ਬੇਰੋਜ਼ਗਾਰੀ ''ਚ ਵਾਧੇ ਲਈ ਸੂਬਾ ਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਜ਼ਿੰਮੇਵਾਰ : ਭਗਵੰਤ ਮਾਨ

07/15/2019 11:01:35 PM

ਚੰਡੀਗੜ੍ਹ,(ਰਮਨਜੀਤ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੂਬੇ 'ਚ ਬੇਕਾਬੂ ਹੋਈ ਬੇਰੋਜ਼ਗਾਰੀ ਦੀ ਸਮੱਸਿਆ ਲਈ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈ. ਅਮਰਿੰਦਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨ ਪੀੜ੍ਹੀ ਨੂੰ ਰੋਜ਼ਗਾਰ ਦੇਣ ਦੇ ਵੱਡੇ-ਵੱਡੇ ਵਾਅਦੇ ਕੀਤੇ ਪਰ ਦੋਵਾਂ ਹੀ ਆਗੂ ਸੱਤਾ ਸੰਭਾਲਣ ਉਪਰੰਤ ਆਪਣੇ ਵਾਅਦਿਆਂ ਤੋਂ ਮੁੱਕਰ ਗਏ। ਉਨ੍ਹਾਂ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਘਰ-ਘਰ ਨੌਕਰੀ ਦੇਣ ਦਾ ਲਿਖਤੀ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦੇ ਤੋਂ ਮੁੱਕਰ ਗਏ ਹਨ ਅਤੇ ਬਠਿੰਡਾ ਥਰਮਲ ਪਲਾਂਟ ਅਤੇ ਸੇਵਾ ਕੇਂਦਰ ਬੰਦ ਕਰਕੇ ਹਜ਼ਾਰਾਂ ਲੋਕਾਂ ਦਾ ਕੱਚਾ-ਪੱਕਾ ਰੋਜ਼ਗਾਰ ਵੀ ਖਾ ਗਏ। ਇਹੋ ਕੁੱਝ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਨਤਕ ਖੇਤਰ ਦੇ ਅਦਾਰਿਆਂ ਨੂੰ ਜਿੰਦੇ ਲਾ ਕੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਥੋਪਿਆ ਜਾ ਰਿਹਾ ਹੈ। ਹਰ ਸਾਲ 2 ਕਰੋੜ ਨੌਕਰੀਆਂ ਦਾ ਵਾਅਦਾ ਕਰਕੇ 2014 ਤੋਂ 2019 ਤੱਕ ਮੋਦੀ ਸਰਕਾਰ ਨੇ ਬੇਰੋਜ਼ਗਾਰੀ ਨੂੰ ਗੰਭੀਰਤਾ ਨਾਲ ਹੀ ਨਹੀਂ ਲਿਆ। ਨਤੀਜੇ ਵਜੋਂ ਦੇਸ਼ 'ਚ ਬੇਰੋਜ਼ਗਾਰੀ ਦੀ ਦਰ ਨੇ ਸਾਰੇ ਰਿਕਾਰਡ ਤੋੜ ਦਿੱਤੇ। ਸੂਬਾ ਅਤੇ ਕੇਂਦਰ ਸਰਕਾਰ ਦੀਆਂ ਅਜਿਹੀਆਂ ਨੌਜਵਾਨ ਵਿਰੋਧੀ ਨੀਤੀਆਂ ਕਾਰਨ ਮੋਗਾ ਅਤੇ ਸੰਗਰੂਰ ਜ਼ਿਲੇ ਦੇ ਨੌਜਵਾਨ ਮੁੰਡੇ-ਕੁੜੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਬੀ. ਏ., ਬੀ. ਐੱਸ. ਸੀ., ਕੰਪਿਊਟਰ ਕੋਰਸ ਅਤੇ ਐੱਮ. ਐੱਸ. ਸੀ. ਪਾਸ ਪੜ੍ਹੇ ਲਿਖੇ ਨੌਜਵਾਨ ਸੰਗਰੂਰ ਦੇ ਪਿੰਡਾਂ 'ਚ ਅਤੇ ਸੂਬਾ ਅਤੇ ਕੌਮੀ ਪੱਧਰ ਦੀਆਂ ਖਿਡਾਰਨਾਂ ਮੋਗਾ ਜ਼ਿਲੇ 'ਚ ਆਪਣੀ ਡਾਈਟ (ਖਾਣਾ) ਖ਼ਾਤਰ ਝੋਨਾ ਲਾਉਣ ਲਈ ਮਜਬੂਰ ਹਨ।
 


Related News