ਕਿਹਾ ਹੈ ਕਿ ਜੇਕਰ ਆਮ ਲੋਕਾਂ ਨੂੰ ਕੋਈ ਗਲਤ ਅਨਸਰ ਸਕੀਮ ਦਾ ਫਾਇਦਾ ਪਹੁੰਚਾਉਣ ਦੀ ਗੱਲ ਕਰਦਾ ਹੈ ਤਾਂ ਉਹ ਵਿਭਾਗ ਦੇ ਧਿਆਨ 'ਚ ਲਿਆਉਣ ਤਾਂ ਜੋ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁਝ ਗਲਤ ਅਨਸਰਾਂ ਅਤੇ ਗੈਰ-ਸਰਕਾਰੀ ਸੰਗਠਨਾਂ ਵਲੋਂ ਉਕਤ ਸਕੀਮ ਦੇ ਅਧੀਨ ਨਗਦ ਪੈਸਾ ਮਿਲਣ ਦੇ ਨਾਂ 'ਤੇ ਫਾਰਮ ਵੇਚੇ ਜਾ ਰਹੇ ਹਨ। ਵਿਭਾਗ ਵਲੋਂ ਇਸ ਸਕੀਮ ਅਧੀਨ ਕੋਈ ਵੀ ਨਗਦ ਰਾਸ਼ੀ ਨਹੀਂ ਦਿੱਤੀ ਜਾਂਦੀ। ਅਜਿਹਾ ਪ੍ਰਚਾਰ ਕਰਨ ਵਾਲਾ ਵਿਅਕਤੀ ਲੋਕਾਂ ਨਾਲ ਧੋਖਾ ਕਰ ਰਿਹਾ ਹੈ। ਵਿਭਾਗ ਵਲੋਂ ਕਿਹਾ ਗਿਆ ਹੈ ਕਿ ਅਜਿਹਾ ਪ੍ਰਚਾਰ ਕਰਨ ਵਾਲੇ ਵਿਅਕਤੀ ਖਿਲਾਫ ਪੁਲਸ ਰਿਪੋਰਟ ਕੀਤੀ ਜਾਵੇਗੀ। ਵਿਭਾਗ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਹੈ ਕਿ ਉਹ ਸਕੀਮ ਦੇ ਨਾਂ 'ਤੇ ਧੋਖਾਧੜੀ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਅਤੇ ਆਪਣੀ ਕੋਈ ਵੀ ਨਿੱਜੀ ਜਾਣਕਾਰੀ ਜਿਵੇਂ ਕਿ ਆਧਾਰ ਕਾਰਡ, ਬੈਂਕ ਖਾਤਾ, ਫੋਨ ਨੰਬਰ, ਈਮੇਲ ਆਦਿ ਸਾਂਝਾ ਨਾ ਕਰਨ।

Anuradha

This news is Content Editor Anuradha