ਭ੍ਰਿਸ਼ਟਾਚਾਰ ਮਾਮਲੇ 'ਚ ਮਾਨ ਸਰਕਾਰ ਸਖ਼ਤ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ 15 ਮਾਮਲਿਆਂ ਦੀ ਜਾਂਚ ਸ਼ੁਰੂ

02/09/2023 8:35:31 AM

ਜਲੰਧਰ (ਧਵਨ) : ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਸਰਕਾਰ ਵਲੋਂ ਸਾਬਕਾ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਸ਼ੁਰੂ ਕੀਤੀ ਗਈ ਜਾਂਚ ਵਿਚ ਅਜੇ ਕਈ ਹੋਰ ਮਾਮਲਿਆਂ ਸਬੰਧੀ ਮਾਮਲੇ ਦਰਜ ਕੀਤੇ ਗਏ ਹਨ ਪਰ ਸਰਕਾਰ ਵਿਚ ਮੰਨਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਸਰਕਾਰ ਨੇ ਵਿਜੀਲੈਂਸ ਬਿਊਰੋ ਨੂੰ ਸਾਬਕਾ ਮੰਤਰੀਆਂ ਅਤੇ ਕੁਝ ਅਧਿਕਾਰੀਆਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲਿਆਂ ਸਬੰਧੀ 10 ਤੋਂ 15 ਹੋਰ ਮਾਮਲਿਆਂ ਦੀ ਪੜਤਾਲ ਕਰਨ ਦੇ ਹੁਕਮ ਦਿੱਤੇ ਹੋਏ ਹਨ।

ਇਹ ਵੀ ਪੜ੍ਹੋ: ਭਾਰਤ-ਪਾਕਿ ਦੇ ਬਿਹਤਰ ਸਬੰਧਾਂ ਨੂੰ ਲੈ ਕੇ ਇਮਰਾਨ ਖ਼ਾਨ ਨੇ PM ਮੋਦੀ ਅੱਗੇ ਰੱਖੀ 'ਬੇਤੁਕਾ' ਸ਼ਰਤ

ਸਰਕਾਰੀ ਹਲਕਿਆਂ ਦਾ ਮੰਨਣਾ ਹੈ ਕਿ ਜਿੱਥੇ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਡਾ. ਸਾਧੂ ਸਿੰਘ ਧਰਮਸੌਤ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਵਾਂ ਕੇਸ ਦਰਜ ਕੀਤਾ ਹੈ, ਉੱਥੇ ਹੀ ਵਿਜੀਲੈਂਸ ਬਿਊਰੋ ਵੱਲੋਂ 10 ਤੋਂ 15 ਹੋਰ ਮਾਮਲਿਆਂ ਦੀ ਪੜਤਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਸਾਰੇ ਮਾਮਲਿਆਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਊਰੋ ਨੂੰ ਯੋਗਤਾ ਦੇ ਆਧਾਰ ’ਤੇ ਕੰਮ ਕਰਨ ਲਈ ਕਿਹਾ ਹੈ। ਭਗਵੰਤ ਮਾਨ ਸਰਕਾਰ ਹੁਣ ਤਕ ਸਾਬਕਾ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਸੁੰਦਰ ਸ਼ਿਆਮ ਅਰੋੜਾ ਸਮੇਤ ਕਈਆਂ ਖ਼ਿਲਾਫ਼ ਕੇਸ ਦਰਜ ਕਰ ਚੁੱਕੀ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਹੋ ਚੁੱਕੀ ਹੈ ਪਰ ਸਾਧੂ ਸਿੰਘ ਧਰਮਸੌਤ ਦੀ 2 ਮਾਮਲਿਆਂ ਵਿਚ ਗ੍ਰਿਫ਼ਤਾਰੀ ਹੋਈ ਹੈ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ, ਚੰਗੇ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਕੈਨੇਡਾ ਗਈ 20 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਧਰਮਸੌਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਈ ਹੋਰ ਸਾਬਕਾ ਮੰਤਰੀ ਵੀ ਸਹਿਮ ਗਏ ਹਨ, ਜਿਨ੍ਹਾਂ ਦੀ ਪੜਤਾਲ ਦਾ ਕੰਮ ਵਿਜੀਲੈਂਸ ਬਿਊਰੋ ਵੱਲੋਂ ਕੀਤਾ ਜਾ ਰਿਹਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕੁਝ ਸਾਬਕਾ ਅਕਾਲੀ ਮੰਤਰੀਆਂ ਖਿਲਾਫ ਵੀ ਪੜਤਾਲ ਦਾ ਕੰਮ ਚੱਲ ਰਿਹਾ ਹੈ। ਭਗਵੰਤ ਮਾਨ ਸਰਕਾਰ ਅਸਲ ਵਿਚ ਸਾਰੇ ਕੇਸ ਇਕੱਠੇ ਖੋਲ੍ਹਣ ਦੇ ਹੱਕ ਵਿਚ ਨਹੀਂ ਹੈ। ਉਹ ਇਕ-ਇਕ ਮਾਮਲੇ ਦੀ ਜਾਂਚ ਤੇ ਵੈਰੀਫਿਕੇਸ਼ਨ ਦਾ ਕੰਮ ਪੂਰਾ ਹੋਣ ਤੋਂ ਬਾਅਦ ਹੀ ਅੱਗੇ ਵਧ ਰਹੀ ਹੈ। ਉਂਝ ਵੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲਿਆਂ ਵਿਚ ਵੈਰੀਫਿਕੇਸ਼ਨ ਦੇ ਕੰਮ ਵਿਚ ਲੰਮਾ ਸਮਾਂ ਲੱਗ ਜਾਂਦਾ ਹੈ ਅਤੇ ਵਿਜੀਲੈਂਸ ਬਿਊਰੋ ਨੂੰ ਵੀ ਵੱਖ-ਵੱਖ ਜਾਣੂ ਤੇ ਅਣਜਾਣ ਸਰੋਤਾਂ ਤੋਂ ਜਾਣਕਾਰੀ ਇਕੱਠੀ ਕਰਨੀ ਪੈਂਦੀ ਹੈ। ਇਸ ਲਈ ਹੋਰ ਮਾਮਲਿਆਂ ਵਿਚ ਪੜਤਾਲ ਦਾ ਕੰਮ ਪੂਰਾ ਹੋਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲਿਆਂ ਨੂੰ ਲੈ ਕੇ ਕੁਝ ਅਫ਼ਸਰਾਂ ਖ਼ਿਲਾਫ਼ ਵੀ ਪੜਤਾਲ ਦਾ ਕੰਮ ਚੱਲ ਰਿਹਾ ਹੈ। ਇੰਨਾ ਜ਼ਰੂਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮਜ਼ਬੂਤ ਹੱਥਾਂ ਨਾਲ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਸਾਬਕਾ ਮੰਤਰੀਆਂ ’ਤੇ ਹੱਥ ਪਾਇਆ ਹੈ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News